ਸ੍ਰੀ ਅਨੰਦਪੁਰ ਸਾਹਿਬ ਦੀ ਘਟਨਾ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ

Wednesday, Mar 08, 2023 - 05:20 PM (IST)

ਸ੍ਰੀ ਅਨੰਦਪੁਰ ਸਾਹਿਬ ਦੀ ਘਟਨਾ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ

ਸ੍ਰੀ ਅਨੰਦਪੁਰ ਸਾਹਿਬ/ਗੁਰਦਾਸਪੁਰ- ਸ੍ਰੀ ਅਨੰਦਪੁਰ ਸਾਹਿਬ/ਗੁਰਦਾਸਪੁਰ- ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਨਿਹੰਗ ਬਾਨੇ 'ਚ ਪਹੁੰਚੇ ਪ੍ਰਦੀਪ ਸਿੰਘ ਦੇ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਘਟਨਾ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਅਨੰਦਪੁਰ ਸਾਹਿਬ ਵਿਖੇ ਹੋਈ ਮੰਦਭਾਗੀ ਘਟਨਾ ਬੇਹੱਦ ਦੁਖ਼ਦਾਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਗੱਲ ਹੋਈ ਹੈ। ਦੋਸ਼ੀ ਕਿਸੇ ਵੀ ਕੀਮਤ 'ਤੇ ਬਖ਼ਸ਼ੇ ਨਹੀਂ ਜਾਣਗੇ।

ਉਨ੍ਹਾਂ ਕਿਹਾ ਕਿ ਪਵਿੱਤਰ ਮੇਲਿਆਂ ਅਤੇ ਲੜਾਈ-ਝਗੜੇ, ਕਤਲੋ-ਗਾਰਤ ਅਤੇ ਗੁੰਡਾਗਰਦੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਣ ਲਈ ਗੁਰੂ ਸਾਹਿਬ ਤੋਂ ਸੇਧ ਲੈ ਕੇ ਸਹਿਜ, ਮਿੱਠਤ, ਨਿਮਰਤਾ ਵਾਲੀ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਹੈ। ਉਥੇ ਹੀ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪਰਿਵਾਰ ਕਾਤਲਾਂ ਦੀ ਗ੍ਰਿਫ਼ਤਾਰੀ 'ਤੇ ਅੜਿਆ ਹੋਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ, ਉਦੋਂ ਤੱਕ ਪ੍ਰਦੀਪ ਦਾ ਸਸਕਾਰ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਖ਼ਾਲਸਾਈ ਰੰਗ 'ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਦੂਜੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ’ਚ ਟੇਕਿਆ ਮੱਥਾ

PunjabKesari

ਜ਼ਿਕਰਯੋਗ ਹੈ ਕਿ ਖ਼ਾਲਸਾ ਪੰਥ ਦੀ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਤਿਉਹਾਰ ਹੋਲਾ-ਮਹੱਲਾ ਦੌਰਾਨ ਸੋਮਵਾਰ ਦੀ ਰਾਤ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕੈਨੇਡਾ ਦੇ ਪੱਕੇ ਵਾਸੀ ਸਿੱਖ ਨੌਜਵਾਨ ਪ੍ਰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦਾ ਇਕ ਨੂਰਪੁਰਬੇਦੀ ਦੇ ਨੌਜਵਾਨ ਵੱਲੋਂ ਪਿੰਡ-ਬਢਲ ਲਾਗੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਸ ਵੱਲੋਂ ਕਿਸੇ ਗੈਂਗਵਾਰ ਦੀ ਹੋਰ ਸੰਭਾਵੀ ਵਾਰਦਾਤ ਨੂੰ ਭਾਂਪਦਿਆਂ ਸਮੁੱਚਾ ਹੋਲਾ-ਮਹੱਲਾ ਖੇਤਰ ਪੁਲਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ।

ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਪ੍ਰਦੀਪ ਸਿੰਘ ਬਿਨਾਂ ਸਾਇਲੈਂਸਰਾਂ ਤੋਂ ਘੁੰਮ ਰਹੇ ਮੋਟਰਸਾਈਕਲਾਂ ਅਤੇ ਵੱਡੇ-ਵੱਡੇ ਸਪੀਕਰ ਲਗਾ ਕੇ ਰੇਸਾਂ ਲਗਾ ਰਹੇ ਟ੍ਰੈਕਟਰਾਂ ਵਾਲਿਆਂ ਨੂੰ ਅਜਿਹੀ ਹੁੱਲੜਬਾਜ਼ੀ ਕਰਨ ਤੋਂ ਰੋਕ ਰਹੇ ਸਨ। ਇਸ ਦੌਰਾਨ ਕੁਝ ਨੌਜਵਾਨਾਂ ਦੀ ਪ੍ਰਦੀਪ ਸਿੰਘ ਨਾਲ ਬਹਿਸ ਹੋ ਗਈ ਅਤੇ ਲੜਾਈ ਝਗੜਾ ਸ਼ੁਰੂ ਹੋ ਗਿਆ, ਜਿਸ ਵਿਚ ਪ੍ਰਦੀਪ ਸਿੰਘ ਦੀ ਕੋਈ ਨੁਕੀਲੀ ਚੀਜ਼ ਵੱਜਣ ਨਾਲ ਮੌਤ ਹੋ ਗਈ। ਮ੍ਰਿਤਕ ਪ੍ਰਦੀਪ ਸਿੰਘ ਕੈਨੇਡਾ ਦਾ ਪੱਕਾ ਵਾਸੀ ਸੀ ਅਤੇ ਹੋਲਾ-ਮਹੱਲਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਆਇਆ ਹੋਇਆ ਸੀ। ਪ੍ਰਦੀਪ ਸਿੰਘ ਦਾ ਕਤਲ ਕਰਨ ਵਾਲੇ ਕਥਿਤ ਦੋਸ਼ੀ ਦੀ ਪਛਾਣ ਨਿਰੰਜਣ ਸਿੰਘ (ਨੂਰਪੁਰ ਬੇਦੀ) ਵਜੋਂ ਹੋ ਗਈ ਹੈ ਅਤੇ ਕਥਿਤ ਦੋਸ਼ੀ ਦੀ ਜੀਪ ਪੁਲਸ ਨੇ ਬਰਾਮਦ ਕਰ ਲਈ ਹੈ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨ ਦੇ ਹੋਏ ਕਤਲ ਮਗਰੋਂ ਸ਼ਹਿਰ ਪੁਲਸ ਛਾਉਣੀ 'ਚ ਤਬਦੀਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News