ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 18 ਮਈ ਤੱਕ ਵਧੀ
Thursday, May 05, 2022 - 11:00 AM (IST)
ਮੋਹਾਲੀ (ਪਰਦੀਪ) : ਮੋਹਾਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਡਰੱਗਜ਼ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 18 ਮਈ ਤੱਕ ਵਧਾ ਦਿੱਤੀ ਹੈ। ਪਟਿਆਲਾ ਜੇਲ੍ਹ ਵਿਚ ਬੰਦ ਮਜੀਠੀਆ ਬੁੱਧਵਾਰ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਸੈਸ਼ਨ ਜੱਜ ਅਵਤਾਰ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ।
ਪਿਛਲੇ ਮਹੀਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਪੰਜਾਬ ਪੁਲਸ ਵੱਲੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸ ਐਕਟ-1985 ਦੇ ਤਹਿਤ ਉਨ੍ਹਾਂ ਦੇ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸੁਣਵਾਈ ਦੀ ਅਗਲੀ ਤਾਰੀਖ਼ 10 ਮਈ ਤੈਅ ਕੀਤੀ ਗਈ ਹੈ।
ਪੰਜਾਬ ਵਿਚ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਦਾਲਤ ਵਿਚ ਆਤਮ-ਸਮਰਪਣ ਕਰਨ ਤੋਂ ਬਾਅਦ 24 ਫਰਵਰੀ ਨੂੰ ਮਜੀਠੀਆ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਪਹਿਲਾਂ ਪੰਜਾਬ ਪੁਲਸ ਨੂੰ ਇਸ ਮਾਮਲੇ ਵਿਚ 23 ਫਰਵਰੀ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਹੁਕਮ ਦਿੱਤਾ ਸੀ, ਤਾਂ ਜੋ ਉਹ ਸੂਬੇ ਵਿਚ ਚੋਣ ਪ੍ਰਚਾਰ ਕਰ ਸਕੇ।