ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

Thursday, Dec 23, 2021 - 05:55 PM (IST)

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਮੁਹਾਲੀ : ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੁਹਾਲੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਵਿਚ ਆਖਿਆ ਗਿਆ ਹੈ ਕਿ ਪੁਲਸ ਕੋਲ ਮਜੀਠੀਆ ਖ਼ਿਲਾਫ਼ ਕੋਈ ਸਬੂਤ ਨਹੀਂ ਹੈ ਅਤੇ ਇਹ ਮਾਮਲਾ ਗ਼ਲਤ ਢੰਗ ਨਾਲ ਦਰਜ ਕੀਤਾ ਗਿਆ ਹੈ। ਚੋਣਾਂ ਨੇੜੇ ਹੋਣ ਕਰਕੇ ਮਜੀਠੀਆ ਨੂੰ ਫਸਾਉਣ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੁਪਹਿਰ ਸਮੇਂ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿਚ ਜ਼ਬਰਦਸਤ ਬਹਿਸ ਹੋਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਅਦਾਲਤ ਧਮਾਕਾ : ਫਿਦਾਈਨ ਹਮਲੇ ਦਾ ਖ਼ਦਸ਼ਾ, ਬਾਥਰੂਮ ’ਚ ਮਿਲੀ ਬੁਰੀ ਤਰ੍ਹਾਂ ਨੁਕਸਾਨੀ ਲਾਸ਼

ਮਜੀਠੀਆ ਖ਼ਿਲਾਫ਼ ਬੀਤੇ ਦਿਨੀਂ ਇੱਥੋਂ ਦੇ ਫੇਜ-4 ਸਥਿਤ ਪੰਜਾਬ ਪੁਲਸ ਦੇ ਸਟੇਟ ਕਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਹਨ। ਪੰਜਾਬ ਸਰਕਾਰ ਅਤੇ ਪੁਲਸ ਨੂੰ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ। ਇਸ ਸਬੰਧੀ ਪੰਜਾਬ ਪੁਲਸ ਨੇ ਅਕਾਲੀ ਆਗੂ ਦੇ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਹੈ। ਪੁਲਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਦੀ ਵੱਡੀ ਸਖ਼ਤੀ, ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ

ਲੁੱਕ ਆਊਟ ਨੋਟਿਸ ਵੀ ਹੋਇਆ ਜਾਰੀ
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਤਾਂ ਜੋ ਜੇਕਰ ਬਿਕਰਮ ਮਜੀਠੀਆ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਦੀ ਐੱਸ. ਆਈ. ਟੀ. ਦੀ ਟੀਮ ਨੇ 16 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਮਜੀਠੀਆ ਦੇ ਕਰੀਬੀਆਂ ਦੀ ਸੂਚੀ ਵੀ ਤਿਆਰ ਕੀਤੀ ਤਾਂ ਕਿ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਪੈਸ਼ਲ ਟਾਸਕ ਫੋਰਸ ਰਿਪੋਰਟ ਵਿਚ ਦਰਜ ਆਗੂਆਂ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News