ਕੇਜਰੀਵਾਲ ਵਲੋਂ ਮੁਆਫੀ ਮੰਗੇ ਜਾਣ ''ਤੇ ਸਿੱਧੂ ਦੀਆਂ ਖਰੀਆਂ-ਖਰੀਆਂ

03/16/2018 6:55:59 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਮਜੀਠੀਆ ਕੋਲੋਂ ਮੰਗੀ ਗਈ ਮੁਆਫੀ 'ਤੇ ਨਵਜੋਤ ਸਿੱਧੂ ਨੇ ਵੱਡਾ ਸ਼ਬਦੀ ਹਮਲਾ ਬੋਲਿਆ ਹੈ। ਸਿੱਧੂ ਨੇ ਕੇਜਰੀਵਾਲ ਦੀ ਮੁਆਫੀ ਨੂੰ ਬੁਜ਼ਦਿਲੀ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਪੰਜਾਬ ਦੀ ਜਨਤਾ ਸਹਿਮਤ ਨਹੀਂ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਦਲ ਦੇ ਰੂਪ ਵਿਚ ਦੇਖਦੇ ਸਨ ਪਰ ਉਹੀ ਲੋਕ ਇਹ ਮੰਨ ਰਹੇ ਹਨ ਕਿ ਕੇਜਰੀਵਾਲ ਨੇ ਆਪਣੇ ਨਿੱਜੀ ਸਵਾਰਥ ਲਈ ਜਨਤਾ ਨਾਲ ਵਿਸ਼ਵਾਸਘਾਤ ਕੀਤਾ ਹੈ।
ਸਿੱਧੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਤਰੀਕਾਂ ਨਾ ਭੁਗਤ ਸਕਣ ਕਰਕੇ ਕੇਜਰੀਵਾਲ ਵਲੋਂ ਮੁਆਫੀ ਮੰਗਣਾ ਪੰਜਾਬ ਦੀ ਜਨਤਾ ਨਾਲ ਵੱਡਾ ਵਿਸ਼ਵਾਸਘਾਤ ਹੈ। ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵਰਗਾ ਡਰਪੋਕ ਆਦਮੀ ਰੋਜ਼ ਮਰਦਾ ਹੈ ਜਦਕਿ ਬਹਾਦਰ ਸਿਰਫ ਇਕੋ ਵਾਰ ਮਰਦਾ ਹੈ ਅਤੇ ਕੇਜਰੀਵਾਲ ਇਕ ਹਾਰਿਆ ਹੋਇਆ ਆਦਮੀ ਹੈ ਜਿਸ ਨੇ ਪੰਜਾਬ ਵਿਚ ਪਾਰਟੀ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।