ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ

Tuesday, Feb 03, 2026 - 07:11 AM (IST)

ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ

ਜਲੰਧਰ (ਵੈਬ ਡੈਸਕ)- ਸੁਪਰੀਮ ਕੋਰਟ ਦੇ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਦੇ ਦਿੱਤੀ ਗਈ ਹੈ। ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪਿਛਲੇ ਲਗਭਗ 222 ਦਿਨਾਂ ਤੋਂ ਜੇਲ ਵਿੱਚ ਬੰਦ ਹਨ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਮਜੀਠੀਆ ਭਲਕੇ, ਯਾਨੀ 3 ਫਰਵਰੀ 2026 ਨੂੰ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਰਿਹਾਅ ਹੋਣਗੇ।

ਇਸ ਸਬੰਧੀ ਜਾਣਕਾਰੀ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਗਨੀਵ ਕੌਰ ਮਜੀਠੀਆ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਭਲਕੇ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ ਹੈ। ਗਨੀਵ ਕੌਰ ਮਜੀਠੀਆ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਗੁਰੂ ਸਾਹਿਬ ਦੀ ਰਹਿਮਤ ਅਤੇ ਬਖ਼ਸ਼ਿਸ਼ ਸਦਕਾ ਅੱਜ ਸੱਚ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਮੌਕੇ ਸਮੂਹ ਭੈਣਾਂ-ਭਰਾਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਲੀਡਰ ਸਾਹਿਬਾਨਾਂ ਦਾ ਤਹਿ ਦਿਲੋਂ ਪੰਨਵਾਦ ਕੀਤਾ ਹੈ। ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ।

PunjabKesari

ਇਸ ਮਾਮਲੇ ਦੇ ਪਿਛੋਕੜ 'ਤੇ ਨਜ਼ਰ ਮਾਰੀਏ ਤਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਇਲਜ਼ਾਮਾਂ ਤਹਿਤ ਕਾਰਵਾਈ ਕਰਦਿਆਂ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਵੱਲੋਂ ਇਸ ਮਾਮਲੇ ਦੀ ਬੜੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਅਦਾਲਤ ਵਿੱਚ ਆਪਣਾ ਪੱਖ ਮਜ਼ਬੂਤ ਕਰਨ ਲਈ ਲਗਭਗ 40 ਹਜ਼ਾਰ ਪੰਨਿਆਂ ਦੀ ਇੱਕ ਵਿਸ਼ਾਲ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਤੱਕ ਪਹੁੰਚਣ ਤੋਂ ਪਹਿਲਾਂ ਮਜੀਠੀਆ ਨੇ ਹੇਠਲੀਆਂ ਅਦਾਲਤਾਂ ਵਿੱਚ ਵੀ ਜ਼ਮਾਨਤ ਲਈ ਪਹੁੰਚ ਕੀਤੀ ਸੀ, ਪਰ ਉੱਥੋਂ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ ਸੀ। ਦਸੰਬਰ 2025 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਜੇਲ੍ਹ ਵਿੱਚ ਹੀ ਰਹਿਣਾ ਪਿਆ। ਹੁਣ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਨੇ ਅਕਾਲੀ ਦਲ ਦੇ ਖੇਮੇ ਵਿੱਚ ਖੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ।

ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਸਮਰਥਕਾਂ ਵੱਲੋਂ ਭਲਕੇ ਨਾਭਾ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਵਾਗਤ ਲਈ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮਜੀਠੀਆ 25 ਜੂਨ ਤੋਂ ਲਗਾਤਾਰ ਜੇਲ੍ਹ ਵਿੱਚ ਬੰਦ ਸਨ ਅਤੇ ਹੁਣ ਲਗਭਗ ਸੱਤ ਮਹੀਨਿਆਂ ਬਾਅਦ ਉਹ ਆਪਣੇ ਪਰਿਵਾਰ ਅਤੇ ਸਮਰਥਕਾਂ ਦੇ ਵਿਚਕਾਰ ਹੋਣਗੇ।
 


author

DILSHER

Content Editor

Related News