ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
Wednesday, Aug 19, 2026 - 09:39 AM (IST)
ਮੋਹਾਲੀ (ਜੱਸੀ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ 18 ਅਗਸਤ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀ ਬੇਨਤੀ ’ਤੇ ਮਾਮਲੇ ਦੀ ਅਗਲੀ ਸੁਣਵਾਈ 29 ਅਗਸਤ ਤੈਅ ਕੀਤੀ ਹੈ। ਸੁਣਵਾਈ ਦੌਰਾਨ ਮਸ਼ੋਬਰਾ ’ਚ ਫਾਰਮ ਹਾਊਸ ਦੀਆਂ ਚਾਬੀਆਂ ਪਟੀਸ਼ਨਰ ਨੂੰ ਸੌਂਪੇ ਜਾਣ ਦੇ ਮਾਮਲੇ ’ਚ ਕੋਰਟ ਕਮਿਸ਼ਨਰ ਦੀ ਨਿਯੁਕਤੀ ਤੇ ਘਰ ਦੀ ਵੀਡੀਓਗ੍ਰਾਫੀ ਦੇ ਮੁੱਦੇ ’ਤੇ ਕਾਨੂੰਨੀ ਦਲੀਲਾਂ ਪੇਸ਼ ਕੀਤੀਆਂ ਜਾਣੀਆਂ ਸਨ।
ਅਦਾਲਤ ਨੇ ਇਸ ਸਬੰਧੀ ਕਾਨੂੰਨੀ ਨਜ਼ੀਰਾਂ ਪੇਸ਼ ਕਰਨ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਸੀ. ਜੇ. ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਦੀ ਰਿਪੋਰਟ ਦੇ ਜਵਾਬ ’ਚ ਏ. ਡੀ. ਜੀ. ਪੀ. ਜੇਲ੍ਹਾਂ ਵੱਲੋਂ ਅਦਾਲਤ ’ਚ ਦਾਇਰ ਕੀਤੇ ਗਏ ਹਲਫ਼ਨਾਮੇ ਸਬੰਧੀ ਦਲੀਲਾਂ ’ਤੇ ਵੀ ਵਿਚਾਰ ਨਹੀਂ ਕੀਤਾ ਜਾ ਸਕਿਆ। ਅਦਾਲਤ ਨੇ ਇਸ ਮੁੱਦੇ ’ਤੇ ਬਾਅਦ ਦੀ ਤਾਰੀਖ਼ ਨੂੰ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ ਵੀ 29 ਅਗਸਤ ਨੂੰ ਹੋਵੇਗੀ। ਅਦਾਲਤ ਨੇ ਦੋਵਾਂ ਧਿਰਾਂ ਦੀ ਬੇਨਤੀ ’ਤੇ ਮਾਮਲੇ ਨੂੰ ਟਾਲ ਦਿੱਤਾ ਤੇ ਉਨ੍ਹਾਂ ਨੂੰ ਅਗਲੀ ਤਾਰੀਖ ’ਤੇ ਸਾਰੇ ਲਟਕੇ ਮੁੱਦਿਆਂ ’ਤੇ ਦਲੀਲਾਂ ਪੇਸ਼ ਕਰਨ ਲਈ ਕਿਹਾ ਹੈ।
