ਮਜੀਠੀਆ ਨੇ ਗੁਰੂਘਰਾਂ ''ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ''ਤੇ ਸਾਧਿਆ ਨਿਸ਼ਾਨਾ

Thursday, Oct 29, 2026 - 04:02 PM (IST)

ਮਜੀਠੀਆ ਨੇ ਗੁਰੂਘਰਾਂ ''ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ''ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ (ਅੰਕੁਰ ਤਾਂਗੜੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਜਗਰਾਓਂ ਦੇ ਪਿੰਡ ਗਗੜਾ ਅਤੇ ਰਾਜੋਆਣਾ ਦੇ ਗੁਰਦੁਆਰਾ ਸਾਹਿਬਾਨ ’ਤੇ ਹੋਈ ਗੋਲੀਬਾਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ 'ਚ ਗੁਰੂ ਘਰ ਵੀ ਸੁਰੱਖਿਅਤ ਨਹੀਂ ਰਹੇ। ਮਜੀਠੀਆ ਨੇ ਕਿਹਾ ਕਿ ਦੋ ਦਿਨਾਂ ਦੇ ਅੰਦਰ ਦੋ ਗੁਰਦੁਆਰਿਆਂ ’ਤੇ ਗੋਲੀਬਾਰੀ ਦੀਆਂ ਘਟਨਾਵਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਚੁੱਪ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਗੁਰੂ ਘਰਾਂ ’ਤੇ ਹੋਏ ਹਮਲਿਆਂ ਦੇ ਬਾਵਜੂਦ ਪਾਰਟੀ ਦੇ ਆਗੂ ਕੋਈ ਠੋਸ ਪ੍ਰਤੀਕਿਰਿਆ ਨਹੀਂ ਦੇ ਰਹੇ।

ਅਕਾਲੀ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੰਜਾਬੀਆਂ ਦੀ ਸੁਰੱਖਿਆ ਨਾਲੋਂ ਦਿੱਲੀ ਦੇ ਆਗੂਆਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਸੁਰੱਖਿਆ ਦੀ ਵਧੇਰੇ ਚਿੰਤਾ ਹੈ। ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ‘ਜੰਗਲ ਰਾਜ’ ਕਰਾਰ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ।  ਮਜੀਠੀਆ ਦੇ ਇਸ ਬਿਆਨ ਨਾਲ ਗੁਰਦੁਆਰਾ ਸਾਹਿਬਾਨ ’ਤੇ ਹੋਈ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਹੋਰ ਤੇਜ਼ ਹੋਣ ਦੇ ਆਸਾਰ ਹਨ।


author

Babita

Content Editor

Related News