ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ, 'ਆਪਰੇਸ਼ਨ ਲੋਟਸ' ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

Thursday, Sep 15, 2022 - 03:47 PM (IST)

ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ, 'ਆਪਰੇਸ਼ਨ ਲੋਟਸ' ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ 'ਆਪ' ਵੱਲੋਂ ਭਾਜਪਾ ਦੇ ਲਗਾਏ ਇਲਜ਼ਾਮ 'ਆਪਰੇਸ਼ਨ ਲੋਟਸ' ਸਬੰਧੀ ਪ੍ਰੈਸ ਕਾਰਫਰੰਸ ਕੀਤੀ। ਮਜੀਠਿਆ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਜ਼ ਇਕ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 24 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਐਫ਼.ਆਈ.ਆਰ ਦੀ ਕਾਪੀ ਜਾਂ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਜਪਾ 'ਤੇ ਆਪਰੇਸ਼ਨ ਲੋਟਸ ਦੇ ਲਾਏ ਗਏ ਇਲਜ਼ਾਮ ਬਹੁਤ ਗੰਭੀਰ ਹਨ, ਇਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਐਫ.ਆਈ. ਆਰ ਦਰਜ ਹੋਈ ਹੈ ਤਾਂ ਉਸ ਦੀ ਕਾਪੀ ਕਿਉਂ ਨਹੀਂ ਦਿੱਤੀ ਜਾ ਰਹੀ।

ਇਹ ਵੀ ਪੜ੍ਹੋ : ਲੋਕਾਂ ਨੰ ਬਿਹਤਰੀਨ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਹਮ ਸ਼ੰਕਰ ਜਿੰਪਾ

ਮਜੀਠੀਆ ਨੇ ਕਿਹਾ ਕਿ ਵਿਧਾਇਕਾਂ ਨੂੰ ਆਫ਼ਰ ਕਰਨ ਵਾਲੇ ਵਿਅਕਤੀਆਂ ਦੇ ਨਾਂ ਜਨਤਕ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਹਿਲੀ ਵਾਰ ਅਜਿਹਾ ਸੁਣਨ 'ਚ ਆਇਆ ਹੈ ਕਿ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅਜਿਹੀਆਂ ਚੀਜ਼ਾਂ ਲੋਕਤੰਤਰ ਲਈ ਖ਼ਤਰਾ ਹਨ। ਮਜੀਠਿਆ ਨੇ ਕੇਂਦਰੀ ਏਜੰਸੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਤੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਇਸ ਮਸਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਮਜੀਠੀਆ ਨੇ ਕਿਹਾ ਕਿ 'ਆਪ' ਸਰਕਾਰ ਦਿੱਲੀ ਵਾਂਗ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਇਆ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਜੇਕਰ ਪੰਜਾਬ ਸਰਕਾਰ ਨੇ ਪੰਜਾਬ ਦੇ ਡੀ.ਜੀ.ਪੀ ਨੂੰ ਸਬੂਤ ਦਿੱਤੇ ਹਨ ਤਾਂ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਸਿਲਵਰ ਹਾਈਟ ਅਪਾਰਟਮੈਂਟ ਦੀਆਂ ਲਿਫ਼ਟਾਂ ਦੇ ਬਿਜਲੀ ਕੁਨੈਕਸ਼ਨ ਕੱਟਣ ’ਤੇ ਹੋਇਆ ਹੰਗਾਮਾ

ਉਨ੍ਹਾਂ ਕਿਹਾ ਕਿ ਡੀ.ਜੀ.ਪੀ ਅਜਿਗੇ ਗੰਭੀਰ ਮਸਲੇ ਨੂੰ ਲੈ ਕੇ ਕੋਈ ਕਦਮ ਕਿਉਂ ਨਹੀਂ ਚੁੱਕ ਰਹੇ। ਮਜੀਠੀਆ ਨੇ ਕਿਹਾ ਕਿ 'ਆਪ' ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਝੂਠ ਬੋਲ ਰਹੀ ਹੈ। ਉਨ੍ਹਾਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮਿਲੀਆਂ ਧਮਕੀਆਂ ਬਾਰੇ ਬੋਲਦਿਆਂ ਕਿਹਾ ਕਿ ਵਿਧਾਇਕ ਧਮਕੀਆਂ ਦੇਣ ਵਾਲੇ ਵਿਅਕਤੀ ਦਾ ਨਾਂ ਤੇ ਨੰਬਰ ਜਨਤਕ ਕਰੇ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੀਤਲ ਅੰਗੁਰਾਲ 'ਤੇ ਕਈ ਤਰ੍ਹਾਂ ਦੇ ਅਪਰਾਧਿਕ ਮਾਮਲੇ ਦਰਜ ਹਨ। ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕਸਦਿਆਂ ਕਿਹਾ ਕਿ ਮਾਨ ਦਾ BMW ਵਾਲਾ ਝੂਠ ਲੋਕਾਂ ਦੇ ਸਾਹਮਣੇ ਆ ਗਿਆ ਹੈ। BMW ਨੇ ਪੰਜਾਬ 'ਚ ਕਿਸੇ ਵੀ ਤਰ੍ਹਾਂ ਦੀ ਇੰਡਸਟਰੀ ਲਗਵਾਉਣ ਤੋਂ ਮਨ੍ਹਾ ਕੀਤਾ ਹੈ। ਮਜੀਠਿਆ ਨੇ ਕਿਹਾ 'ਆਪ' ਸਰਕਾਰ ਦਿੱਲੀ ਵਾਂਗ ਪੰਜਾਬ ਦੇ ਲੋਕਾਂ ਨਾਲ ਵੀ ਝੂਠ ਬੋਲ ਰਹੀ ਹੈ। ਅਗਨੀਪਥ ਸਕੀਮ 'ਤੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਵਿਰੋਧ ਕੀਤਾ ਸੀ ਤੇ ਵਿਧਾਨਸਭਾ 'ਚ ਇਸ ਖ਼ਿਲਾਫ਼ ਮਤਾ ਪਾਇਆ ਸੀ ਤੇ ਹੁਣ ਭਗਵੰਤ ਮਾਨ ਆਪਣੇ ਹੀ ਬੋਲਾਂ ਤੋਂ ਮੁਕਰਦੇ ਦਿਖਾਈ ਦੇ ਰਹੇ ਹਨ ਤੇ ਡਿਪਟੀ ਕਮਿਸ਼ਨਰਾਂ ਨੂੰ ਅਗਨੀਪਥ ਸਕੀਮ ਲਈ ਸਹਿਯੋਗ ਦੇਣ ਦੇ ਹੁਕਮ ਦਿੱਤੇ ਹਨ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਪਹਿਲਕਦਮੀ, ਹੁਣ ਪਰਿਵਾਰ ਨਾਲ ਬੈਠ ਕੇ ਦਿਲ ਦੀਆਂ ਗੱਲਾਂ ਸਾਂਝੀਆਂ ਕਰ ਸਕਣਗੇ ਕੈਦੀ

ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਭਲਕੇ ਚੰਡੀਗੜ੍ਹ ਐਸ.ਐਸ.ਪੀ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਜਾਵੇਗਾ, ਜਿਸ 'ਚ ਆਪਰੇਸ਼ਨ ਲੋਟਸ ਸਬੰਧੀ ਸਚਾਈ ਬਾਹਰ ਲਿਆਉਣ ਦੀ ਅਪੀਲ ਕੀਤੀ ਜਾਵੇਗੀ ਤਾਂ ਜੋ ਸੱਚ ਲੋਕਾਂ ਦੇ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਕਿਸੇ ਤਰ੍ਹਾਂ ਦਾ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ।    


author

Anuradha

Content Editor

Related News