ਅਕਾਲੀ ਸਰਪੰਚ ਦੇ ਕਤਲ ਮਾਮਲੇ ''ਚ ਕਾਂਗਰਸ ''ਤੇ ਭੜਕੇ ਮਜੀਠੀਆ, ਲਾਏ ਗੰਭੀਰ ਦੋਸ਼

01/02/2020 6:42:29 PM

ਚੰਡੀਗੜ੍ਹ : ਅੰਮ੍ਰਿਤਸਰ ਦੇ ਹਲਕਾ ਮਜੀਠਾ 'ਚ ਪਿੰਡ ਉਮਰਪੁਰਾ ਦੇ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦੇ ਕਤਲ ਮਾਮਲੇ 'ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਰੇਆਮ ਕਾਂਗਰਸ 'ਤੇ ਗੰਭੀਰ ਦੋਸ਼ ਲਾਏ ਹਨ। ਮਜੀਠੀਆ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਗੁਰਦੀਪ ਸਿੰਘ ਦਾ ਕਤਲ ਕਾਂਗਰਸ ਦੀ ਸ਼ੈਅ 'ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦੀਪ ਸਿੰਘ ਉਨ੍ਹਾਂ ਦੇ ਬੇਹੱਦ ਕਰੀਬੀ ਸਾਥੀਆਂ 'ਚੋਂ ਸੀ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਐੱਸ. ਐੱਸ. ਪੀ. ਨੂੰ ਇਸ ਗੱਲ ਬਾਰੇ ਵੀ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਦੇ 2-4 ਹੋਰ ਸਾਥੀਆਂ ਦਾ ਇਸੇ ਤਰ੍ਹਾਂ ਸਿਆਸੀ ਸ਼ੈਅ 'ਤੇ ਕਤਲ ਕਰਾਇਆ ਜਾ ਸਕਦਾ ਹੈ ਪਰ ਉਨ੍ਹਾਂ ਦੀ ਸ਼ਿਕਾਇਤ ਨੂੰ ਹਲਕੇ 'ਚ ਲਿਆ ਜਾ ਰਿਹਾ ਹੈ।

ਮਜੀਠੀਆ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਗੈਂਗਸਟਰਾਂ ਦੇ ਨੇਤਾਵਾਂ ਨਾਲ ਸਬੰਧਾਂ ਬਾਰੇ ਆਵਾਜ਼ ਚੁੱਕਣੀ ਸ਼ੁਰੂ ਕੀਤੀ ਹੈ, ਉਦੋਂ ਤੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਸੱਚ ਦੀ ਲੜਾਈ 'ਚ ਆਪਣਾ ਯੋਗਦਾਨ ਪਾ ਰਹੇ ਹਨ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਸ਼ਰੇਆਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਉਹ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਹਨ। ਦੱਸ ਦੇਈਏ ਕਿ ਸਰਪੰਚ ਬਾਬਾ ਗੁਰਦੀਪ ਸਿੰਘ ਜਦੋਂ ਗੁਰਦੁਆਰਾ ਸਾਹਿਬ ਤੋਂ ਘਰ ਪਰਤ ਰਹੇ ਸਨ ਤਾਂ ਹਮਲਾਵਰਾਂ ਨੇ 5 ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।


Babita

Content Editor

Related News