ਅਕਾਲੀ ਦਲ ਵੱਲੋਂ ਪਾਰਟੀ ਵਰਕਰਾਂ ਨੂੰ ਤੁਰੰਤ ਦਿੱਲੀ ਵਿਖੇ ਧਰਨਿਆਂ ਵਾਲੀ ਥਾਂ ''ਤੇ ਪੁੱਜਣ ਦਾ ਸੱਦਾ

Saturday, Jan 30, 2021 - 09:22 AM (IST)

ਲੁਧਿਆਣਾ/ਚੰਡੀਗੜ੍ਹ (ਪਾਲੀ) : ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵੱਡੀ ਗਿਣਤੀ 'ਚ ਦਿੱਲੀ ਦੇ ਬਾਰਡਰਾਂ ’ਤੇ ਤਿੰਨ ਧਰਨਿਆਂ ਵਾਲੀ ਥਾਂ ’ਤੇ ਤੁਰੰਤ ਪਹੁੰਚਣ ਤਾਂ ਜੋ ਕਿਸਾਨ ਅੰਦੋਲਨ ਨੂੰ ਹੁਲਾਰਾ ਦਿੱਤਾ ਜਾ ਸਕੇ। ਪਾਰਟੀ ਨੇ ਸ਼ਾਂਤੀਪੂਰਕ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਜਦੋਂ ਵੀ ਤੇ ਜਿਵੇਂ ਕਿਸਾਨ ਜੱਥੇਬੰਦੀਆਂ ਕਹਿਣਗੀਆਂ, ਉਹ ਧਰਨੇ ਵਾਲੀ ਥਾਂ ’ਤੇ ਪਹੁੰਚ ਜਾਵੇਗੀ। ਇਕ ਭਾਵੁਕ ਅਪੀਲ 'ਚ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਸਾਰੇ ਵਰਕਰਾਂ, ਜੋ ਇਕ ਹਫ਼ਤੇ ਦੌਰਾਨ ਵਾਪਸ ਪੰਜਾਬ ਪਰਤੇ ਹਨ, ਨੂੰ ਸੱਦਾ ਦਿੱਤਾ ਕਿ ਉਹ ਸਿੰਘੂ, ਟਿੱਕਰੀ ਤੇ ਗਾਜ਼ੀਪੁਰ 'ਚ ਧਰਨੇ ਵਾਲੀਆਂ ਥਾਵਾਂ ’ਤੇ ਤੁਰੰਤ ਵਾਪਸ ਪਰਤ ਜਾਣ ਕਿਉਂਕਿ ਉਨ੍ਹਾਂ ਦੀ ਹੁਣ ਧਰਨੇ ਵਾਲੀ ਥਾਂ ’ਤੇ ਪਹਿਲਾਂ ਨਾਲੋਂ ਵੀ ਜ਼ਿਆਦਾ ਲੋੜ ਹੈ।

ਇਹ ਵੀ ਪੜ੍ਹੋ : ਟਰੈਕਟਰ ਪਰੇਡ ਤੋਂ ਪਰਤਦਿਆਂ 7 ਕਿਸਾਨ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ, ਰਿਹਾਅ ਕਰਨ ਦੀ ਮੰਗ

ਮਜੀਠੀਆ ਨੇ ਕਿਹਾ ਕਿ ਮੈਂ ਜਾਣਦਾ ਹਾਂ ਕਿ ਤੁਸੀਂ ਵੱਡੀ ਗਿਣਤੀ 'ਚ ਪਿਛਲੇ 2 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹੋ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰਿਆਣਾ ਦੀ ਭਾਜਪਾ ਸਰਕਾਰ ਨਾਲ ਰਲ ਕੇ ਕਿਸਾਨ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਯਕੀਨੀ ਕਰਨਾ ਪਵੇਗਾ ਕਿ ਅੰਨਦਾਤਾ ਦੀ ਆਵਾਜ਼ ਦਬਾਉਣ ਦੀ ਨਫ਼ਰਤ ਭਰੀ ਯੋਜਨਾ ਸਫ਼ਲ ਨਾ ਹੋਵੇ ਅਤੇ 80 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਕਿਸੇ ਵੀ ਕੀਮਤ ’ਤੇ ਅਜਾਈਂ ਨਾ ਜਾਵੇ। ਮਜੀਠੀਆ ਨੇ ਕਿਹਾ ਕਿ ਕਿਸਾਨਾਂ ਦੀ ਜਿੱਤ ਯਕੀਨੀ ਬਣਾਉਣ ਲਈ ਕੋਈ ਵੀ ਕੁਰਬਾਨੀ ਵੱਡੀ ਨਹੀਂ ਹੈ।ਅਕਾਲੀ ਆਗੂਆਂ ਵੱਲੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖ਼ੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਹੀ ਯਤਨ ਸਿੰਘੂ ਵਿਖੇ ਵੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ 'ਚ ਇਸ ਵਾਰ ਨਹੀਂ ਹੋਵੇਗਾ 'ਰੋਜ਼ ਫੈਸਟੀਵਲ', ਦੇਖਣ ਨੂੰ ਨਹੀਂ ਮਿਲੇਗੀ ਰੌਣਕ

ਇਨ੍ਹਾਂ ਦ੍ਰਿਸ਼ਾਂ ਨੂੰ ਲੋਕਤੰਤਰ 'ਚ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਧਰਨੇ ਵਾਲੀਆਂ ਥਾਵਾ ’ਤੇ ਜਲ ਸਪਲਾਈ ਤੇ ਬਿਜਲੀ ਸਪਲਾਈ ਕੱਟ ਦੇਣ ਅਤੇ ਖਾਣਾ ਲੋਕਾਂ ਤੱਕ ਪਹੁੰਚਣ ਤੋਂ ਰੋਕਣ ਵਰਗੇ ਧੱਕੇਸ਼ਾਹੀ ਵਾਲੇ ਕਦਮਾਂ ਨਾਲ ਉਲਟਾ ਕਿਸਾਨ ਅੰਦੋਲਨ ਹੋਰ ਮਜ਼ਬੂਤ ਹੋਵੇਗਾ। ਮਜੀਠੀਆ ਨੇ ਕਿਹਾ ਕਿ ਇਹ ਵੀ ਬਹੁਤ ਹੀ ਨਿੰਦਣਯੋਗ ਹੈ ਕਿ ਕੇਂਦਰ ਸਰਕਾਰ ਫਿਰਕਿਆਂ ਨੂੰ ਆਪਸ 'ਚ ਲੜਾਉਣ ਤੇ ਕਿਸਾਨਾਂ ਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਲੜਾਈ ਕਰਾਉਣ ਦਾ ਕੋਝਾ ਯਤਨ ਕਰ ਰਹੀ ਹੈ। ਉਨ੍ਹਾਂ ਕਿਸਾਨਾਂ, ਖੇਤ ਮਜ਼ਦੂਰਾਂ ਤੇ ਸ਼ਾਂਤੀ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਬੱਤ ਦੇ ਭਲੇ 'ਚ ਵਿਸ਼ਵਾਸ ਰੱਖਣ ਅਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਭਾਵੇਂ ਕਿ ਹਰਿਆਣਾ ਸਰਕਾਰ ਦੀ ਸ਼ਹਿ ਪ੍ਰਾਪਤ ਸ਼ਰਾਰਤੀ ਅਨਸਰਾਂ ਨੇ ਨਿਸ਼ਾਨ ਸਾਹਿਬ ਦੀ ਬੇਅਦਬੀ ਵਰਗੇ ਭੜਕਾਉਣ ਵਾਲੇ ਕੰਮ ਕੀਤੇ ਹਨ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਮਜੀਠੀਆ ਨੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ. ਏ. ਪੀ. ਏ.) ਦੀ ਕਿਸਾਨ ਆਗੂਆਂ ਅਤੇ ਪੱਤਰਕਾਰਾਂ ਖ਼ਾਸ ਤੌਰ ’ਤੇ ਸੀਨੀਅਰ ਪੱਤਰਕਾਰ ਰਾਜਦੀਪ ਸਰਦੇਸਾਈ ਖ਼ਿਲਾਫ਼ ਦੁਰਵਰਤੋਂ ਕਰਨ ਦੀ ਵੀ ਨਿਖ਼ੇਧੀ ਕੀਤੀ। ਯੂ. ਏ. ਪੀ. ਏ. ਅਸਲ 'ਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਦਾ ਟਾਕਰਾ ਕਰਨ ਵਾਸਤੇ ਬਣਾਇਆ ਗਿਆ ਸੀ ਤੇ ਇਸ ਦੀ ਦੁਰਵਰਤੋਂ ਕਿਸੇ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਤਾਨਾਸ਼ਾਹੀ ਦੇ ਬਰਾਬਰ ਹੈ। ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਇੰਨ-ਬਿੰਨ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਕੇਂਦਰ ਸਰਕਾਰ ਨੇ ਉਨ੍ਹਾਂ ਅਨਸਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਜਿਨ੍ਹਾਂ ਨੇ ਗਣਤੰਤਰ ਦਿਵਸ ਵਾਲੇ ਦਿਨ ਗਲਤ ਕਾਰਵਾਈਆਂ ਕੀਤੀਆਂ, ਜਿਸ ਤੋਂ ਸਪੱਸ਼ਟ ਸੰਕੇਤ ਮਿਲਿਆ ਹੈ ਕਿ ਇਨ੍ਹਾਂ ਲੋਕਾਂ ਦੇ ਪਿੱਛੇ ਸਰਕਾਰੀ ਏਜੰਸੀਆਂ ਦਾ ਹੱਥ ਹੈ।
ਨੋਟ : ਅਕਾਲੀ ਦਲ ਵੱਲੋਂ ਪਾਰਟੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਪੁੱਜਣ ਦੇ ਦਿੱਤੇ ਸੱਦੇ ਬਾਰੇ ਦਿਓ ਆਪਣੀ ਰਾਏ


Babita

Content Editor

Related News