ਕਿਸਾਨਾਂ ਨੂੰ ਡਰਾਵਾ ਨਹੀਂ, ਮੁਆਵਜ਼ਾ ਦੇਵੇ ਪੰਜਾਬ ਸਰਕਾਰ : ਮਜੀਠੀਆ

10/13/2017 6:21:57 AM

ਚੰਡੀਗੜ੍ਹ(ਪਰਾਸ਼ਰ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਮਜਬੂਰੀ ਵੱਸ ਪਰਾਲੀ ਸਾੜ ਰਹੇ ਕਿਸਾਨਾਂ ਨੂੰ ਡਰਾਵੇ ਦੇਣ ਦੀ ਥਾਂ ਕਾਂਗਰਸ ਸਰਕਾਰ ਉਨ੍ਹਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਪਰਾਲੀ ਨੂੰ ਸਾੜਨ ਦੀ ਜਗ੍ਹਾ ਕਿਸੇ ਦੂਜੇ ਬਦਲ ਵਾਸਤੇ ਪ੍ਰੇਰਿਤ ਕਰੇ। ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਲੱਭਣ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਥਾਂ ਕਾਂਗਰਸ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨੇ ਲਾ ਰਹੀ ਹੈ ਅਤੇ ਉਨ੍ਹਾਂ ਖਿਲਾਫ ਮੁਕੱਦਮੇ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਦੀ ਸ਼ੁਰੂਆਤ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚਿਤਾਵਨੀਆਂ ਅਤੇ ਸਬਸਿਡੀਆਂ ਵਾਪਸ ਲੈਣ ਦੀਆਂ ਧਮਕੀਆਂ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਥਾਂ ਸਰਕਾਰ ਨੂੰ ਪਰਾਲੀ ਦੀ ਸੰਭਾਲ ਵਾਸਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਤੁਰੰਤ ਉਨ੍ਹਾਂ ਕਿਸਾਨਾਂ ਨੂੰ ਰਜਿਸਟਰਡ ਕਰਨਾ ਚਾਹੀਦਾ ਹੈ, ਜਿਹੜੇ ਪਰਾਲੀ ਨਹੀਂ ਸਾੜ ਰਹੇ ਅਤੇ ਉਨ੍ਹਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਆਰਥਿਕ ਬੋਝ ਥੱਲੇ ਦੱਬੀ ਹੋਈ ਸੀ ਅਤੇ ਕਾਂਗਰਸ ਸਰਕਾਰ ਦੀ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਨੂੰ ਲਾਗੂ ਕਰਨ ਵਿਚ ਨਾਕਾਮੀ ਕਰ ਕੇ ਉਹ ਹੋਰ ਭਾਰ ਥੱਲੇ ਆ ਗਈ ਹੈ, ਅਜਿਹੇ ਵਿਚ ਸਰਕਾਰ ਨੂੰ ਕਿਸਾਨਾਂ ਨਾਲ ਉਲਝਣ ਦੀ ਥਾਂ ਉਨ੍ਹਾਂ ਨਾਲ ਸਹਿਯੋਗ ਕਰਨ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਵਿਚ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹ ਕਿਸੇ ਵੀ ਹਾਲਾਤ ਵਿਚ ਫਸਲੀ ਰਹਿੰਦ-ਖੂੰਹਦ ਨੂੰ ਆਪਣੇ ਪੱਧਰ ਉਤੇ ਨਹੀਂ ਸੰਭਾਲ ਸਕਦੇ। ਇਸ ਦਾ ਇਕ ਤਰੀਕਾ ਇਹ ਹੈ ਕਿ ਇਸ ਸਮੱਸਿਆ ਦੇ ਹੱਲ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।