ਪੰਜਾਬ ਦੇ ਖਿਡਾਰੀਆਂ ਦੇ ਬਿੱਲ ਹੋਏ ਕਲੀਅਰ

10/10/2017 2:11:05 AM

ਚੰਡੀਗੜ੍ਹ- ਖੇਡ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਖੇਡ ਵਿੰਗਾਂ ਦੇ ਖਿਡਾਰੀਆਂ ਨੂੰ ਦਿੱਤੀ ਗਈ ਖੁਰਾਕ ਦੇ ਪੈਂਡਿੰਗ ਸਾਰੇ ਬਿੱਲਾਂ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਖੇਡ ਵਿਭਾਗ ਦੀ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਨੇ ਸੋਮਵਾਰ ਨੂੰ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ। ਡਾਇਰੈਕਟਰ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਕੋਲ ਖੇਡ ਵਿਭਾਗ ਵੀ ਹੈ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪੈਂਡਿੰਗ ਬਿੱਲਾਂ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੌਜੂਦਾ ਸੈਸ਼ਨ 2017-18 ਲਈ ਸਕੂਲਾਂ/ਕਾਲਜਾਂ ਵਿਚ ਸਥਾਪਿਤ ਕੀਤੇ ਖੇਡ ਵਿੰਗਾਂ ਦੇ ਖਿਡਾਰੀਆਂ ਨੂੰ ਖੁਰਾਕ/ਰਿਫਰੈਸ਼ਮੈਂਟ ਵੀ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰੈਜ਼ੀਡੈਂਸ਼ੀਅਲ ਖਿਡਾਰੀਆਂ ਨੂੰ 200 ਰੁਪਏ ਅਤੇ ਡੇਅ-ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਡ ਵਿੰਗਾਂ ਦੇ ਖਿਡਾਰੀ ਖੁਰਾਕ ਨਾ ਮਿਲਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਖੁਰਾਕ ਦਾ ਕੋਈ ਵੀ ਬਿੱਲ ਪੈਂਡਿੰਗ ਨਹੀਂ ਰਹੇਗਾ।


Related News