DC ਵੱਲੋਂ ਅਧਿਕਾਰੀਆਂ ਨੂੰ ਜਨਮ ਤੇ ਮੌਤ ਦੇ ਅੰਕੜਿਆਂ ਦਾ 100 ਫ਼ੀਸਦੀ ਰਜਿਸਟ੍ਰੇਸ਼ਨ ਕਰਨ ਦੇ ਹੁਕਮ
Friday, Apr 29, 2022 - 10:40 AM (IST)
ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ, ਪ੍ਰਵੀਨ) : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਿਹਤ ਵਿਭਾਗ ਸਮੇਤ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਨਮ ਤੇ ਮੌਤ ਸਬੰਧੀ ਸਰਟੀਫਿਕੇਟ ਇਕ ਜ਼ਰੂਰੀ ਦਸਤਾਵੇਜ਼ ਬਣ ਗਿਆ ਹੈ, ਇਸ ਲਈ ਇਨ੍ਹਾਂ ’ਚ ਅੰਕੜਿਆਂ ਦਾ ਇੰਦਰਾਜ ਕਰਨ ਸਮੇਂ ਸਹੀ ਵੇਰਵੇ ਦਰਜ ਕੀਤੇ ਜਾਣ ਤਾਂ ਜੋ ਬਾਅਦ ’ਚ ਸਰਟੀਫਿਕੇਟ ਵਰਤਣ ਵਾਲਿਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਤੱਥ ਵੀ ਸਾਹਮਣੇ ਆ ਰਹੇ ਹਨ ਕਿ ਜਾਗਰੂਕਤਾ ਦੀ ਕਮੀ ਕਾਰਨ ਕਈ ਨਾਗਰਿਕ ਆਪਣੇ ਬੱਚਿਆਂ ਦੇ ਜਨਮ ਪ੍ਰਮਾਣ ਪੱਤਰ ਜਾਂ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਆਦਿ ਦੇ ਅਕਾਲ ਚਲਾਣੇ ਤੋਂ ਬਾਅਦ ਵੀ ਲੰਬਾ ਸਮਾਂ ਰਜਿਸਟ੍ਰੇਸ਼ਨ ਨਹੀਂ ਕਰਵਾਉਂਦੇ, ਜਿਸ ਕਾਰਨ ਵਿਭਾਗਾਂ ਕੋਲ ਜਨਮ ਤੇ ਮੌਤ ਦੇ ਸੌ ਫ਼ੀਸਦੀ ਅੰਕੜੇ ਮੁਹੱਈਆ ਨਹੀਂ ਹੁੰਦੇ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵੀ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਬੰਧਤ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਸਿਹਤ ਵਿਭਾਗ ਦੇ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਸਬੰਧੀ ਸਰਗਰਮ ਰਹਿਣਗੇ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਵਾਉਣਗੇ ਕਿ ਉਹ ਇਸ ਦੀ ਰਜਿਸਟ੍ਰੇਸ਼ਨ ਨੂੰ ਸਮੇਂ ਸਿਰ ਕਰਵਾ ਲੈਣ।
ਇਸ ਦੌਰਾਨ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਸਬੰਧੀ ਜ਼ਿਲ੍ਹਾ ਪੱਧਰੀ ਵਿਭਾਗੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਹੋਣਗੇ, ਜਦੋਂਕਿ ਮੈਂਬਰ ਸਕੱਤਰ ਜ਼ਿਲ੍ਹਾ ਰਜਿਸਟਰਾਰ ਜਨਮ ਤੇ ਮੌਤ-ਕਮ-ਸਿਵਲ ਸਰਜਨ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐੱਸ. ਐੱਸ. ਪੀ., ਡਿਪਟੀ ਡਾਇਰੈਕਟਰ ਲੋਕਲ ਬਾਡੀਜ਼, ਜ਼ਿਲ੍ਹਾ ਸਿੱਖਿਆ ਅਫ਼ਸਰ, ਡੀ. ਡੀ. ਪੀ. ਓ, ਡੀ. ਐੱਫ. ਐੱਸ. ਸੀ, ਜ਼ਿਲ੍ਹਾ ਟੈਕਨੀਕਲ ਕੋ-ਆਰਡੀਨੇਟਰ/ਜ਼ਿਲ੍ਹਾ ਈ ਗਵਰਨੈਂਸ ਕੋ-ਆਰਡੀਨੇਟਰ ਅਤੇ ਜ਼ਿਲ੍ਹਾ ਪ੍ਰਾਜੈਕਟ ਅਫ਼ਸਰ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਪ੍ਰਮਾਣ ਪੱਤਰਾਂ ਨੂੰ ਬਣਵਾਉਣ ਸਬੰਧੀ ਜਨਮ ਤੇ ਮੌਤ ਦੇ 21 ਦਿਨਾਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਜ਼ਰੂਰ ਕਰਵਾ ਲੈਣ।