ਜੇਕਰ ਬਿੱਟੂ ਕਿਸਾਨ ਹਿਤੈਸ਼ੀ ਹੈ ਤਾਂ ਕੇਂਦਰ ਸਰਕਾਰ ਦੀ ਚਿੱਠੀ ਲੈ ਕੇ ਆਵੇ : ਗਿੱਲ, ਕਾਦੀਆਂ
Thursday, Dec 19, 2024 - 04:07 AM (IST)
ਲੁਧਿਆਣਾ (ਅਨਿਲ, ਸ਼ਿਵਮ) - ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਬੀਤੇ ਦਿਨੀਂ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ 3 ਘੰਟੇ ਲਈ ਰੇਲ ਰੋਕ ਕੇ ਕੇਂਦਰ ਸਰਕਾਰ ਖਿਲਾਫ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਕੇਂਦਰ ਸਰਕਾਰ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਸ ਦਾ ਅੰਜਾਮ ਕੇਂਦਰ ਸਰਕਾਰ ਨੂੰ ਭੁਗਤਣਾ ਪਵੇਗਾ।
ਉਨ੍ਹਾਂ ਨੇ ਕਿਹਾ ਕਿ ਖਨੌਰੀ ਬਾਰਡਰ ’ਤੇ ਪਿਛਲੇ 23 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿਚ ਪੰਜਾਬ ਦੀਆਂ ਸਾਰੀਆਂ ਕਿਸਾਨ ਯੂਨੀਅਨਾਂ ਵੱਲੋਂ 3 ਘੰਟੇ ਲਈ ਰੇਲ ਰੋਕਣ ਦਾ ਜੋ ਅਲਟੀਮੇਟਮ ਦਿੱਤਾ ਗਿਆ ਸੀ, ਉਸ ਦੇ ਚਲਦੇ ਅੱਜ ਉਨ੍ਹਾਂ ਦੀ ਯੂਨੀਅਨ ਵੱਲੋਂ ਰੇਲਵੇ ਸਟੇਸ਼ਨ ’ਤੇ 3 ਘੰਟੇ ਲਈ ਸ਼ਾਂਤਮਈ ਢੰਗ ਨਾਲ ਰੇਲ ਰੋਕੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਯੂਨੀਅਨ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਭੁੱਖ ਹੜਤਾਲ ਦੌਰਾਨ ਕੁਝ ਹੋ ਜਾਂਦਾ ਹੈ ਤਾਂ ਉਸ ਦਾ ਭੁਗਤਾਨ ਕੇਂਦਰ ਸਰਕਾਰ ਨੂੰ ਭੁਗਤਣਾ ਪਵੇਗਾ। ਪਿਛਲੇ 23 ਦਿਨਾਂ ਤੋਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਆਪਣੀ ਭੁੱਖ ਹੜਤਾਲ ਕਰਦੇ ਹੋਏ ਖਨੌਰੀ ਬਾਰਡਰ ’ਤੇ ਧਰਨਾ ਲਾ ਕੇ ਕੇਂਦਰ ਸਰਕਾਰ ਦੇ ਖਿਲਾਫ ਬੈਠੇ ਹੋਏ ਹਨ ਪਰ ਅੱਜ 23 ਦਿਨ ਬੀਤ ਜਾਣ ਤੋਂ ਬਾਅਦ ਵੀ ਕੇਂਦਰ ਸਰਕਾਰ ਦਾ ਕੋਈ ਵੀ ਮੰਤਰੀ ਉਨ੍ਹਾਂ ਨਾਲ ਗੱਲ ਕਰਨ ਲਈ ਪੁੱਜਾ ਜਿਸ ਤੋਂ ਇਹੀ ਸਾਬਤ ਹੁੰਦਾ ਹੈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਆਪਣਾ ਔਰੰਗਜ਼ੇਬ ਵਾਲਾ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਕਿਸਾਨਾਂ ਵੱਲੋਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿਚ 3 ਘੰਟੇ ਲਈ ਰੇਲ ਰੋਕ ਕੇ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਇਸ ਦਾ ਭੁਗਤਾਨ ਕੇਂਦਰ ਸਰਕਾਰ ਨੂੰ ਭੁਗਤਣਾ ਪਵੇਗਾ।
ਸਾਹਨੇਵਾਲ ਵਿਚ ਰੇਲ ਰੋਕੋ ਅੰਦੋਲਨ ਦੌਰਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਕੇਂਦਰ ਸਰਕਾਰ ਦੇ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਖੁੱਲੇ ਚੈਲੇਂਜ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਕਿਸਾਨਾਂ ਦੇ ਪੱਖ ਵਿਚ ਹਨ ਤਾਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਦਾ ਕੇਂਦਰ ਸਰਕਾਰ ਦਾ ਲਿਖਿਆ ਹੋਇਆ ਲੈਟਰ ਲੈ ਕੇ ਖਨੌਰੀ ਬਾਰਡਰ ’ਤੇ ਆਉਣ ਤਾਂਕਿ ਕਿਸਾਨਾਂ ਨੂੰ ਵੀ ਪਤਾ ਲਗ ਸਕੇ ਕਿ ਰਵਨੀਤ ਬਿੱਟੂ ਕਿਸਾਨਾਂ ਦੇ ਪੱਖ ਵਿਚ ਹਨ ਜਾਂ ਕਿਸਾਨਾਂ ਦੇ ਵਿਰੋਧ ਵਿਚ ਖੜ੍ਹਾ ਹੋਇਆ ਹੈ।
ਉਨ੍ਹਾਂ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਰਵਨੀਤ ਬਿੱਟੂ ਵੱਡੇ ਵੱਡੇ ਦਾਅਵੇ ਕਰ ਰਿਹਾ ਸੀ ਕਿ ਉਹ ਕਿਸਾਨਾਂ ਦੇ ਨਾਲ ਗੱਲ ਕਰਨ ਲਈ ਲਾਲ ਕਾਰਪੈਟ ਵਿਛਾ ਕੇ ਉਨ੍ਹਾਂ ਦੇ ਕੋਲ ਆਵੇਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਪੂਰਾ ਕਰਵਾਏਗਾ ਪਰ ਜਿਸ ਦਿਨ ਤੋਂ ਰਵਨੀਤ ਬਿੱਟੂ ਕੇਂਦਰ ਸਰਕਾਰ ਵਿਚ ਰਾਜ ਮੰਤਰੀ ਦੇ ਅਹੁਦੇ ’ਤੇ ਬੈਠਾ ਹੋਇਆ ਹੈ, ਉਸ ਤੋਂ ਬਾਅਦ ਰਵਨੀਤ ਬਿੱਟੂ ਨੇ ਕਿਸਾਨਾਂ ਦੇ ਹੱਕ ਵਿਚ ਕੋਈ ਵੀ ਗੱਲ ਨਹੀਂ ਕੀਤੀ। ਵੱਡੇ-ਵੱਡੇ ਦਾਅਵੇ ਕਰਨ ਵਾਲਾ ਰਵਨੀਤ ਬਿੱਟੂ ਕੇਵਲ ਆਪਣੇ ਪ੍ਰਧਾਨ ਮੰਤਰੀ ਮੋਦੀ ਨੂੰ ਖੁਸ਼ ਕਰਨ ਲਈ ਗੱਲਾਂ ਕਰ ਰਿਹਾ ਹੈ ਪਰ ਅੱਜ ਤੱਕ ਰਵਨੀਤ ਬਿੱਟੂ ਨੇ ਕਿਸਾਨਾਂ ਨੂੰ ਲਾਲ ਕਾਰਪੈਟ ’ਤੇ ਕੇਂਦਰ ਸਰਕਾਰ ਦੇ ਕੋਲ ਲਿਜਾਣ ਵਾਲਾ ਇਕ ਵੀ ਕੰਮ ਨਹੀਂ ਕੀਤਾ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਰਵਨੀਤ ਬਿੱਟੂ ਕਿਸਾਨਾਂ ਦੀ ਕੋਈ ਵੀ ਮੰਗ ਪੂਰੀ ਕਰਨ ਦੇ ਅਸਮਰੱਥ ਹੈ।