ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

Thursday, May 09, 2024 - 05:42 PM (IST)

ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਫ਼ਰੀਦਕੋਟ (ਚਾਵਲਾ) : ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਤਿੰਨ ਉਮੀਦਵਾਰਾਂ ਹੰਸ ਰਾਜ ਹੰਸ ਭਾਰਤੀ ਜਨਤਾ ਪਾਰਟੀ, ਰੁਪਿੰਦਰ ਸਿੰਘ ਨੈਸ਼ਨਲਿਸਟ ਜਸਟਿਸ ਪਾਰਟੀ ਅਤੇ ਗੁਰਚਰਨ ਸਿੰਘ ਸੀ.ਪੀ.ਆਈ ਵਲੋਂ ਨਾਮਜ਼ਦਗੀ ਪੱਤਰ ਹੋਏ ਦਾਖ਼ਲ ਕੀਤੇ ਗਏ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 6 ਉਮੀਦਵਾਰਾਂ ਵਲੋਂ ਹੀ ਕਾਗਜ਼ ਦਾਖ਼ਲ ਕੀਤੇ ਗਏ ਹਨ।

ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ’ਤੇ 90 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖ਼ਰਚੇ ਦਾ ਖ਼ਰਚਾ ਰਜਿਸਟਰ ਵਿਚ ਇੰਦਰਾਜ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੈ, ਇਸ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਉਨ੍ਹਾਂ ਦੱਸਿਆ ਕਿ 7 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਨਹੀਂ ਆਉਂਦੀ, ਇਸ ਲਈ 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ।


author

Gurminder Singh

Content Editor

Related News