ਭਾਜਪਾ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਪੰਜਾਬ ਦਾ ਰਾਜਪਾਲ : ਸੁਖਬੀਰ ਬਾਦਲ
Monday, Jan 04, 2021 - 06:14 PM (IST)
ਪਟਿਆਲਾ (ਬਲਜਿੰਦਰ, ਪਰਮੀਤ, ਰਾਣਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਰਾਜਪਾਲ ਭਾਜਪਾ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਹੈ। ਉਹ ਇਥੇ ਕਿਸਾਨ ਸੰਘਰਸ਼ ਵਿਚ ਸ਼ਹੀਦ ਕਿਸਾਨਾ ਨੂੰ ਸ਼ਰਧਾਂਜਲੀਆਂ ਦੇਣ ਲਈ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਦਲ ਵੱਲੋਂ ਰਾਜਪਾਲ ਨੂੰ ਮਿਲ ਕੇ ਪੰਜਾਬ ਵਿਚ ਅਮਨ ਅਤੇ ਕਾਨੂੰਨ ਵਿਵਸਥਾ, ਜ਼ਹਿਰੀਲੀ ਅਤੇ ਨਕਲੀ ਸ਼ਰਾਬ ਪਿਲਾ ਕੇ ਲੋਕਾਂ ਦੀਆਂ ਜਾਨਾ ਲੈਣ ਵਾਲੇ ਕਾਂਗਰਸੀਆਂ ’ਤੇ ਕਾਰਵਾਈ ਕਰਨ, ਨਾਜਾਇਜ਼ ਮਾਈਨਿੰਗ ਬਾਰੇ ਦੱਸਿਆ ਗਿਆ ਸੀ ਤਾਂ ਰਾਜਪਾਲ ਵੱਲੋਂ ਇਕ ਵਾਰ ਵੀ ਕਿਸੇ ਨੂੰ ਤਲਬ ਨਹੀਂ ਕੀਤਾ ਅਤੇ ਹੁਣ ਜਦੋਂ ਭਾਜਪਾ ਦਾ ਕਿਸਾਨਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਨੂੰ ਆਪਣੀਆਂ ਸ਼ਕਤੀਆਂ ਯਾਦ ਆ ਗਈਆਂ ਹਨ। ਸੁਖਬੀਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਮਿਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਉਹੀ ਕੁਝ ਕੀਤਾ ਜਾਂਦਾ ਹੈ, ਜੋ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਕਿਸਾਨਾਂ ਦੇ ਕੋਲ ਜਾਣ ਦਾ ਸਮਾਂ ਨਹੀਂ ਹੈ ਪਰ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁਲਾਇਆ ਤਾਂ ਉਥੇ ਇਕ ਮਿੰਟ ਵਿਚ ਪਹੁੰਚ ਗਏ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਝੂਠਾ ਵਿਅਕਤੀ ਵੀ ਕਰਾਰ ਦਿੱਤਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!
ਸੁਖਬੀਰ ਬਾਦਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲੈ ਲੈਂਦੀ ਹੈ ਤਾਂ ਵੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਨਾਲ ਕਿਸੇ ਤਰ੍ਹਾਂ ਦਾ ਕੋਈ ਗਠਜੋੜ਼ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਕਾਲੀ ਦਲ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਅਤੇ ਉਨ੍ਹਾਂ ਨਾਲ ਕਦੇ ਵੀ ਕਿਸੇ ਕੀਮਤ ’ਤੇ ਗਠਜੋੜ ਨਹੀਂ ਕੀਤਾ ਜਾ ਸਕਦਾ। ਨਗਰ ਕੌਂਸਲ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਚੋਣਾਂ ਡੱਟ ਕੇ ਲੜੇਗਾ ਅਤੇ ਵੱਡੀ ਜਿੱਤ ਪ੍ਰਾਪਤ ਕਰੇਗਾ। ਕਈ ਥਾਵਾਂ ’ਤੇ ਹੋ ਰਹੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਉਹ ਕਿਸਾਨਾ ਵੱਲੋਂ ਨਹੀਂ ਸਗੋਂ ਕਾਂਗਰਸੀਆਂ ਵੱਲੋਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ’ਤੇ ਭਖਿਆ ਵਿਵਾਦ, ਮੰਤਰੀ ਸੁੱਖੀ ਰੰਧਾਵਾ ਨੇ ਕਬੂਲੀ ਹਰਸਿਮਰਤ ਬਾਦਲ ਦੀ ਚੁਣੌਤੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾ ’ਤੇ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਕੈਪਟਨ ਸਰਕਾਰ ਦੀ ਭਾਜਪਾ ਨਾਲ ਮਿਲੀ ਭੁਗਤ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਮੀਰ ਘਰਾਣਿਆਂ ਦੇ ਹੱਥ ਵਿਚ ਖੇਡ ਕੇ ਕਿਸਾਨਾਂ ਦੇ ਭਵਿੱਖ ਨੂੰ ਅਮੀਰ ਘਰਾਣਿਆਂ ਦੀ ਕਠਪੁਤਲੀ ਬਣਾਉਣ ਦਾ ਜਿਹੜਾ ਯਤਨ ਕੀਤਾ ਗਿਆ ਹੈ, ਇਹ ਕਦੇ ਵੀ ਸਫਲ ਨਹੀਂ ਹੋਵੇਗਾ। ੳਨ੍ਹਾਂ ਕਿਹਾ ਕਿ ਕਿਸਾਨਾ ਦਾ ਜਨਮ ਸੰਘਰਸ਼ ਵਿਚ ਹੋਇਆ ਹੈ ਅਤੇ ਕਿਸਾਨ ਕਿਸੇ ਵੀ ਕੀਮਤ ’ਤੇ ਆਪਣੇ ਹੱਕ ਲਏ ਬਿਨ੍ਹਾ ਵਾਪਸ ਨਹੀਂ ਆਉਣਗੇ।
ਇਹ ਵੀ ਪੜ੍ਹੋ : ਭਾਜਪਾ ਨੇਤਾ ਹਰਜੀਤ ਗਰੇਵਾਲ ਖ਼ਿਲਾਫ਼ ਨਾਅਰੇ ਲਿਖਣ ਵਾਲੇ ਨੌਜਵਾਨਾਂ ’ਤੇ ਪੁਲਸ ਦੀ ਵੱਡੀ ਕਾਰਵਾਈ
ਨੋਟ - ਇਸ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?