ਭਾਜਪਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ

Wednesday, Jan 17, 2018 - 02:37 AM (IST)

ਭਾਜਪਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ

ਮੋਗਾ,   (ਪਵਨ ਗਰੋਵਰ, ਗੋਪੀ ਰਾਊਕੇ)-  ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਜਨਤਾ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਅੱਜ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੂਹਰੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਧਰਨਾ ਲਾ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਗਈ ਹੈ, ਜਿਸ ਕਰਕੇ ਸੂਬੇ ਦੇ ਲੋਕ ਕਾਂਗਰਸ ਨੂੰ ਸੱਤਾ 'ਚ ਲਿਆ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਨ ਲੱਗੇ ਹਨ।  
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਜਨਰਲ ਸਕੱਤਰ ਵਿਨੈ ਸ਼ਰਮਾ, ਭਾਜਪਾ ਯੁਵਾ ਮੋਚਰਾ ਦੇ ਜ਼ਿਲਾ ਪ੍ਰਧਾਨ ਰਾਹੁਲ ਗਰਗ, ਸਟੇਟ ਮੈਂਬਰ ਰਾਕੇਸ਼ ਭੱਲਾ, ਬੋਹੜ ਸਿੰਘ, ਮੁਨੀਸ਼ ਮੈਨਰਾਏ, ਕੁਲਵੰਤ ਰਾਜਪੂਤ, ਸੁਸ਼ੀਲ ਅਰੋੜਾ, ਬਿੱਟੂ ਮਾਲੜਾ, ਗਗਨ ਅਰੋੜਾ, ਅਭਿਸ਼ੇਕ ਸਰਨਾ, ਬੱਬੂ, ਦਵਿੰਦਰ ਬਾਂਸਲ, ਵਿੱਕੀ ਸਿਤਾਰਾ ਆਦਿ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਮੁੱਖ ਮੰਤਰੀ ਦੇ ਰੂਪ 'ਚ 10 ਮਹੀਨਿਆਂ ਦਾ ਸਮਾਂ ਪੂਰਾ ਹੋ ਚੁੱਕਾ ਹੈ ਪਰ ਇਨ੍ਹਾਂ 10 ਮਹੀਨਿਆਂ 'ਚ ਹਰ ਫਰੰਟ 'ਤੇ ਪੰਜਾਬ ਦੀ ਹਾਲਤ ਹਰ ਮਹੀਨੇ ਬਦ ਤੋਂ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿਥੇ ਕੈਪਟਨ ਸਰਕਾਰ ਚੋਣ ਵਾਅਦੇ ਮੁਤਾਬਕ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ 'ਚ ਅਸਫਲ ਰਹੀ ਹੈ, ਉਥੇ ਇਕ ਮਹੀਨੇ 'ਚ ਵਾਅਦੇ ਮੁਤਾਬਕ ਨਸ਼ਾ ਵੀ ਨਹੀਂ ਖਤਮ ਕਰ ਸਕੀ। ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਭਾਰਤੀ ਜਨਤਾ ਪਾਰਟੀ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਅੰਦੋਲਨ ਕਰਨ ਤੋਂ ਗੁਰੇਜ਼ ਨਹੀਂ ਕਰੇਗੀ। ਇਸ ਮੌਕੇ ਭਾਰੀ ਗਿਣਤੀ 'ਚ ਭਾਜਪਾ ਵਰਕਰ ਹਾਜ਼ਰ ਸਨ।


Related News