ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ''ਚ ਉੱਚਾ ਜਾਵੇਗਾ ਭਾਜਪਾ ਦਾ ਗ੍ਰਾਫ
Thursday, Dec 11, 2025 - 10:29 PM (IST)
ਮਾਨਸਾ (ਮਨਜੀਤ ਕੌਰ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਅਤੇ ਜਿਲ੍ਹਾ ਪ੍ਰਧਾਨ ਗੋਮਾ ਰਾਮ ਨੇ ਮਾਨਸਾ ਜ਼ਿਲ੍ਹਾ ਦੇ ਪਿੰਡ ਮਾਖਾ ਅਤੇ ਹੋਰ ਪਿੰਡਾਂ ਵਿੱਚ ਉਮੀਦਵਾਰਾਂ ਦੇ ਹੱਕ ਵਿੱਚ ਪਿੰਡਾਂ ਦਾ ਦੌਰਾ ਕੀਤਾ। ਭਾਜਪਾ ਦੇ ਉਮੀਦਵਾਰਾਂ ਦੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਭਾਜਪਾ ਵਧੀਆ ਪ੍ਰਦਰਸ਼ਨ ਕਰੇਗੀ।
ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਬੇਸ਼ੱਕ ਕਈ ਥਾਵਾਂ ਤੇ ਭਾਜਪਾ ਦੇ ਉਮੀਦਵਾਰ ਖੜ੍ਹੇ ਨਹੀਂ ਕੀਤੇ ਜਾ ਸਕੇ।ਉਸ ਦੇ ਪਿੱਛੇ ਕੁਝ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਨੂੰ ਭੁਲੇਖੇ ਵਿੱਚ ਰੱਖਣਾ ਇੱਕ ਕਾਰਨ ਰਿਹਾ ਹੈ।ਨਕੱਈ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਵਧੀਕੀਆਂ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਤੇ ਖਰਾ ਨਾ ਉੱਤਰਨਾ ਸਭ ਤੋਂ ਵੱਡੀ ਗਿਰਾਵਟ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਲੋਕ ਉੱਭ ਚੁੱਕੇ ਹਨ। ਪਿੰਡਾਂ ਵਿੱਚ ਇਸ ਸਰਕਾਰ ਨੇ ਧੇਲੇ ਦਾ ਕੰਮ ਨਹੀਂ ਕੀਤਾ। ਸਿਰਫ ਗੱਲਾਂ ਦਾ ਕੜਾਹ ਬਣਾ ਕੇ ਹੀ ਡੰਗ ਸਾਰਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਮਨਾਂ ਅੰਦਰ ਆ ਰਿਹਾ ਪਰਿਵਰਤਨ ਭਾਜਪਾ ਨੂੰ ਸੱਤਾ ਵਿੱਚ ਲੈ ਕੇ ਆਉਣ ਦਾ ਸੰਕੇਤ ਹੈ। ਜਿਸ ਦੇ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਜਿਹੜੀ ਕਾਰਗੁਜ਼ਾਰੀ ਦਿਖਾਵੇਗੀ। ਉਹ ਸਭ ਨੂੰ ਹੈਰਾਨ ਕਰੇਗੀ। ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਮੁੱਢ ਬੰਨ੍ਹ ਦੇਣ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਪ੍ਰਤੀ ਕੋਈ ਪੱਖ-ਪਾਤ ਨਹੀਂ ਰੱਖਦੀ। ਇਹ ਸਿਰਫ ਸੱਤਾਧਾਰੀ ਪਾਰਟੀ ਦਾ ਇੱਕ ਸ਼ੋਸ਼ਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਵਿੱਚ ਗੈਰ ਭਾਜਪਾ ਸਰਕਾਰ ਹੈ।ਪਰ ਮੋਦੀ ਸਰਕਾਰ ਨੇ ਕਿਸੇ ਵੀ ਪੱਖੋਂ ਪੰਜਾਬ ਨੂੰ ਪਿੱਛੇ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਨ੍ਹਾਂ ਚੋਣਾਂ ਅੰਦਰ ਜਿੱਤਿਆ ਹਰ ਉਮੀਦਵਾਰ ਕੇਂਦਰ ਦੀ ਮੋਦੀ ਸਰਕਾਰ ਦੀ ਇੱਕ ਅਵਾਜ਼ ਹੋਵੇਗਾ ਅਤੇ ਪਿੰਡਾਂ ਦੇ ਵਿਕਾਸ ਦਾ ਨਵਾਂ ਮੁੱਢ ਬੰਨਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਹੋਈਆਂ ਤਾਂ ਭਾਜਪਾ ਦੀ ਕਾਰਗੁਜ਼ਾਰੀ ਦੇਖਣਯੋਗ ਹੋਵੇਗੀ।
