ਭਾਜਪਾ ਕਿਸਾਨਾਂ ਦੇ ਪੱਖ ’ਚ ਰਹੀ ਹੈ ਤੇ ਹਮੇਸ਼ਾ ਰਹੇਗੀ : ਅਸ਼ਵਨੀ ਸ਼ਰਮਾ

Thursday, Dec 09, 2021 - 10:39 PM (IST)

ਚੰਡੀਗੜ੍ਹ (ਸ਼ਰਮਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਭੇਜੇ ਪ੍ਰਸਤਾਵ ’ਤੇ ਆਪਣੀ ਸਹਿਮਤੀ ਜਾਹਰ ਕਰਦਿਆਂ ਆਪਣਾ ਅੰਦੋਲਨ ਵਾਪਸ ਲੈਣ ਦੇ ਐਲਾਨ ਦਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਿਘਾ ਸਵਾਗਤ ਕੀਤਾ ਹੈ।
ਅਸ਼ਵਨੀ ਸ਼ਰਮਾ ਨੇ ਕਿਸਾਨ ਮੋਰਚਾ ਦੇ ਆਗੂਆਂ ਦੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਹਿੱਤ ’ਚ ਕੰਮ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਸਰਕਾਰ ਅਤੇ ਪਾਰਟੀ ਨੇ ਅੰਦੋਲਨ ’ਚ ਬਹੁਤ ਸੰਜਮ ਦਿਖਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਆਪਣੇ ਸੰਬੋਧਨ ’ਚ ਕਿਹਾ ਸੀ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਪਵਿੱਤਰ ਭਾਵਨਾ ਨਾਲ ਲਿਆਂਦੇ ਗਏ ਸਨ ਪਰ ਅਸੀਂ ਕੁਝ ਕਿਸਾਨ ਭਰਾਵਾਂ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਨਹੀਂ ਸਮਝਾ ਸਕੇ। ਇਸ ਲਈ ਦੇਸ਼ ਦੇ ਹਿੱਤ ’ਚ ਇਹ ਕਾਨੂੰਨ ਵਾਪਸ ਲੈ ਰਹੇ ਹਾਂ। ਕੇਂਦਰ ਸਰਕਾਰ ਨੇ ਜਿਸ ਹਮਦਰਦੀ ਅਤੇ ਖੁੱਲ੍ਹੇ ਮਨ ਨਾਲ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਪ੍ਰਵਾਨ ਕੀਤਾ ਹੈ, ਉਸ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਮੋਦੀ ਸਰਕਾਰ ਦਾ ਧੰਨਵਾਦ ਕਰਦੀ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ’ਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਾ ਹੋਰ ਮਜਬੂਤ ਹੋਵੇਗਾ। ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤਾਕਤਾਂ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ, ਅੱਜ ਹਾਰ ਗਈਆਂ ਹਨ। ਸ਼ਰਮਾ ਨੇ ਕਿਹਾ ਕੀ ਭਾਜਪਾ ਹਮੇਸ਼ਾ ਕਿਸਾਨ-ਪੱਖੀ ਰਹੀ ਹੈ ਅਤੇ ਕਿਸਾਨ-ਪੱਖੀ ਰਹੇਗੀ।


Bharat Thapa

Content Editor

Related News