ਵੈਟ ਵਾਧੇ ’ਤੇ ਸਰਕਾਰ ਨੂੰ ਸਵਾਲ ਕਰਨ ਦਾ ਭਾਜਪਾ ਨੂੰ ਕੋਈ ਨੈਤਿਕ ਆਧਾਰ ਨਹੀਂ : ‘ਆਪ’

Tuesday, Jun 13, 2023 - 09:43 PM (IST)

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ) : ਆਮ ਆਦਮੀ ਪਾਰਟੀ (ਆਪ) ਨੇ ਵੈਟ ਵਾਧੇ ’ਤੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਜਪਾ ਕੋਲ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਉਣ ਲਈ ਪੰਜਾਬ ਸਰਕਾਰ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ ਹੈ, ਕਿਉਂਕਿ ਭਾਜਪਾ ਦੀ ਕੇਂਦਰ ਸਰਕਾਰ ਨੈਸ਼ਨਲ ਹੈਲਥ ਮਿਸ਼ਨ ਫੰਡ ਅਤੇ ਜੀ. ਐੱਸ. ਟੀ. ਦੇ ਹਿੱਸੇ ਨੂੰ ਰੋਕ ਰਹੀ ਹੈ, ਜੋ ਸੂਬੇ ਦੀ ਅਰਥ-ਵਿਵਸਥਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ। ਪਾਰਟੀ ਦਫਤਰ ਤੋਂ ਜਾਰੀ ਬਿਆਨ ’ਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ’ਤੇ ਸਵਾਲ ਚੁੱਕਣ ਤੋਂ ਪਹਿਲਾਂ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਭੇਦਭਾਵ ਕਿਉਂ ਕਰ ਰਹੀ ਹੈ। ਮੋਦੀ ਸਰਕਾਰ ਸੂਬੇ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ? ਕੰਗ ਨੇ ਭਾਜਪਾ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ 2014 ’ਚ ਜਦੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਸਨ, ਉਦੋਂ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਸਨ।

ਇਹ ਵੀ ਪੜ੍ਹੋ : ਕੇਜਰੀਵਾਲ ਤੇ ਭਗਵੰਤ ਮਾਨ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਮੁਹਿੰਮ ਕਰਨਗੇ ਸ਼ੁਰੂ

ਅੱਜ ਕੀਮਤਾਂ ਅੱਧੀਆਂ ਹਨ ਪਰ ਪਿਛਲੇ ਕੁਝ ਸਾਲਾਂ ’ਚ ਭਾਰਤ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਕੀ ਭਾਜਪਾ ਭਾਰਤ ’ਚ ਵਧਦੀਆਂ ਕੀਮਤਾਂ ਦੇ ਪਿੱਛੇ ਦੀ ਗਿਣਤੀ ਸਮਝਾ ਸਕਦੀ ਹੈ? ਕੰਗ ਨੇ ਕਿਹਾ ਕਿ ਪੰਜਾਬ ਦੇ ਸਮੂਹ ਆਗੂਆਂ ਨੂੰ ਪੰਜਾਬ ਦੇ ਪੇਂਡੂ ਵਿਕਾਸ ਫੰਡ, ਨੈਸ਼ਨਲ ਹੈਲਥ ਮਿਸ਼ਨ ਫੰਡ ਅਤੇ ਪੰਜਾਬ ਦੀ ਜੀ. ਐੱਸ. ਟੀ. ਬਾਰੇ ਭਾਜਪਾ ਨੂੰ ਸਵਾਲ ਕਰਨਾ ਚਾਹੀਦਾ, ਕਿਉਂਕਿ ਸਾਰਾ ਪੈਸਾ ਪੰਜਾਬ ਦਾ ਹੈ ਅਤੇ ਸੂਬੇ ਦੇ ਵਿਕਾਸ ਲਈ ਵਰਤਿਆ ਜਾਣਾ ਚਾਹੀਦਾ ਹੈ ਪਰ ਕੇਂਦਰ ਸਰਕਾਰ ਇਨ੍ਹਾਂ ਫੰਡਾਂ ਨੂੰ ਜਾਰੀ ਨਹੀਂ ਕਰ ਰਹੀ ਹੈ। ਕੰਗ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੁਖਬੀਰ ਸਿੰਘ ਬਾਦਲ ਵਰਗੇ ਆਗੂ ਭਾਜਪਾ ਦਾ ਸਮਰਥਨ ਕਰ ਰਹੇ ਹਨ। ਕੰਗ ਨੇ ਕਿਹਾ ਕਿ ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਮੁਕਾਬਲੇ ’ਚ ਪੰਜਾਬ ’ਚ ਪੈਟਰੋਲ ਅਤੇ ਡੀਜ਼ਲ ਸਸਤਾ ਹੈ, ਦੋਵਾਂ ਸੂਬਿਆਂ ’ਚ ਭਾਜਪਾ ਅਤੇ ਰਾਜਸਥਾਨ ’ਚ ਕਾਂਗਰਸ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਲਗਨ ਨਾਲ ਕੰਮ ਕਰ ਰਹੀ ਹੈ ਅਤੇ ਸਾਡਾ ਏਜੰਡਾ ਪੰਜਾਬ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ : ਪੀ. ਐੱਮ. ਮੋਦੀ ਦੀਆਂ ਉਪਲਬਧੀਆਂ ਨਾਲ ਦੇਸ਼ ਦਾ ਸਿਰ ਉਚਾ ਹੋਇਆ : ਚੁਘ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News