''ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਦਿਓ'', ਕੇਜਰੀਵਾਲ ਨੂੰ ਭਾਜਪਾ ਆਗੂ ਦੀ ਚਿੱਠੀ

Thursday, Feb 19, 2026 - 01:20 PM (IST)

''ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਦਿਓ'', ਕੇਜਰੀਵਾਲ ਨੂੰ ਭਾਜਪਾ ਆਗੂ ਦੀ ਚਿੱਠੀ

ਲੁਧਿਆਣਾ (ਹਿਤੇਸ਼): ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਕ ਚਿੱਠੀ ਲਿਖ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਡਾ. ਰਾਜੂ ਨੇ ਤਰਨਤਾਰਨ ਵਿਚ 'ਆਪ' ਦੇ ਹੀ ਇਕ ਮੈਂਬਰ ਦੇ ਹੋਏ ਬੇਰਹਿਮੀ ਨਾਲ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਦੀ ਸਥਿਤੀ ਹੁਣ ਨਰਮ ਸ਼ਬਦਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦਾ ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਸੂਬੇ ਵਿਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਹੁਣ ਸੱਤਾਧਾਰੀ ਪਾਰਟੀ ਦੇ ਆਪਣੇ ਆਗੂ ਅਤੇ ਵਰਕਰ ਵੀ ਸੁਰੱਖਿਅਤ ਨਹੀਂ ਹਨ।

PunjabKesari

ਡਾ. ਰਾਜੂ ਨੇ ਆਪਣੀ ਚਿੱਠੀ ਵਿਚ ਸੂਬੇ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਨਸ਼ਿਆਂ ਦਾ ਜਾਲ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰ ਰਿਹਾ ਹੈ, ਜਿਸ ਕਾਰਨ ਲੋਕ ਪੰਜਾਬ ਛੱਡਣ ਲਈ ਮਜਬੂਰ ਹਨ। ਉਨ੍ਹਾਂ ਗੈਂਗਸਟਰਾਂ ਦੀ ਵਧਦੀ ਦਹਿਸ਼ਤ ਅਤੇ ਜਬਰਨ ਵਸੂਲੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਗੁੰਡਾਗਰਦੀ ਅੱਗੇ ਬੇਵੱਸ ਨਜ਼ਰ ਆ ਰਹੀ ਹੈ। ਪ੍ਰਸ਼ਾਸਨਿਕ ਨਾਕਾਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਬਹੁਤ ਸੁਸਤ ਅਤੇ ਢਿੱਲੀ ਸੀ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਆਪਣੇ ਹਾਲ 'ਤੇ ਛੱਡ ਦਿੱਤਾ ਗਿਆ।

ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਦੀ ਦੁਰਦਸ਼ਾ ਬਾਰੇ ਬੋਲਦਿਆਂ ਕਿਹਾ ਕਿ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਲਗਾਤਾਰ ਪ੍ਰੇਸ਼ਾਨ ਹਨ ਅਤੇ ਸਰਕਾਰ ਕੋਲ ਉਨ੍ਹਾਂ ਦੀ ਰੋਜ਼ੀ-ਰੋਟੀ ਲਈ ਕੋਈ ਗੰਭੀਰ ਯੋਜਨਾ ਨਹੀਂ ਹੈ। ਡਾ. ਰਾਜੂ ਨੇ 'ਆਪ' ਨੂੰ ਸਾਫ਼-ਸੁਥਰੀ ਸਰਕਾਰ ਦੇ ਵਾਅਦੇ ਨੂੰ ਯਾਦ ਕਰਵਾਉਂਦਿਆਂ ਸਵਾਲ ਚੁੱਕਦਿਆਂ ਕਿਹਾ ਕਿ ਹੇਠਲੇ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਭ੍ਰਿਸ਼ਟਾਚਾਰ ਵਿਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਸਪੱਸ਼ਟ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਜਾਰੀ ਰੱਖਣਾ ਨਾ ਸਿਰਫ਼ ਪੰਜਾਬ ਨੂੰ ਬਰਬਾਦ ਕਰੇਗਾ, ਸਗੋਂ ਪਾਰਟੀ ਦੀ ਭਰੋਸੇਯੋਗਤਾ ਨੂੰ ਵੀ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ। ਉਨ੍ਹਾਂ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਮੁੱਖ ਮੰਤਰੀ ਨੂੰ ਬਦਲ ਕੇ ਨਵੀਂ ਲੀਡਰਸ਼ਿਪ ਨਿਯੁਕਤ ਕਰਨ ਤਾਂ ਜੋ ਸੂਬੇ ਵਿਚ ਅਨੁਸ਼ਾਸਨ ਅਤੇ ਗੰਭੀਰ ਸ਼ਾਸਨ ਬਹਾਲ ਕੀਤਾ ਜਾ ਸਕੇ।


author

Anmol Tagra

Content Editor

Related News