ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਪ੍ਰਗਟਾਇਆ ਦੁੱਖ਼

04/26/2023 3:52:42 PM

ਜਲੰਧਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਦੁੱਖ਼ ਜ਼ਾਹਰ ਕਰਦੇ ਹੋਏ ਮਨੋਰੰਜਨ ਕਾਲੀਆ ਨੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਮੈਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦਾ ਹਾਂ। ਕਾਲੀਆ ਪਰਿਵਾਰ ਦੀਆਂ ਦੋ ਪੀੜ੍ਹੀਆਂ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਮੇਰੇ ਪਿਤਾ ਸਵਰਗਵਾਸੀ ਸ੍ਰੀ ਮਨਮੋਹਨ ਕਾਲੀਆ ਨੇ ਵੀ 70 ਦੇ ਦਹਾਕੇ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਕੈਬਨਿਟ ਵਿੱਚ ਕੈਬਨਿਟ ਮੰਤਰੀ ਦੇ ਰੂਪ ਵਿਚ ਪਹਿਲੇ ਕੈਬਨਿਟ ਵਜੋਂ ਸੇਵਾ ਨਿਭਾਈ ਸੀ ਅਤੇ ਮੈਨੂੰ ਵੀ ਦੋ ਵਾਰ ਪ੍ਰਕਾਸ਼ ਸਿੰਘ ਬਾਦਲ ਨਾਲ ਕੈਬਨਿਟ ਮੰਤਰੀ ਦੇ ਰੂਪ ਵਿਚ ਕੰਮ ਕਰਨ ਦਾ ਮੌਕਾ ਮਿਲਿਆ। 

ਇਹ ਵੀ ਪੜ੍ਹੋ : ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ

PunjabKesari

ਅੱਗੇ ਲਿਖਦੇ ਹੋਏ ਮਨੋਰੰਜਨ ਕਾਲੀਆ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਇੱਕ ਦੂਰਅੰਦੇਸ਼ੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸਾਰੀ ਉਮਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ। ਜਦੋਂ ਵੀ ਉਨ੍ਹਾਂ ਨੂੰ ਲੱਗਦਾ ਸੀ ਕਿ ਫਿਰਕੂ ਸਦਭਾਵਨਾ ਨੂੰ ਕੋਈ ਖ਼ਤਰਾ ਹੈ, ਉਹ ਤੁਰੰਤ ਕਾਰਵਾਈ ਕਰਨ ਲਈ ਤਿਆਰ ਸਨ। ਮੁਸਕਰਾਉਂਦੇ ਚਿਹਰੇ ਨਾਲ ਲੋਕਾਂ ਨੂੰ ਮਿਲਣਾ ਅਤੇ ਸਮੇਂ ਸਿਰ ਪਹੁੰਚਣਾ ਸਰਦਾਰ ਬਾਦਲ ਦਾ ਸੁਭਾਅ ਬਣ ਗਿਆ ਹੈ। ਉਹ ਸਰਪੰਚ ਤੋਂ ਲੈ ਕੇ ਪੰਜ ਵਾਰ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਤੱਕ ਦਾ ਲੰਬਾ ਸਿਆਸੀ ਕੈਰੀਅਰ ਰਿਹਾ ਹੈ। ਉਹ ਇੱਕ ਰਾਜਨੇਤਾ ਅਤੇ ਇੱਕ ਮਹਾਨ ਰਾਜਨੇਤਾ ਸਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਪ੍ਰਮਾਤਮਾ ਉਨ੍ਹਾਂ ਦੇ ਸਪੁੱਤਰ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ, ਕੋਟਿ-ਕੋਟਿ ਪ੍ਰਣਾਮ।

ਇਹ ਵੀ ਪੜ੍ਹੋ : ਪੰਜਾਬ ਦੇ ਧਾਰਮਿਕ ਸਥਾਨਾਂ ਦੇ ਬਾਹਰ ਸੁਰੱਖਿਆ ਵਿਵਸਥਾ ਕੀਤੀ ਗਈ ਹੋਰ ਸਖ਼ਤ, ਜਾਣੋ ਕਿਉਂ

ਜ਼ਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਦੇ 'ਬਾਬਾ ਬੋਹੜ' ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲਾ ਦੀ ਉਮਰ ਵਿਚ ਮੰਗਲਵਾਰ ਯਾਨੀ ਕਿ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਰਖਿਆ ਗਿਆ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤੱਕ ਲਿਜਾਈ ਜਾ ਰਹੀ ਹੈ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਫੋਰਟਿਸ ਹਸਪਤਾਲ ਤੋਂ ਲਿਆਂਦੀ ਜਾ ਰਹੀ ਸੀ ਤਾਂ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਭਾਵੁਕ ਹੋ ਗਏ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ।

ਇਹ ਵੀ ਪੜ੍ਹੋ : ਵਿਸ਼ੇਸ਼ ਗੱਲਬਾਤ ’ਚ ਬੋਲੇ ਮੰਤਰੀ ਹਰਪਾਲ ਚੀਮਾ, ਕਾਂਗਰਸ ਦੇ ਭ੍ਰਿਸ਼ਟਾਚਾਰੀ ਲੀਡਰਾਂ ਨੇ ਤਰੱਕੀ ਕੀਤੀ, ਪੰਜਾਬ ਨੇ ਨਹੀਂ
 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News