ਨੋਟਾਂ 'ਤੇ ਤਸਵੀਰ ਨੂੰ ਲੈ ਕੇ ਭਖੀ ਸਿਆਸਤ, ਹੁਣ ਰਾਜ ਕੁਮਾਰ ਵੇਰਕਾ ਦਾ ਬਿਆਨ ਆਇਆ ਸਾਹਮਣੇ
Thursday, Oct 27, 2022 - 01:44 PM (IST)
ਅੰਮ੍ਰਿਤਸਰ (ਗੁਰਿੰਦਰ) : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਭਾਰਤੀ ਨੋਟਾਂ 'ਤੇ ਤਸਵੀਰ ਬਦਲਣ ਬਾਰੇ ਬਿਆਨ ਦਿੱਤਾ ਗਿਆ ਸੀ। ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਕਰੰਸੀ 'ਤੇ ਲੱਛਮੀ ਮਾਤਾ ਅਤੇ ਗਣੇਸ਼ ਜੀ ਦੀ ਤਸਵੀਰ ਲਾਉਣ ਦੀ ਅਪੀਲ ਵੀ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਤੋਂ ਬਾਅਦ ਲਗਾਤਾਰ ਸਿਆਸਤ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਹੁਣ ਅੰਮ੍ਰਿਤਸਰ ਤੋਂ ਭਾਜਪਾ ਆਗੂ ਡਾ. ਰਾਜ ਕੁਮਾਰ ਵੇਰਕਾ ਦਾ ਬਿਆਨ ਵੀ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਘਰੇਲੂ ਬਿਜਲੀ ਖ਼ਪਤਕਾਰ ਜ਼ਰਾ ਧਿਆਨ ਦੇਣ, ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ
ਉਨ੍ਹਾਂ ਕਿਹਾ ਹੈ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੇ ਸੰਵਿਧਾਨ ਲਿਖਿਆ ਸੀ ਅਤੇ ਉਨ੍ਹਾਂ ਦੀ ਤਸਵੀਰ ਭਾਰਤੀ ਕਰੰਸੀ 'ਤੇ ਜ਼ਰੂਰ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੇ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼ ਹੁੰਦੀ ਰਹੀ ਹੈ ਅਤੇ ਉਹ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਬਾਬਾ ਸਾਹਿਬ ਦੇ ਨਾਂ ਨੂੰ ਅੱਗੇ ਵਧਾਇਆ ਅਤੇ ਪੂਰੇ ਦੇਸ਼ ਨੂੰ ਪੰਜ ਤੀਰਥ ਬਣਾ ਕੇ ਇਕ ਅਜੂਬਾ ਦਿੱਤਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਹੁਣ ਸਕੂਲਾਂ ਨੂੰ ਜਾਰੀ ਕੀਤੇ ਗਏ ਇਹ ਹੁਕਮ
ਉਨ੍ਹਾਂ ਕਿਹਾ ਕਿ ਜਦੋਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਹਨ ਤਾਂ ਸੁਪਰੀਮ ਕੋਰਟ, ਹਾਈਕੋਰਟਾਂ ਅਤੇ ਜ਼ਿਲ੍ਹਾ ਅਦਾਲਤਾਂ 'ਚ ਵੀ ਬਾਬਾ ਸਾਹਿਬ ਦੀ ਤਸਵੀਰ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਵੀ ਇਹੀ ਬਿਆਨ ਦਿੱਤਾ ਸੀ ਕਿ ਨਵੇਂ ਨੋਟਾਂ 'ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੀ ਤਸਵੀਰ ਛਪਣੀ ਚਾਹੀਦੀ ਹੈ। ਮਨੀਸ਼ ਤਿਵਾੜੀ ਦੇ ਬਿਆਨ ਦਾ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਮਰਥਨ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ