ਪੰਜਾਬ ''ਚ ਰੈੱਡ ਅਲਰਟ ਜਾਰੀ ਕਰਕੇ ਕੇਂਦਰੀ ਬਲ ਤਾਇਨਾਤ ਕੀਤੇ ਜਾਣ : ਤਰੁਣ ਚੁੱਘ
Thursday, Jan 27, 2022 - 02:52 PM (IST)
ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੰਗ ਕੀਤੀ ਹੈ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ, ਇਸ ਲਈ ਸੂਬੇ 'ਚ ਰੈੱਡ ਅਲਰਟ ਜਾਰੀ ਕੀਤਾ ਜਾਣਾ ਚਾਹੀਦਾ ਹੈ। ਤਰੁਣ ਚੁੱਘ ਨੇ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਅਪੀਲ ਕਰਦੇ ਹਨ ਕਿ ਪੰਜਾਬ ਦੇ ਡੀ. ਜੀ. ਪੀ., ਗ੍ਰਹਿ ਮੰਤਰੀ ਰੰਧਾਵਾ, ਮੁੱਖ ਸਕੱਤਰ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਜ਼ਿੱਦ ਕਰਕੇ ਪੰਜਾਬ ਦੇ ਡੀ. ਜੀ. ਪੀ. ਨੂੰ ਲਗਵਾਇਆ ਹੈ ਅਤੇ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਜਾਣ-ਬੁੱਝ ਕੇ ਕੋਤਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਕਤ ਸਭ 'ਤੇ ਦੇਸ਼ ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਐੱਨ. ਆਈ. ਏ. ਅਤੇ ਸੀ. ਬੀ. ਆਈ. ਨੂੰ ਕਰਨੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦੋਸਤ ਨਵਜੋਤ ਸਿੱਧੂ ਦੀ ਸਰਕਾਰ ਪੰਜਾਬ ਦੀ ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਖ਼ਤਰਾ ਹੈ।
ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਜ਼ਿੱਦ ਕਰਕੇ ਚਟੋਪਾਧਿਆਏ ਨੂੰ ਡੀ. ਜੀ. ਪੀ. ਬਣਾਇਆ ਅਤੇ ਗੈਂਗਸਟਰਾਂ ਨਾਲ ਮਿਲ ਕੇ ਖੂਨੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਖ਼ੂਨੀ ਸਾਜ਼ਿਸ਼ 'ਚ ਪਾਕਿਸਤਾਨ, ਆਈ. ਐੱਸ. ਆਈ., ਇਮਰਾਨ ਖਾਨ, ਨਵਜੋਤ ਸਿੰਘ ਸਿੱਧੂ, ਚੰਨੀ ਸਾਹਿਬ, ਡੀ. ਜੀ. ਪੀ. ਸ਼ਾਮਲ ਹਨ।