ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
Monday, Jun 19, 2023 - 09:54 PM (IST)
ਚੰਡੀਗੜ੍ਹ (ਬਿਊਰੋ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਦੇ ਵਿਸ਼ੇ ’ਚ ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਕਰ ਰਹੇ ਹਨ, ਉਥੇ ਹੀ ਗੁਰਬਾਣੀ ਪ੍ਰਸਾਰਣ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਬੰਧਨ ਸਿੱਖਾਂ ਵੱਲੋਂ ਚੁਣੀ ਹੋਈ ਸੰਸਥਾ ਐੱਸ. ਜੀ. ਪੀ. ਸੀ. ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ। ਸਰਕਾਰਾਂ ਨੂੰ ਇਸ ’ਚ ਦਖ਼ਲਅੰਦਾਜ਼ੀ ਤੋਂ ਬਚਣਾ ਚਾਹੀਦਾ ਹੈ।
ਚੁੱਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਲ 2000 ਤੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੀ ਵਿਵਸਥਾ ਦੇਖ ਰਹੀ ਹੈ। ਭਗਵੰਤ ਮਾਨ ਸਰਕਾਰ ਇਸ ਦੇ ਪ੍ਰਸਾਰਣ ਲਈ ਵਿਧਾਨ ਸਭਾ ਵਿਚ ਇਕ ਨਵਾਂ ਪ੍ਰਸਤਾਵ ਪੇਸ਼ ਕਰਨ ਤੋਂ ਪਹਿਲਾਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਨਾਲ ਸੰਪਰਕ ਕਰਨ ਤਾਂ ਕਿ ਗੁਰਬਾਣੀ ਪ੍ਰਸਾਰਣ ’ਚ ਜੋ ਕਮੀ ਹੈ, ਉਸ ’ਤੇ ਚਰਚਾ ਕੀਤੀ ਜਾ ਸਕੇ।
ਚੁੱਘ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਯਾਦ ਰੱਖਣਾ ਹੋਵੇਗਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਕਰਨ ’ਚ ਸਿੱਖ ਮਰਿਆਦਾਵਾਂ ਵਿਚ ਥੋੜ੍ਹੀ ਜਿਹੀ ਖੁੰਝ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ। ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਵਾਂ ਐਕਟ ਲਾਗੂ ਕਰਕੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇ ਕੇ ਉਨ੍ਹਾਂ ਨੂੰ ਉਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਚੁੱਘ ਨੇ 'ਆਪ' ਦੀ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੀ ਤਰੱਕੀ ’ਤੇ ਧਿਆਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦਾ ਜੀਵਨ ਸੁਧਾਰਨ ਲਈ ਕੰਮ ਕਰੇ, ਨਾ ਕਿ ਧਾਰਮਿਕ ਮਾਮਲਿਆਂ ’ਚ ਉਲਝ ਕੇ ਸੂਬੇ ਦੀ ਸਥਾਈ ਸ਼ਾਂਤੀ ਲਈ ਕੋਈ ਨਵੀਂ ਚੁਣੌਤੀ ਪੈਦਾ ਕਰੇ।