ਭਾਜਪਾ ਆਗੂ ਤਰੁਣ ਚੁੱਘ ਦਾ ਭਗਵੰਤ ਮਾਨ ਸਰਕਾਰ ''ਤੇ ਨਿਸ਼ਾਨਾ, ਲਗਾਏ ਇਹ ਦੋਸ਼
Tuesday, Mar 29, 2022 - 04:16 PM (IST)
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਹੈ ਕਿ ਲੋਕਾਂ ਨੂੰ ਮੁਫ਼ਤ ਰਾਸ਼ਨ ਵੰਡਦੇ ਹੋਏ ਸੂਬੇ ਦੀ 'ਆਪ' ਸਰਕਾਰ ਨੂੰ ਲੋਕਾਂ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਹ ਵਿਵਸਥਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਯੋਜਨਾ ਤਹਿਤ 1.42 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਗਿਆ ਹੈ ਅਤੇ ਹੁਣ 'ਆਪ' ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਆਪਣਾ ਹੀ ਢਿੰਡੋਰਾ ਪਿੱਟ ਰਹੀ ਹੈ।
ਤਰੁਣ ਚੁੱਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੁੰਮਰਾਹਕੁੰਨ ਦਾਅਵੇ ਅਤੇ ਝੂਠੇ ਕ੍ਰੈਡਿਟ ਲੈਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ਸਬੰਧੀ ਲਏ ਜਾਣ ਵਾਲੇ ਕੇਂਦਰ ਦੇ ਪ੍ਰਸ਼ਾਸਨਿਕ ਫ਼ੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਵੀ ਆਲੋਚਨਾ ਕੀਤੀ। ਤਰੁਣ ਚੁੱਘ ਨੇ ਕਿਹ ਕਿ ਇਹ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਨ੍ਹਾਂ 'ਚੋਂ ਬਹੁਤੇ ਮੁਲਾਜ਼ਮ ਪੰਜਾਬ ਦੇ ਸਨ। ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। ਚੁੱਘ ਨੇ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਮੰਨ ਗਈ ਹੈ ਤਾਂ ਭਗਵੰਤ ਮਾਨ ਸਰਕਾਰ ਇਸ ਬਾਰੇ ਫਿਰ ਤੋਂ ਗੁੰਮਰਾਹਕੁੰਨ ਟਿੱਪਣੀ ਕਰ ਰਹੀ ਹੈ।