ਪੰਜਾਬ ਭਾਜਪਾ ਪ੍ਰਧਾਨ ''ਤੇ ਹੋਏ ਹਮਲੇ ਦੇ ਮਾਮਲੇ ''ਚ ਨਵਾਂ ਮੋੜ, ਕਾਂਗਰਸ ''ਤੇ ਲੱਗੇ ਦੋਸ਼
Tuesday, Oct 13, 2020 - 06:37 PM (IST)
ਜਲੰਧਰ : ਜਲੰਧਰ ਤੋਂ ਪਠਾਨਕੋਟ ਜਾ ਰਹੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ 'ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਆਗੂਆਂ ਨੇ ਕਾਂਗਰਸ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਭਾਜਪਾ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਕਿਸਾਨਾਂ ਨੇ ਨਹੀਂ, ਸਗੋਂ ਸਰਕਾਰ ਦੇ ਇਸ਼ਾਰੇ 'ਤੇ ਹੋਇਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਮਲਾ ਕਰਨ ਵਾਲੇ ਕਿਸਾਨ ਕਦੇ ਨਹੀਂ ਹੋ ਸਕਦੇ। ਉਨ੍ਹਾਂ ਦੱਸਿਆ ਕਿ ਉਹ ਅਕਸਰ ਇਸ ਰੂਟ ਤੋਂ ਲੰਘਦੇ ਹਨ ਪਰ ਟੌਲ-ਪਲਾਜ਼ਾ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਨਾਅਰੇਬਾਜ਼ੀ ਤੋਂ ਇਲਾਵਾ ਕਦੇ ਕੁੱਝ ਨਹੀਂ ਕਿਹਾ।
ਇਹ ਵੀ ਪੜ੍ਹੋ : ਭਾਜਪਾ ਨੂੰ ਪੰਜਾਬ 'ਚ ਝਟਕੇ 'ਤੇ ਝਟਕਾ, ਲੱਗੀ ਅਸਤੀਫ਼ਿਆਂ ਦੀ ਝੜੀ
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸੈਕਟਰੀ ਤਰੁਣ ਚੁੱਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ਵਿਚ ਯੂਥ ਕਾਂਗਰਸ ਦੇ ਆਗੂਆਂ ਨੇ ਭਾਜਪਾ ਪ੍ਰਧਾਨ 'ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਭਾਜਪਾ ਦਫ਼ਤਰ 'ਤੇ ਵੀ ਹਮਲੇ ਹੋ ਚੁੱਕੇ ਹਨ। ਚੁੱਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇਹ ਲੀਡਰ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਾਜਪਾ ਨੂੰ ਨਿਸ਼ਾਨਾ ਬਣਾ ਕੇ ਹਮਲੇ ਕਰ ਰਹੇ ਹਨ। ਚੁੱਘ ਨੇ ਕਿਹਾ ਕਿ ਭਾਜਪਾ ਕਿਸਾਨਾਂ ਨੂੰ 135 ਕਰੋੜ ਦੇਸ਼ ਵਾਸੀਆਂ ਦਾ ਭਗਵਾਨ ਮੰਨਦੀ ਹੈ ਅਤੇ ਕਿਸਾਨ ਦੇਸ਼ ਦਾ ਪਾਲਣ ਕਰ ਰਹੇ ਹਨ ਅਤੇ ਪਾਲਣਕਰਤਾ ਕਦੇ ਹਮਲੇ ਨਹੀਂ ਕਰਦੇ। ਇਹ ਹਮਲਾ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਯੂਥ ਕਾਂਗਰਸ ਵਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਸਿਆਸੀ ਧਿਰਾਂ ਕਿਸਾਨਾਂ ਦੀ ਆੜ 'ਚ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਚੁੱਘ ਨੇ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਤੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਕੀਤੇ ਗਏ ਜਾਨਲੇਵਾ ਹਮਲੇ 'ਤੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਓਬਰਾਏ ਹੋਏ ਕੋਰੋਨਾ ਮੁਕਤ
ਦੂਜੇ ਪਾਸੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਵੀ ਇਸ ਹਮਲੇ ਪਿੱਛੇ ਕਾਂਗਰਸ ਦਾ ਹੱਥ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੀਆਂ ਗੱਡੀਆਂ ਉਥੇ ਖੜੀਆਂ ਸਨ, ਉਨ੍ਹਾਂ 'ਤੇ ਯੂਥ ਕਾਂਗਰਸ ਦੇ ਸਟਿੱਕਰ ਲੱਗੇ ਸਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰਾ ਹਮਲਾ ਯੂਥ ਕਾਂਗਰਸ ਨੇ ਕਰਵਾਇਆ ਹੈ ਕਿਉਂਕਿ ਜਲੰਧਰ ਤੋਂ ਯੂਥ ਕਾਂਗਰਸ ਦੀਆਂ ਗੱਡੀਆਂ ਉਨ੍ਹਾਂ ਦਾ ਪਿੱਛਾ ਕਰ ਰਹੀਆਂ ਸਨ ਅਤੇ ਜਿਵੇਂ ਹੀ ਉਹ ਟੋਲ ਪਲਾਜ਼ਾ 'ਤੇ ਰੁਕੇ ਤਾਂ ਕਿਸਾਨਾਂ ਦੀ ਆੜ ਵਿਚ ਘੁਸਪੈਠ ਕਰਕੇ ਉਨ੍ਹਾਂ ਨੇ ਸ਼ਰਮਾ ਦੀ ਗੱਡੀ 'ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ 17 ਮਹੀਨੇ ਪਹਿਲਾਂ ਕੇਂਦਰ ਸਰਕਾਰ ਨੂੰ ਲੈ ਕੇ ਬਦਲੇ ਕੈਪਟਨ ਦੇ ਤੇਵਰ