ਮਨਰੇਗਾ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਵੱਖ-ਵੱਖ ਪਾਰਟੀਆਂ: ਅਸ਼ਵਨੀ ਸ਼ਰਮਾ
Sunday, Jan 11, 2026 - 07:17 PM (IST)
ਫ਼ਤਹਿਗੜ੍ਹ ਸਾਹਿਬ (ਜਗਦੇਵ/ਵਿਪਨ): ਫ਼ਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਵਿਕਸਿਤ ਭਾਰਤ – ਜੀ ਰਾਮ ਜੀ ਯੋਜਨਾ ਪ੍ਰਤੀ ਜਨ ਜਾਗਰੂਕਤਾ ਮੁਹਿੰਮ ਤਹਿਤ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਭਾਜਪਾ ਵਰਕਰਾਂ ਅਤੇ ਸਮਰਥਕਾਂ ਨੇ ਭਾਗ ਲਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਮੇਤ ਕਈ ਹੋਰ ਸਿਆਸੀ ਪਾਰਟੀਆਂ ਮਨਰੇਗਾ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮਨਰੇਗਾ ਅਧੀਨ ਮਿਲਣ ਵਾਲਾ ਰੁਜ਼ਗਾਰ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚ ਰਿਹਾ, ਜਿਸ ਕਾਰਨ ਗਰੀਬ ਅਤੇ ਮਜ਼ਦੂਰ ਵਰਗ ਨੂੰ ਉਸਦਾ ਪੂਰਾ ਲਾਭ ਨਹੀਂ ਮਿਲ ਰਿਹਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਮਨਰੇਗਾ ਵਿਚ ਜ਼ਰੂਰੀ ਅਤੇ ਲੋਕ-ਹਿਤੈਸ਼ੀ ਬਦਲਾਅ ਕਰਕੇ ਪਹਿਲਾਂ ਨਾਲੋਂ ਵੀ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਜਰੂਰਤਮੰਦ ਵਿਅਕਤੀ ਨੂੰ ਕੰਮ ਮਿਲ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਤੋਂ ਘਬਰਾਕੇ ਵਿਰੋਧੀ ਪਾਰਟੀਆਂ ਬੁਖਲਾਹਟ ਵਿਚ ਆ ਕੇ ਝੂਠੀ ਪ੍ਰਚਾਰਬਾਜ਼ੀ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
