ਭਾਜਪਾ ਵੱਲੋਂ DSGMC ’ਤੇ ਕੰਟਰੋਲ ਕਰਨ ਦਾ ਯਤਨ ਸਿੱਖ ਕੌਮ ਦੇ ਮਾਮਲਿਆਂ ’ਚ ਸਿੱਧਾ ਦਖਲ : ਅਕਾਲੀ ਦਲ

Friday, Dec 31, 2021 - 10:21 PM (IST)

ਭਾਜਪਾ ਵੱਲੋਂ DSGMC ’ਤੇ ਕੰਟਰੋਲ ਕਰਨ ਦਾ ਯਤਨ ਸਿੱਖ ਕੌਮ ਦੇ ਮਾਮਲਿਆਂ ’ਚ ਸਿੱਧਾ ਦਖਲ : ਅਕਾਲੀ ਦਲ

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਯਤਨ ਨੂੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ’ਚ ਸਿੱਧਾ ਦਖਲ ਕਰਾਰ ਦਿੱਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ’ਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਭਾਜਪਾ ਦੇ ਕਹਿਣ ’ਤੇ ਲਿਆ ਗਿਆ ਹੈ ਤੇ ਭਾਜਪਾ ਹੀ ਧਾਰਮਿਕ ਸੰਸਥਾ ’ਤੇ ਕਾਬਜ਼ ਹੋਣ ਦਾ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਨਵਜੋਤ ਸਿੱਧੂ ਨੂੰ ਕੀਤਾ ਵੱਡਾ ਚੈਲੰਜ

ਸਿਰਸਾ ਵੱਲੋਂ ਅਸਤੀਫਾ ਦੇਣ ਮਗਰੋਂ ਭਾਜਪਾ ’ਚ ਸ਼ਾਮਲ ਹੋਣ ਮਗਰੋਂ ਹੁਣ ਫਿਰ ਤੋਂ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨ ਦੀ ਕਾਰਵਾਈ ਨੂੰ ਅਨੈਤਿਕ ਕਰਾਰ ਦਿੰਦਿਆਂ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਸਿੱਖ ਪੰਥ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਇਹ ਕਦਮ ਗੈਰ-ਕਾਨੂੰਨੀ ਤੇ ਗੈਰ-ਸੰਵਿਧਾਨਕ ਹੈ। ਉਨ੍ਹਾਂ ਕਿਹਾ ਕਿ ਸਿਰਸਾ ਨੇ ਪਿਛਲੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਆਪ ਹੀ ਨਵੀਂ ਕਮੇਟੀ ਦੇ ਗਠਨ ਦਾ ਰਾਹ ਪੱਧਰਾ ਕੀਤਾ ਸੀ। ਉਨ੍ਹਾਂ ਕਿਹਾ ਕਿ ਨਵੀਂ ਕਮੇਟੀ ਦਾ ਗਠਨ ਕੁਝ ਮਹੀਨੇ ਪਹਿਲਾਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਪਹਿਲਾਂ ਹੀ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਵੀਂ ਕਮੇਟੀ ਦਾ ਗਠਨ ਹੋਣ ਦੇਣ ਦੀ ਥਾਂ ’ਤੇ ਸਿਰਸਾ ਨੂੰ ਭਾਜਪਾ ਦੀ ਹਮਾਇਤ ਨਾਲ ਦਿੱਲੀ ਗੁਰਦੁਆਰਾ ਕਮੇਟੀ ਸਿਰ ਮੜ੍ਹਿਆ ਜਾ ਰਿਹਾ ਸੀ। ਅਕਾਲੀ ਦਲ ਨੇ ਕਿਹਾ ਕਿ ਭਾਜਪਾ ਦੀਆਂ ਇਹ ਤਰਕੀਬਾਂ ਸਹਾਈ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਉਲਟਾ ਸਿੱਖ ਕੌਮ ਪਾਰਟੀ ਤੋਂ ਟੁੱਟ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਿਰਸਾ ਵਰਗੇ ਬੰਦਿਆਂ ਰਾਹੀਂ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਅਜਿਹੇ ਯਤਨ ਤੁਰੰਤ ਬੰਦ ਕਰੇ।

ਇਹ ਵੀ ਪੜ੍ਹੋ : ਪ੍ਰਾਚੀਨ ਸ਼ਿਵ ਮੰਦਿਰ ਪਹੁੰਚੇ ਸੁਖਬੀਰ ਬਾਦਲ, ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਵਿੰਨ੍ਹੇ ਨਿਸ਼ਾਨੇ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News