ਭਾਜਪਾ ਨੇ ਪੰਜਾਬ ’ਚ ਅਮਨ-ਕਾਨੂੰਨ ਦੀ ਬਦਹਾਲ ਵਿਵਸਥਾ ਬਾਰੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
Wednesday, Jul 07, 2021 - 01:40 AM (IST)
ਚੰਡੀਗੜ੍ਹ(ਸ਼ਰਮਾ)- ਕਿਸਾਨ ਅੰਦੋਲਨ ਦੀ ਆੜ ਵਿਚ ਰਾਜਨੀਤਕ ਤੌਰ ’ਤੇ ਪ੍ਰੇਰਿਤ ਗੁੰਡਿਆਂ ਵਲੋਂ ਭਾਜਪਾ ਨੇਤਾਵਾਂ ’ਤੇ ਹੋਏ ਕਾਤਲਾਨਾ ਹਮਲੇ, ਭਾਜਪਾ ਦਫ਼ਤਰਾਂ ’ਤੇ ਹਮਲੇ ਅਤੇ ਭਾਜਪਾ ਨੇਤਾਵਾਂ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਨੂੰ ਲੈ ਕੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਅਸ਼ਵਨੀ ਸ਼ਰਮਾ ਨੇ ਰਾਜਪਾਲ ਨੂੰ ਖੇਤੀਬਾੜੀ ਕਾਨੂੰਨਾਂ ਦੀ ਆੜ ਵਿਚ ਕਾਤਿਲਾਨਾ ਹਮਲੇ ਕਰਨ ਵਾਲੇ ਬਦਮਾਸ਼ਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਡੀ.ਜੀ.ਪੀ. ਪੰਜਾਬ ਨੂੰ ਹਦਾਇਤਾਂ ਜਾਰੀ ਕਰਨ ਲਈ ਮੰਗ ਪੱਤਰ ਦਿੱਤਾ।
ਇਹ ਵੀ ਪੜ੍ਹੋ- ਸੋਨੀਆ ਗਾਂਧੀ ਨਾਲ ਬੈਠਕ ਤੋਂ ਬਾਅਦ ਬੋਲੇ ਕੈਪਟਨ, ਕਿਹਾ-ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ
ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਪੰਜਾਬ ਵਿਚ ਭਾਜਪਾ ਦੇ ਦਿੱਗਜ਼ ਨੇਤਾਵਾਂ ਅਤੇ ਵਰਕਰਾਂ ਉਪਰ ਪੁਲਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਕਿਸਾਨਾਂ ਦੇ ਵਿਰੋਧ ਦੀ ਆੜ ਵਿਚ ਬਦਮਾਸ਼ਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਲੋਂ ਕਾਤਿਲਾਨਾ ਹਮਲੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਨੁਕਸਾਨਿਆ ਜਾ ਰਿਹਾ ਹੈ ਪਰ ਪੁਲਸ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਜੋ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ ਕਿ ਉਪਰੋਕਤ ਘਟਨਾਵਾਂ ਵਿਚ ਪੁਲਸ ਦੀ ਸਮਾਜ-ਵਿਰੋਧੀ ਅਨਸਰਾਂ ਨਾਲ ਮਿਲੀਭੁਗਤ ਹੈ। ਪੁਲਸ ਦੇ ਸਰਗਰਮ ਸਹਿਯੋਗ ਸਦਕਾ ਸੂਬੇ ਵਿਚ ਅਜਿਹੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਸੱਤਾਧਾਰੀ ਨੇਤਾ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਨੇਤਾ ਮੌਜੂਦਾ ਹਾਲਤਾਂ ਵਿਚ ਆਪਣੇ ਰਾਜਨੀਤਿਕ ਲਾਭ ਲਈ ਅਜਿਹੀ ਹਿੰਸਾ ਅਤੇ ਧਮਕੀਆਂ ਦਾ ਸਹਾਰਾ ਲੈ ਰਹੇ ਹਨ। ਅਜਿਹੀ ਸਥਿਤੀ ਵਿਚ ਸੂਬੇ ਦਾ ਕੋਈ ਵੀ ਵਸਨੀਕ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।
ਇਹ ਵੀ ਪੜ੍ਹੋ- ਸਿੱਧੂ ਨੂੰ ਇੰਨਾ ਹੀ ਫਿਕਰ ਸੀ ਤਾਂ ਬਿਜਲੀ ਵਿਭਾਗ ਦਾ ਚਾਰਜ ਕਿਉਂ ਨਹੀਂ ਸੰਭਾਲਿਆ : ਰਵਨੀਤ ਬਿੱਟੂ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਸਭ ਸੱਤਾਧਾਰੀ ਨੇਤਾਵਾਂ ਅਤੇ ਵਿਰੋਧੀ ਧਿਰਾਂ ਵਲੋਂ ਰਾਜਨੀਤਿਕ ਲਾਭ ਲਈ ਸੂਬੇ ਦੇ ਸ਼ਾਂਤਮਈ ਅਤੇ ਭਾਈਚਾਰਕ ਮਾਹੌਲ ਨੂੰ ਖਰਾਬ ਕਰਨ ਦੀ ਯੋਜਨਾ ਤਹਿਤ ਕੀਤਾ ਜਾ ਰਿਹਾ ਹੈ। ਭਾਜਪਾ ਇਹ ਮਨਸੂਬੇ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। ਇਸ ਮੌਕੇ ਸੰਗਠਨ ਮੰਤਰੀ ਦਿਨੇਸ਼ ਕੁਮਾਰ, ਕੌਮੀ ਭਾਜਪਾ ਦੇ ਬੁਲਾਰੇ ਇਕਬਾਲ ਸਿੰਘ ਲਾਲਪੁਰਾ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਹਰਜੀਤ ਸਿੰਘ ਗਰੇਵਾਲ, ਰਾਜੇਸ਼ ਬੱਗਾ ਆਦਿ ਹਾਜ਼ਰ ਸਨ।