ਪੰਜਾਬ ''ਚ ਵੱਡਾ ਧਮਾਕਾ ਕਰਨ ਦੀ ਰੌਂਅ ''ਚ ਭਾਜਪਾ, ਬਦਲਣਗੇ ਸਿਆਸੀ ਸਮੀਕਰਨ

12/13/2021 5:32:59 PM

ਜਲੰਧਰ: ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਮਗਰੋਂ ਤਕਰੀਬਨ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਜਿੱਤ ਦੇ ਜਸ਼ਨਾਂ ਨਾਲ ਵਾਪਸ ਪਰਤ ਆਏ ਹਨ। ਇਸਦੇ ਨਾਲ ਹੀ ਭਾਜਪਾ ਨੇ ਪੰਜਾਬ ਦੇ ਸਿਆਸੀ ਮੈਦਾਨ ਵਿੱਚ ਖੁੱਲ੍ਹ ਕੇ ਆਉਣ ਦੀ ਤਿਆਰੀ ਕਰ ਲਈ ਹੈ।ਚਰਚਾਵਾਂ ਚੱਲ ਰਹੀਆਂ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਪੰਜਾਬ ਲਈ ਵੱਡੇ ਐਲਾਨ ਕਰ ਸਕਦੀ ਹੈ।ਇਹ ਐਲਾਨ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਵਿਕਾਸ ਲਈ ਵਿਸ਼ੇਸ਼ ਵਿੱਤੀ ਪੈਕਜ, ਕਿਸਾਨਾਂ ਦੇ ਕਰਜ਼ਾ ਮੁਆਫ਼ੀ ਸਬੰਧੀ ਜਾਂ ਕੋਈ ਹੋਰ ਵੀ ਹੋ ਸਕਦੈ ਹਨ।

ਇਸ ਵਿੱਚ ਕੋਈ ਦੋ ਰਾਏ ਨਹੀਂ ਹੈ ਕਿ ਭਾਜਪਾ ਦੀ ਕੇਂਦਰੀ ਇਕਾਈ ਨੇ ਜੋੜ-ਤੋੜ ਦੀ ਸਿਆਸਤ ਨਾਲ ਕਈ ਸੂਬਿਆਂ ਵਿੱਚ ਸਰਕਾਰਾਂ ਬਣਾਈਆਂ ਹਨ।ਇਹ ਫਾਰਮੂਲਾ ਪੰਜਾਬ ਵਿੱਚ ਵੀ ਵਰਤਿਆ ਜਾ ਸਕਦਾ ਹੈ ਜਿਸ ਦੀ ਉਦਾਹਰਨ ਪਿਛਲੇ ਦਿਨੀਂ ਅਕਾਲੀ ਦੇ ਵੱਡੇ ਆਗੂ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਦਾ ਭਾਜਪਾ 'ਚ ਸ਼ਾਮਲ ਹੋਣਾ ਹੈ। ਇਸੇ ਤਰ੍ਹਾਂ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਸਮੇਤ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸਰਬਦੀਪ ਸਿੰਘ ਵਿਰਕ, ਪੰਜਾਬ ਦੇ ਉਦਯੋਗਪਤੀ ਹਰਚਰਨ ਸਿੰਘ ਰਣੌਤਾ, ‘ਆਪ’ ਦੇ ਆਗੂ ਗੁਰਪ੍ਰੀਤ ਸਿੰਘ ਭੱਟੀ, ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਦੇ ਓ. ਐੱਸ. ਡੀ. ਅਵਤਾਰ ਸਿੰਘ ਜ਼ੀਰਾ ਵੀ ਭਾਜਪਾ ’ਚ ਸ਼ਾਮਲ ਹੋਏ ਹਨ। ਸਿਆਸੀ ਪੰਡਤਾਂ ਦੀ ਮੰਨੀਏ ਤਾਂ ਪੰਜਾਬ ਵਿੱਚ ਚੋਣ ਜ਼ਾਬਤੇ ਮਗਰੋਂ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨਿਰਾਸ਼ ਆਗੂ ਭਾਜਪਾ 'ਚ ਸ਼ਾਮਲ ਹੋ ਕੇ ਪੰਜਾਬ ਦੀ ਸਿਆਸਤ ਦੇ ਸਮੀਕਰਨ ਬਦਲ ਦੇਣਗੇ। ਬੇਸ਼ੱਕ ਇਸ ਗੱਲ ਦਾ ਕੋਈ ਦਾਅਵਾ ਨਹੀਂ ਕੀਤਾ ਜਾ ਸਕਦਾ ਪਰ ਚੋਣਾਂ ਦਾ ਇਤਿਹਾਸ ਅਤੇ ਭਾਜਪਾ ਦੀ ਸਿਆਸੀ ਰਣਨੀਤੀ ਕਿਸੇ ਤੋਂ ਲੁਕੀ ਨਹੀਂ ਜਿਸ ਕਰਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਚੋਣ ਜ਼ਾਬਤੇ ਮਗਰੋਂ ਹੋਰਾਂ ਪਾਰਟੀਆਂ ਦੇ ਆਗੂ ਭਾਜਪਾ ਦਾ ਪੱਲਾ ਫੜਨਗੇ। 

ਇਹ ਵੀ ਪੜ੍ਹੋਰਾਣਾ ਗੁਰਜੀਤ ਤੇ ਨਵਤੇਜ ਚੀਮਾ ਦੀ ਸਿਆਸੀ ਜੰਗ 'ਚ ਸਿੱਧੂ ਦੀ ਐਂਟਰੀ, ਦਿੱਤਾ ਵੱਡਾ ਬਿਆਨ

ਸਿਆਸੀ ਗਠਜੋੜ ਦਾ ਸਹਾਰਾ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ ਐਲਾਨ ਕਰ ਦਿੱਤਾ ਹੈ ਕਿ ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ ਅਤੇ ਇਸ ਸਬੰਧੀ  ਉਹ ਬਕਾਇਦਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਚਾਰ ਚਰਚਾ ਵੀ ਕਰ ਚੁੱਕੇ ਹਨ।ਬੀਤੇ ਦਿਨੀਂ ਕੈਪਟਨ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਭਾਜਪਾ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਇਕ ਗੱਲ ਤੈਅ ਹੈ ਕਿ ਭਾਜਪਾ ਵੀ ਕੈਪਟਨ ਨਾਲ ਗਠਜੋੜ ਕਰਕੇ ਚੋਣਾਂ ਲੜਨ ਦੀ ਇੱਛੁਕ ਹੈ ਪਰ ਫ਼ਿਲਹਾਲ ਇਹ ਐਲਾਨ ਨਹੀਂ ਹੋਇਆ ਕਿ ਕੌਣ ਕਿੰਨੀਆਂ ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰੇਗਾ। ਇਕ ਪਾਸੇ ਜਿੱਥੇ ਕੈਪਟਨ ਕਾਂਗਰਸ ਅਤੇ ਖ਼ਾਸ ਤੌਰ 'ਤੇ ਨਵਜੋਤ ਸਿੱਧੂ ਧੜੇ ਨੂੰ ਘੇਰਨ ਦੀ ਤਿਆਰੀ ਵਿੱਚ ਹੈ ਉਥੇ ਹੀ ਭਾਜਪਾ ਪੰਜਾਬ ਵਿੱਚ ਆਪਣੇ ਪੈਰ ਜਮਾਉਣ ਲਈ ਕੈਪਟਨ ਦਾ ਸਹਾਰਾ ਲਵੇਗੀ।

ਇਹ ਵੀ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਚਰਚੇ 

ਸਿੱਖਾਂ ਨਾਲ ਨੇੜਤਾ ਵਧਾਉਣ ਦੀ ਕੋਸ਼ਿਸ਼
ਭਾਜਪਾ ਦੀ ਹਮੇਸ਼ਾ ਤੋਂ ਹੀ ਇਹ ਕੋਸ਼ਿਸ਼ ਰਹੀ ਹੈ ਕਿ ਸਿੱਖ ਭਾਈਚਾਰੇ ਨਾਲ ਨੇੜਤਾ ਵਧਾਈ ਜਾਵੇ। ਗੱਲ ਚਾਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਹੋਵੇ, ਚਾਹੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਜਾਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ, ਪ੍ਰਧਾਨ ਮੰਤਰੀ ਵੱਲੋਂ ਪੂਰੇ ਦੇਸ਼ ਵਿੱਚ ਮਨਾਉਣ ਦਾ ਸੰਕਲਪ ਲਿਆ ਗਿਆ।ਇਨ੍ਹਾਂ ਮੌਕਿਆਂ 'ਤੇ ਵਿਸ਼ੇਸ਼ ਡਾਕ ਟਿਕਟਾਂ ਜਾਰੀ ਕੀਤੀਆਂ, ਪ੍ਰਦਰਸ਼ਨੀਆਂ ਲਗਾਈਆਂ ਅਤੇ ਵਿਸ਼ੇਸ਼ ਸਿੱਕੇ ਜਾਰੀ ਕੀਤੇ ਗਏ। ਸਿੱਖ ਗੁਰੂਆਂ ਦੇ ਵਿਸ਼ੇਸ਼ ਦਿਹਾੜਿਆਂ 'ਤੇ ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਸਾਹਿਬ ਨਤਮਸਤਕ ਹੁੰਦੇ ਹਨ।ਸਿੱਖਾਂ ਦੀ ਸਾਲਾਂ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਵੀ ਭਾਜਪਾ ਸਰਕਾਰ ਨੇ ਮੰਨੀ ਅਤੇ ਲਾਂਘਾ ਖੋਲ੍ਹ ਕੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੱਤਾ ਸੀ।ਕੋਰੋਨਾ ਕਾਲ ਸਮੇਂ ਇਹ ਲਾਂਘਾ ਬੰਦ ਕਰਨਾ ਪਿਆ ਸੀ ਪਰ ਸਿੱਖਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਮੁੜ ਤੋਂ ਇਹ ਲਾਂਘਾ ਖੋਲ੍ਹ ਦਿਤਾ ਗਿਆ ਹੈ। ਅਫ਼ਗਾਨਿਸਤਾਨ ਵਿੱਚੋਂ ਅਮਰੀਕੀ ਸੈਨਾ ਦੇ ਰੁਖ਼ਸਤ ਹੋਣ ਮਗਰੋਂ   ਤਾਲਿਬਾਨ ਦੇ ਖ਼ੌਫ਼ 'ਚ ਜ਼ਿੰਦਗੀ ਕੱਢ ਰਹੇ ਹਿੰਦੂਆਂ ਸਮੇਤ ਸਿੱਖਾਂ ਨੂੰ ਸੁਰੱਖਿਅਤ ਵਾਪਸ ਭਾਰਤ ਲਿਆਂਦਾ ਗਿਆ।ਅਫਗਾਨਿਸਤਾਨ 'ਚੋਂ ਪਵਿੱਤਰ ਧਾਰਮਿਕ ਗ੍ਰੰਥਾਂ ਨੂੰ ਵੀ ਮਰਿਆਦਾ ਸਹਿਤ ਭਾਰਤ ਲਿਆਂਦਾ ਗਿਆ। ਪਿਛਲੇ ਇਕ ਸਾਲ ਤੋਂ ਵਧੇਰੇ ਸਮੇਂ ਤੋਂ  ਖੇਤੀ ਕਾਨੂੰਨਾਂ  ਨੂੰ ਰੱਦ ਕਰਨ ਦੀ ਮੰਗ ਨੂੰ ਸਵੀਕਾਰ ਕਰਦਿਆਂ ਪ੍ਰਧਾਨ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਪਵਿੱਤਰ ਦਿਹਾੜਾ ਚੁਣਿਆ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ।ਇਸ ਤੋਂ ਇਲਾਵਾ 1984 ਦੇ ਪੀੜਤ ਸਿੱਖ ਪਰਿਵਾਰਾਂ ਨੂੰ ਨਿਆਂ ਦਿਵਾਉਣ ਦੇ ਲਈ ਕਈ ਗੁਨਾਹਗਾਰਾਂ ਦੇ ਕੇਸਾਂ ਦਾ ਟ੍ਰਾਇਲ ਕਰਵਾਇਆ। 

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Harnek Seechewal

Content Editor

Related News