ਪੰਜਾਬ ''ਚ ਨਸ਼ੇ ਖ਼ਿਲਾਫ਼ ਸਖ਼ਤ ਲੜਾਈ ਲੜੇਗੀ ਭਾਜਪਾ : ਸਤੀਸ਼ ਪੂਨੀਆ

Wednesday, Aug 26, 2026 - 01:46 PM (IST)

ਪੰਜਾਬ ''ਚ ਨਸ਼ੇ ਖ਼ਿਲਾਫ਼ ਸਖ਼ਤ ਲੜਾਈ ਲੜੇਗੀ ਭਾਜਪਾ : ਸਤੀਸ਼ ਪੂਨੀਆ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਨੇ ਪੰਜਾਬ 'ਚ ਨਸ਼ੇ ਦੀ ਸਮੱਸਿਆ ਨੂੰ ਗੰਭੀਰ ਚੁਣੌਤੀ ਕਰਾਰ ਦਿੰਦਿਆਂ ਇਸ ਦੇ ਖ਼ਿਲਾਫ਼ ਸਿਆਸੀ ਦੇ ਨਾਲ-ਨਾਲ ਸਮਾਜਿਕ ਪੱਧਰ ’ਤੇ ਵੀ ਵੱਡੀ ਮੁਹਿੰਮ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਸਤੀਸ਼ ਪੂਨੀਆ ਨੇ ਕਿਹਾ ਕਿ ਪੰਜਾਬ ਕਦੇ ਦੇਸ਼ ਦਾ ਸਿਰਮੌਰ ਸੂਬਾ ਮੰਨਿਆ ਜਾਂਦਾ ਸੀ। ਪੰਜਾਬ ਦੀ ਜਵਾਨੀ, ਖਿਡਾਰੀ, ਰਵਾਇਤਾਂ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਹਰਿਆਲੀ ਦੀ ਪੂਰੇ ਦੇਸ਼ ਅਤੇ ਦੁਨੀਆ ਵਿੱਚ ਆਪਣੀ ਪਛਾਣ ਰਹੀ ਹੈ ਪਰ ਨਸ਼ੇ ਦੀ ਸਮੱਸਿਆ ਨੇ ਪੰਜਾਬ ਦੀ ਅਰਥ ਵਿਵਸਥਾ, ਕਾਨੂੰਨ-ਵਿਵਸਥਾ ਅਤੇ ਸਮਾਜਿਕ ਤਾਣੇ-ਬਾਣੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਲੜਾਈ ਸਿਰਫ਼ ਕਿਸੇ ਇੱਕ ਸਿਆਸੀ ਪਾਰਟੀ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ। ਇਸ ਮੁੱਦੇ ’ਤੇ ਸਾਰੇ ਸਿਆਸੀ ਦਲਾਂ, ਸਮਾਜਿਕ ਸੰਗਠਨਾਂ, ਸਰਕਾਰਾਂ ਅਤੇ ਆਮ ਲੋਕਾਂ ਨੂੰ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਭਾਜਪਾ ਵੱਲੋਂ ਵੀ ਨਸ਼ੇ ਖ਼ਿਲਾਫ਼ ਸਿਆਸੀ ਲੜਾਈ ਦੇ ਨਾਲ-ਨਾਲ ਸਮਾਜਿਕ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਪੀਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੀ ਸਿਆਸਤ 'ਚ ਭਾਜਪਾ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਦੀ ਚਰਚਾ ਵੀ ਤੇਜ਼ ਹੋ ਗਈ ਹੈ।

ਪਾਰਟੀ ਨਾਲ ਜੁੜੇ ਵੱਖ-ਵੱਖ ਪੱਧਰਾਂ ਤੋਂ ਹੁਣ ਤੱਕ ਇਹ ਸੰਕੇਤ ਮਿਲਦੇ ਰਹੇ ਹਨ ਕਿ ਭਾਜਪਾ ਆਪਣੀਆਂ ਨੀਤੀਆਂ ਅਤੇ ਸੰਗਠਨ ਦੀ ਤਾਕਤ ਦੇ ਆਧਾਰ ’ਤੇ ਪੰਜਾਬ ਵਿੱਚ ਖੁਦ ਨੂੰ ਮਜ਼ਬੂਤ ਕਰਨ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਸਤੀਸ਼ ਪੂਨੀਆ ਦੇ ਬਿਆਨ ਨੂੰ ਪੰਜਾਬ ਵਿੱਚ ਭਾਜਪਾ ਦੀ ਅਗਲੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਖ਼ਾਸ ਤੌਰ ’ਤੇ ਨਸ਼ੇ ਦਾ ਮੁੱਦਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਚੋਣੀ ਮੁੱਦਾ ਬਣ ਸਕਦਾ ਹੈ।


author

Babita

Content Editor

Related News