ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

Wednesday, Apr 15, 2026 - 01:31 PM (IST)

ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ (ਹਮੀਦੀ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਦਫਤਰ ਅੱਗੇ ਕੇਂਦਰ ਤੇ ਰਾਜ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਪਿੰਡਾਂ ਅਤੇ ਅਨਾਜ ਮੰਡੀਆਂ ਵਿਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ 17 ਅਪ੍ਰੈਲ ਨੂੰ ਸਾਰੇ ਪੰਜਾਬ ਵਿਚ ਕਣਕ ਦੀ ਪੂਰੇ ਰੇਟ ਤੇ ਖਰੀਦ ਕਰਾਉਣ ਲਈ ਦਿੱਤੇ ਰੇਲ ਰੋਕੋ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਵੱਡੀ ਗਿਣਤੀ ਵਿਚ ਬਰਨਾਲਾ ਪਹੁੰਚਿਆ ਜਾਵੇ। ਇਸ ਮੌਕੇ ਜਥੇਬੰਦੀ ਦੇ ਸੂਬਾ ਖਜਾਨਚੀ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਜਰਨਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ, ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ, ਨਿਰਮਲ ਸਿੰਘ ਅਤੇ ਪ੍ਰੀਤਮ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਹੋਇਆ ਸੀ, ਪਰ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਣ ਦੇ ਬਾਵਜੂਦ ਖਰੀਦ ਏਜੰਸੀਆਂ ਪਾਸਾ ਵੱਟ ਰਹੀਆਂ ਹਨ। ਏਜੰਸੀਆਂ ਦਾ ਕਹਿਣਾ ਹੈ ਕਿ ਫਸਲ ਵਿਚ ਨਮੀ ਵੱਧ ਹੈ, ਦਾਣਿਆਂ ਵਿਚ ਚਮਕ ਨਹੀਂ ਅਤੇ ਦਾਣਾ ਮਾਜੂ ਵੱਧ ਹੈ, ਜਿਸ ਕਾਰਨ ਕਣਕ ਸਰਕਾਰੀ ਮਾਪਦੰਡਾਂ ‘ਤੇ ਖਰੀ ਨਹੀਂ ਉਤਰਦੀ। 

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਟੀਮ ਦੀ ਰਿਪੋਰਟ ਦੇ ਆਧਾਰ ‘ਤੇ ਕੱਟ ਲਗਾਉਣ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਜਦਕਿ ਪੰਜਾਬ ਦਾ ਕਿਸਾਨ ਪਹਿਲਾਂ ਹੜਾਂ ਅਤੇ ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਚੁੱਕਾ ਹੈ। ਹੁਣ ਮੰਡੀਆਂ ਵਿਚ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਵੱਡੀ ਆਰਥਿਕ ਮਾਰ ਪੈ ਰਹੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਰਾਜਸਥਾਨ ਦੀ ਤਰ੍ਹਾਂ ਪੰਜਾਬ ਨੂੰ ਵੀ ਕਣਕ ਦੇ ਮਾਪਦੰਡਾਂ ਵਿਚ ਛੋਟ ਦਿੱਤੀ ਜਾਵੇ ਅਤੇ ਮੰਡੀਆਂ ਵਿਚ ਤੁਰੰਤ ਖਰੀਦ ਸ਼ੁਰੂ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ 17 ਅਪ੍ਰੈਲ ਤੋਂ ਪਹਿਲਾਂ ਖਰੀਦ ਸ਼ੁਰੂ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਸੰਭਾਵਿਤ ਮੁਕਤ ਵਪਾਰ ਸਮਝੌਤੇ ‘ਤੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਅਮਰੀਕਾ ਤੋਂ ਖੇਤੀ ਅਤੇ ਡੇਅਰੀ ਉਤਪਾਦਾਂ ਦੀ ਆਮਦ ਨਾਲ ਦੇਸੀ ਖੇਤੀਬਾੜੀ ਤੇ ਡੇਅਰੀ ਧੰਦਾ ਪ੍ਰਭਾਵਿਤ ਹੋਵੇਗਾ, ਜਿਸ ਨਾਲ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਜਿਹੇ ਸਮਝੌਤੇ ਰੱਦ ਕਰਨ ਦੀ ਮੰਗ ਕੀਤੀ।

 ਇਸ ਮੌਕੇ ਬੀਕੇਯੂ ਉਗਰਾਹਾਂ ਦੇ ਬਲਾਕ ਜਰਨਲ ਸਕੱਤਰ ਕੁਲਜੀਤ ਸਿੰਘ ਵਜੀਤਕੇ, ਬਲਾਕ ਆਗੂ ਕੁਲਦੀਪ ਸਿੰਘ ਚੌਹਾਨਕੇ ਕਲਾਂ, ਪ੍ਰੀਤਮ ਸਿੰਘ ਮਹਿਲ ਕਲਾਂ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।  ਉਧਰ ਮਾਰਕੀਟ ਕਮੇਟੀ ਦੇ ਸਕੱਤਰ ਡੀਨਪਾਲ ਸਿੰਘ ਧੂਰੀ ਅਤੇ ਸੁਪਰਵਾਈਜ਼ਰ ਰਾਜਦੀਪ ਸਿੰਘ ਬਰਨਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਸਾਰੇ ਖਰੀਦ ਕੇਂਦਰਾਂ ਵਿੱਚ ਬਿਜਲੀ, ਪਾਣੀ ਅਤੇ ਸਫ਼ਾਈ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਨਾਲ ਸੰਬੰਧਤ ਮੁੱਖ ਸਮੱਸਿਆ ਖਰੀਦ ਏਜੰਸੀਆਂ ਨਾਲ ਜੁੜੀ ਹੋਈ ਹੈ।


author

Anmol Tagra

Content Editor

Related News