ਦਫ਼ਤਰੀ ਕਾਮਿਆਂ ਨੇ ਕਾਲੀਆਂ ਝੰਡੀਆਂ ਲੈ ਕੇ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

07/20/2018 1:36:17 AM

 ਗੁਰਦਾਸਪੁਰ,   (ਹਰਮਨਪ੍ਰੀਤ, ਵਿਨੋਦ, ਦੀਪਕ)-  ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਗੁਰਦਾਸਪੁਰ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਦੇ ਡੋਪ ਟੈਸਟ ਕਰਵਾਉਣ ਸਬੰਧੀ ਕੀਤੇ ਗਏ ਫੈਸਲੇ ਵਿਰੁੱਧ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। 
ਇਸ ਮੌਕੇ ਸੂਬਾਈ ਚੇਅਰਮੈਨ ਰਘੁਬੀਰ ਸਿੰਘ ਬਡਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਮਨਿਸਟੀਰੀਅਲ ਸਟਾਫ਼ ਨੇ ਕਾਲੀਆਂ ਝੰਡੀਆਂ ਲੈ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਅਤੇ ਵਿਕਾਸ ਟੈਕਸ ਲਾਉਣ ਵਰਗੇ ਫੈਸਲੇ ਕਰ ਕੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ। ਇਸ ਮੌਕੇ ਰਘਬੀਰ ਬਡਵਾਲ, ਜਨਰਲ ਸਕੱਤਰ ਗੁਰਦੀਪ ਸਿੰਘ ਪੰਨੂੰ, ਜ਼ਿਲਾ ਚੇਅਰਮੈਨ ਬਲਜਿੰਦਰ ਸਿੰਘ ਸੈਣੀ ਅਤੇ ਜ਼ਿਲਾ ਪ੍ਰਧਾਨ ਹਰਿੰਦਰ ਸਿੰਘ ਭੱਟੀ ਤੋਂ ਇਲਾਵਾ ਵਿੱਤ ਸਕੱਤਰ ਸਾਵਣ ਸਿੰਘ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ’ਤੇ ਵਿੱਤੀ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਨੇ ਡੀ. ਏ. ਦੀਆਂ ਕਿਸ਼ਤਾਂ ਦਾ ਤਕਰੀਬਨ 23 ਮਹੀਨਿਆਂ ਦਾ ਬਕਾਇਆ ਨਹੀਂ ਦਿੱਤਾ ਅਤੇ ਨਾਂ ਹੀ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੀਂ ਭਰਤੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਹੋਰ ਕਈ ਮਾਮਲਿਆਂ ਵਿਚ ਸਰਕਾਰ ਨੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਮਾਰੂ ਫੈਸਲੇ ਵਾਪਸ ਨਾ ਲਏ ਗਏ ਤਾਂ ਦਫ਼ਤਰੀ ਕਾਮੇ ਸਡ਼ਕਾਂ ’ਤੇ ਆ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।


Related News