ਅਜਨਾਲਾ ''ਚ ਮਲੰਗਾਂ ਦਾ ''ਕਾਲਾ ਜਾਦੂ'', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ ਲਾਇਆ 1 ਲੱਖ ਤੋਂ ਵੱਧ ਦਾ ਚੂਨਾ
Monday, Jul 27, 2026 - 08:36 AM (IST)
ਅਜਨਾਲਾ (ਬਾਠ) : ਅਜਨਾਲਾ ਸ਼ਹਿਰ ਵਿੱਚ ਦਿਨੋਂ-ਦਿਨ ਵੱਧ ਰਹੀਆਂ ਠੱਗੀ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲੇ ਵਿੱਚ ਦੋ ਮਲੰਗ ਵੇਸਧਾਰੀ ਵਿਅਕਤੀਆਂ ਨੇ ਸੋਨਾ ਅਤੇ ਨਕਦੀ ਡਬਲ ਕਰਨ ਦਾ ਝਾਂਸਾ ਦੇ ਕੇ ਇੱਕ ਚਾਹ ਦਾ ਖੋਖਾ ਲਾਉਣ ਵਾਲੇ ਪਰਿਵਾਰ ਨਾਲ 1 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਜਾਣਕਾਰੀ ਦਿੰਦਿਆਂ ਪੀੜਤ ਰਤਨ ਸਿੰਘ ਪੁੱਤਰ ਉਜਾਗਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਜ ਕੌਰ ਵਾਸੀ ਅਜਨਾਲਾ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਆਪਣੇ ਆਪ ਨੂੰ ਧਾਰਮਿਕ ਸੁਭਾਅ ਦੇ ਦੱਸਦੇ ਹੋਏ ਉਨ੍ਹਾਂ ਦੇ ਸੰਪਰਕ ਵਿੱਚ ਆਏ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸੇ ਵਿੱਚ ਲੈ ਕੇ ਸੋਨਾ ਅਤੇ ਨਕਦੀ ਕੁਝ ਹੀ ਸਮੇਂ ਵਿੱਚ ਡਬਲ ਕਰਨ ਦਾ ਲਾਲਚ ਦਿੱਤਾ। ਉਨ੍ਹਾਂ ਦੀਆਂ ਗੱਲਾਂ ਵਿੱਚ ਆ ਕੇ ਪਰਿਵਾਰ ਨੇ ਆਪਣਾ ਸੋਨਾ ਅਤੇ ਨਕਦੀ ਉਨ੍ਹਾਂ ਦੇ ਹਵਾਲੇ ਕਰ ਦਿੱਤੀ। ਇਸ ਤੋਂ ਬਾਅਦ ਦੋਵੇਂ ਕਥਿਤ ਮਲੰਗ ਮੌਕਾ ਦੇਖ ਕੇ ਸਾਰਾ ਸਾਮਾਨ ਲੈ ਕੇ ਫ਼ਰਾਰ ਹੋ ਗਏ। ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਘਟਨਾ ਕਾਰਨ ਉਨ੍ਹਾਂ ਨੂੰ 1 ਲੱਖ ਰੁਪਏ ਤੋਂ ਵੱਧ ਦਾ ਆਰਥਿਕ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਪ੍ਰੀਖਿਆ ਪ੍ਰਣਾਲੀ 'ਚ ਸੁਧਾਰਾਂ ਲਈ PM ਮੋਦੀ ਦਾ ਵੱਡਾ ਐਲਾਨ, ਨੰਦਨ ਨੀਲੇਕਣੀ ਦੀ ਅਗਵਾਈ 'ਚ ਬਣਾਈ ਟਾਸਕ ਫੋਰਸ
ਇਸ ਮੌਕੇ ਸਾਬਕਾ ਕੌਂਸਲਰ ਰਛਪਾਲ ਸਿੰਘ ਕਾਲੀ ਨੇ ਕਿਹਾ ਕਿ ਅਜਿਹੇ ਠੱਗ ਅਜਨਾਲਾ ਸ਼ਹਿਰ ਵਿੱਚ ਪਹਿਲਾਂ ਵੀ ਸਰਗਰਮ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉੱਧਰ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਸ਼ੱਕੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਸ ਟੀਮਾਂ ਵੱਲੋਂ ਭਾਲ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
