20,000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Monday, Jun 23, 2025 - 07:52 PM (IST)

ਗੁਰਦਾਸਪੁਰ (ਵਿਨੋਦ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸ ਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸ ਦੇ ਨਾਮ ’ਤੇ ਹੀ ਦਰਜ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸ ਨੂੰ ਇਸ ਸਬੰਧ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਉਸ ਨੇ ਆਪਣੇ ਪਿੰਡ ਦੇ ਮੌਜੂਦਾ ਸਰਪੰਚ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਬੇਨਤੀ ਕੀਤੀ ਸੀ, ਪਰ ਉਕਤ ਨਿਸ਼ਾਨ ਸਿੰਘ ਸੰਮਤੀ ਪਟਵਾਰੀ ਨੇ ਆਪਣੇ ਵਿਭਾਗ ਰਾਹੀਂ ਇਸ ਮਸਲੇ ਨੂੰ ਹੱਲ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨਿਸ਼ਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਸ ਥਾਣਾ ਅੰਮ੍ਰਿਤਸਰ ਰੇਂਜ 'ਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਹੋਰ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e