ਪ੍ਰਾਇਮਰੀ ਸਕੂਲ ਬੰਦ ਕਰਨ ਦੇ ਪੱਤਰ ਦੀਆਂ ਕਾਪੀਆਂ ਫੂਕੀਆਂ
Tuesday, Oct 24, 2017 - 07:03 AM (IST)

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਬੀ. ਐੱਡ. ਅਧਿਆਪਕ ਫਰੰਟ ਪੰਜਾਬ ਤੇ ਪੁਰਾਣੀ ਪੈਨਸ਼ਨ ਬਹਾਲ ਕਰੋ ਕਮੇਟੀ ਨੇ ਪੰਜਾਬ 'ਚ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਨਾ ਕਰਨ, 1600 ਤੋਂ ਵੱਧ ਅਧਿਆਪਕਾਂ ਦੀਆਂ ਆਸਾਮੀਆਂ ਖਤਮ ਨਾ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦਿਆਂ ਜ਼ਿਲਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਸਕੂਲਾਂ ਨੂੰ ਬੰਦ ਕਰਨ ਦੇ ਪੱਤਰ ਦੀਆਂ ਕਾਪੀਆਂ ਫੂਕ ਕੇ ਪ੍ਰਦਰਸ਼ਨ ਕੀਤਾ। ਧਰਨੇ ਉਪਰੰਤ ਵਫਦ ਨੇ ਜ਼ਿਲਾ ਸਿੱਖਿਆ ਅਫਸਰ ਦੀ ਮਾਰਫਤ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਗੁਰਦਿਆਲ ਸਿੰਘ ਮਾਨ ਤੇ ਜ਼ਿਲਾ ਪ੍ਰਧਾਨ ਜੁਝਾਰ ਸਿੰਘ ਸਹੂੰਗੜਾ ਨੇ ਕਿਹਾ ਕਿ ਇਕ ਪਾਸੇ ਸਰਕਾਰ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਸਕੂਲ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ ਤੇ ਦੂਜੇ ਪਾਸੇ ਪ੍ਰਾਇਮਰੀ ਸਕੂਲਾਂ ਨੂੰ ਹੀ ਬੰਦ ਕਰਨ ਦਾ ਲੋਕ ਵਿਰੋਧੀ ਫੈਸਲਾ ਲਿਆ ਜਾ ਰਿਹਾ ਹੈ। ਸਰਕਾਰ ਦੇ ਅਧਿਆਪਕ ਤੇ ਸਿੱਖਿਆ ਵਿਰੋਧੀ ਫੈਸਲਿਆਂ ਕਾਰਨ ਅਧਿਆਪਕਾਂ 'ਚ ਰੋਸ ਹੈ। ਸਰਕਾਰ ਦੇ ਇਨ੍ਹਾਂ ਜਨ ਵਿਰੋਧੀ ਫੈਸਲਿਆਂ ਖਿਲਾਫ਼ ਯੂਨੀਅਨ ਹੋਰ ਸਹਿਯੋਗੀ ਸੰਗਠਨਾਂ ਨਾਲ ਮਿਲ ਕੇ ਸੰਘਰਸ਼ ਕਰੇਗੀ।
ਇਸ ਮੌਕੇ ਜੀ. ਟੀ. ਯੂ. ਦੇ ਸੂਬਾ ਸਕੱਤਰ ਕੁਲਦੀਪ ਸਿੰਘ ਦੌੜੁਕਾ, ਸੁਰਿੰਦਰ ਸਿੰਘ ਸੂਸ਼ੇਵਾਲ, ਮਨੋਹਰ ਲਾਲ, ਨਵੀਨ ਕੁਮਾਰ ਕਰੀਹਾ, ਜਗਦੀਸ਼ ਕੁਮਾਰ ਔੜ, ਹਰਪ੍ਰੀਤ ਸਿੰਘ ਬੰਗਾ, ਯਮੁਨਾ ਦੇਵੀ, ਮਨਜੀਤ ਕੌਰ, ਅਮਰੀਕ ਕੌਰ, ਜਸਵਿੰਦਰ ਕੌਰ ਤੇ ਮਨਜਿੰਦਰ ਸਿੰਘ ਹਾਜ਼ਰ ਸਨ।
ਸ੍ਰੀ ਆਨੰਦਪੁਰ ਸਾਹਿਬ, (ਬਾਲੀ)- ਬੀ. ਐੱਡ. ਅਧਿਆਪਕ ਫਰੰਟ ਪੰਜਾਬ ਦੇ ਸੱਦੇ 'ਤੇ ਬਲਾਕ ਦਫਤਰ ਸ੍ਰੀ ਆਨੰਦਪੁਰ ਸਾਹਿਬ ਦੇ ਬਾਹਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਗਏ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੀ. ਐੱਡ. ਅਧਿਆਪਕ ਫਰੰਟ ਦੇ ਸੂਬਾ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਲੋਧੀਪੁਰ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਦੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਬੜਵਾ, ਅਧਿਆਪਕ ਦਲ ਦੇ ਜਨਰਲ ਸਕੱਤਰ ਨਰੇਸ਼ ਕੁਮਾਰ, ਜੀ. ਟੀ. ਯੂ. ਦੇ ਜ਼ਿਲਾ ਖਜ਼ਾਨਚੀ ਸੁਰਜੀਤ ਸਿੰਘ, ਹਰਮੀਤ ਸਿੰਘ ਆਦਿ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਨਾਲ ਜਿਥੇ ਸਰਕਾਰੀ ਸਿੱਖਿਆ ਗਰੀਬਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ, ਉਥੇ ਹੀ ਇਨ੍ਹਾਂ ਸਕੂਲਾਂ 'ਚ ਕੰਮ ਕਰਨ ਵਾਲੇ ਮਿਡ-ਡੇ ਮੀਲ ਵਰਕਰਾਂ ਦਾ ਰੋਜ਼ਗਾਰ ਵੀ ਖਤਮ ਹੋ ਜਾਵੇਗਾ। ਬੇਰੋਜ਼ਗਾਰ ਅਧਿਆਪਕਾਂ ਨੂੰ ਰੋਜ਼ਗਾਰ ਦੇਣ ਦਾ ਮੌਕਾ ਵੀ ਖੁੰਝ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਇਹ ਪੱਤਰ ਵਾਪਸ ਨਾ ਲਿਆ ਗਿਆ ਤਾਂ ਆਉਂਦੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਸਮੇਂ ਪ੍ਰੇਮ ਸਿੰਘ ਠਾਕੁਰ, ਯੋਗੇਸ਼ ਕੁਮਾਰ, ਹਰਭਜਨ ਸਿੰਘ ਬੀਕਾਪੁਰ, ਇੰਦਰਦੀਪ ਸਿੰਘ, ਸ਼ਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਦਵਿੰਦਰ ਕੌਰ, ਸੀਮਾ, ਕਿਰਨਜੀਤ ਕੌਰ, ਸਾਬਕਾ ਅਧਿਆਪਕ ਮਾਸਟਰ ਹਰਦਿਆਲ ਸਿੰਘ, ਗੁਰਦੇਵ ਸਿੰਘ, ਅਧਿਆਪਕ ਦਲ ਦੇ ਬਲਾਕ ਪ੍ਰਧਾਨ ਵਿਜੇਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।
ਬਸਪਾ ਵੱਲੋਂ ਵੀ ਵਿਰੋਧ
ਬਹੁਜਨ ਸਮਾਜ ਪਾਰਟੀ ਦੇ ਸੂਬਾ ਕੋਆਰਡੀਨੇਟਰ ਨਿਰਮਲ ਸਿੰਘ ਸੁੰਮਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ 800 ਸਕੂਲਾਂ ਨੂੰ ਬੰਦ ਕਰਨ ਦਾ ਫੁਰਮਾਨ ਜਾਰੀ ਕਰ ਕੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਸਿੱਖਿਆ ਤੋਂ ਦੂਰ ਕਰਨ ਦੀ ਸਾਜ਼ਿਸ਼ ਕੀਤੀ ਹੈ। ਨੌਕਰੀਆਂ ਦੀ ਮੰਗ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਸਰਕਾਰ ਨੇ ਸਕੂਲਾਂ ਨੂੰ ਹੀ ਬੰਦ ਕਰਨ ਦਾ ਫੈਸਲਾ ਲੈ ਲਿਆ। ਉਨ੍ਹਾਂ ਬਸਪਾ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਡੀ ਪਾਰਟੀ ਇਸ ਫੈਸਲੇ ਦਾ ਵਿਰੋਧ ਕਰਦੀ ਹੋਈ 24 ਅਕਤੂਬਰ ਨੂੰ ਸਵੇਰੇ 11:30 ਵਜੇ ਪੂਰੇ ਪੰਜਾਬ 'ਚ ਜ਼ਿਲਾ ਹੈੱਡਕੁਆਰਟਰਾਂ 'ਤੇ ਰੋਸ ਧਰਨੇ ਦੇ ਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਵੇਗੀ।