ਪਿੰਡ ਕਾਠਗੜ ''ਚ ਖ਼ੂਨੀ ਵਿਵਾਦ: ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਦੋ ਘਰਾਂ ਨੂੰ ਲਗਾਈ ਅੱਗ
Saturday, May 16, 2026 - 09:20 PM (IST)
ਜਲਾਲਾਬਾਦ (ਆਦਰਸ਼) - ਥਾਣਾ ਵੈਰੋਕਾ ਦੇ ਅਧੀਨ ਪੈਂਦੇ ਪਿੰਡ ਕਾਠਗੜ ’ਚ ਬੀਤੀ ਰਾਤ ਦੋ ਧਿਰਾਂ ਦਰਮਿਆਨ ਹੋਏ ਖੂਨੀ ਵਿਵਾਦ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ। ਝਗੜੇ ਦੌਰਾਨ ਇਕ ਧਿਰ ਵੱਲੋਂ ਦੋ ਘਰਾਂ ਨੂੰ ਅੱਗ ਲਗਾ ਦਿੱਤੀ ਗਈ, ਜਿਸ ਕਾਰਨ ਘਰਾਂ ’ਚ ਪਿਆ ਘਰੇਲੂ ਸਾਮਾਨ, ਕੱਪੜੇ, ਕਣਕ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ । ਇਸ ਤੋਂ ਇਲਾਵਾ ਘਰਾਂ ’ਚ ਭੰਨਤੋੜ ਕੀਤੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।
ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਇਲਾਜ ਅਧੀਨ ਪਰਮਜੀਤ ਕੌਰ ਪਤਨੀ ਕਰਨੈਲ ਸਿੰਘ ਵਾਸੀ ਕਾਠਗੜ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ’ਚ ਰਹਿਣ ਵਾਲਾ ਇਕ ਨੌਜਵਾਨ ਪਿੰਡ ਦੀ ਹੀ ਇਕ ਲੜਕੀ ਨੂੰ ਆਪਣੇ ਨਾਲ ਲੈ ਗਿਆ ਸੀ। ਉਸ ਨੇ ਦੱਸਿਆ ਕਿ ਉਕਤ ਨੌਜਵਾਨ ਉਨ੍ਹਾਂ ਦੇ ਘਰ ਤੋਂ ਮੋਟਰਸਾਈਕਲ ਮੰਗ ਕੇ ਲੈ ਗਿਆ ਸੀ। ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਰੰਜਿਸ਼ ਦੇ ਚੱਲਦੇ ਬੀਤੀ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ’ਚ ਦਾਖਲ ਹੋ ਕੇ ਕੁੱਟਮਾਰ ਕੀਤੀ। ਪੀੜਤਾਂ ਨੇ ਦੋਸ਼ ਲਾਇਆ ਕਿ ਹਮਲਾਵਰਾਂ ਵੱਲੋਂ ਘਰ ’ਚ ਅੱਗ ਲਗਾ ਦਿੱਤੀ ਗਈ ਅਤੇ ਘਰ ਦਾ ਸਾਮਾਨ ਤਹਿਸ-ਨਹਿਸ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ ਉਕਤ ਨੌਜਵਾਨ ਦੇ ਘਰ ਨੂੰ ਵੀ ਨਿਸ਼ਾਨਾ ਬਣਾਉਂਦੇ ਹੋਏ ਭੰਨ-ਤੋੜ ਕੀਤੀ ਗਈ ਅਤੇ ਘਰ ਦੇ ਸਾਮਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਘਟਨਾ ਦੌਰਾਨ ਪਰਮਜੀਤ ਕੌਰ ਅਤੇ ਕਾਲਾ ਸਿੰਘ ਦੇ ਜ਼ਖਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ, ਜਿਨ੍ਹਾਂ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉੱਧਰ ਦੂਜੇ ਪਾਸੇ ਇਸ ਮਾਮਲੇ ਸਬੰਧੀ ਜਲਾਲਾਬਾਦ ਦੇ ਡੀ. ਐੱਸ. ਪੀ. ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਕਾਠਗੜ ’ਚ ਵਾਪਰੀ ਘਟਨਾ ਦੀ ਪੁਲਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
