ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Wednesday, Dec 27, 2017 - 07:31 AM (IST)
ਅੰਮ੍ਰਿਤਸਰ, (ਵੜੈਚ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਸਰਕਲ ਅੰਮ੍ਰਿਤਸਰ ਅਤੇ ਤਰਨਤਾਰਨ ਦੀ ਮੀਟਿੰਗ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਤੇ ਜ਼ਿਲਾ ਪ੍ਰਧਾਨ ਤਰਨਤਾਰਨ ਦਿਲਬਾਗ ਸਿੰਘ ਦੀ ਅਗਵਾਈ ਹੇਠ ਲਾਡਰੀ ਪਲਾਟ ਅੰਮ੍ਰਿਤਸਰ ਵਿਖੇ ਕੀਤੀ ਗਈ। ਮੰਗਾਂ ਪੂਰੀਆਂ ਨਾ ਹੋਣ ਕਰ ਕੇ ਗੁੱਸੇ 'ਚ ਆਏ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਦੀ ਇਸ ਮੀਟਿੰਗ ਵਿਚ ਆਉਣ ਵਾਲੇ ਸੰਘਰਸ਼ ਦੀ ਤਿਆਰੀ ਪਰਿਵਾਰਾਂ ਤੇ ਬੱਚਿਆਂ ਸਮੇਤ ਕੀਤੀ ਗਈ, ਪੰਜਾਬ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟ ਬੰਦ ਕੀਤੇ ਜਾ ਰਹੇ ਹਨ ਅਤੇ ਆਊਟ-ਸੋਰਸਿੰਗ ਰਾਹੀਂ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕਾਮਿਆਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ ਜਾਂ ਪਿਛਲੇ ਸਮੇਂ ਕੱਢਿਆ ਜਾ ਚੁੱਕਾ ਹੈ। ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਫੈਸਲੇ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ, ਸੂਬਾ ਪ੍ਰਚਾਰਕ ਸਕੱਤਰ ਪ੍ਰਦੁਮਨ ਸਿੰਘ, ਜ਼ਿਲਾ ਪ੍ਰਧਾਨ ਜਲੰਧਰ ਕਮਲਜੀਤ ਸਿੰਘ ਮਾਣਕ, ਸੁਖਦੇਵ ਸਿੰਘ, ਨਰਿੰਦਰ ਸਿੰਘ, ਕਾਬਲ ਸਿੰਘ, ਮਲੂਕ ਸਿੰਘ, ਸੰਦੀਪ ਸਿੰਘ, ਰਾਜਬੀਰ ਸਿੰਘ, ਕੁਲਦੀਪ ਸਿੰਘ, ਪਲਵਿੰਦਰ ਸਿੰਘ, ਜਗੀਰ ਸਿੰਘ, ਜਗਤਾਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।
