ਪੰਜਾਬ ਦੀ ਸਿਆਸਤ ''ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ ਦੂਜਾ ਝਟਕਾ

Thursday, Nov 05, 2026 - 12:53 PM (IST)

ਪੰਜਾਬ ਦੀ ਸਿਆਸਤ ''ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ ਦੂਜਾ ਝਟਕਾ

ਪਟਿਆਲਾ (ਸੁਖਮੀਤ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਫੈਸਲੇ ਤੋਂ ਇੱਕ ਦਿਨ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਨੂੰ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਪਟਿਆਲਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸਨੌਰ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸਮੂਹਿਕ ਤੌਰ 'ਤੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕੀਤਾ।

ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਵਰਕਰਾਂ ਦੀਆਂ ਭਾਵਨਾਵਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਦਾ ਸਿਆਸੀ ਜੀਵਨ ਪੰਜਾਬ ਦੇ ਸੰਘਰਸ਼ਾਂ ਅਤੇ ਪੰਥਕ ਮੁੱਦਿਆਂ ਨੂੰ ਸਮਰਪਿਤ ਰਿਹਾ ਹੈ। ਵਿਦਿਆਰਥੀ ਜੀਵਨ ਤੋਂ ਲੈ ਕੇ ਹੁਣ ਤੱਕ ਉਹ ਪੰਜਾਬ ਦੇ ਹੱਕਾਂ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਐਮਰਜੈਂਸੀ ਦੌਰਾਨ ਉਨ੍ਹਾਂ ਨੇ ਜੇਲ੍ਹ ਵੀ ਕੱਟੀ ਅਤੇ ਸੰਸਦ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਬੇਬਾਕੀ ਨਾਲ ਉਠਾਇਆ।

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਜਿਸ ਤਰ੍ਹਾਂ ਦੀ ਭੂਮਿਕਾ ਨਿਭਾਉਣ ਦੀ ਉਮੀਦ ਸੀ, ਉਸ ਸਬੰਧੀ ਪਾਰਟੀ ਕੋਈ ਪ੍ਰਭਾਵਸ਼ਾਲੀ ਪ੍ਰੋਗਰਾਮ ਉਲੀਕਣ ਵਿੱਚ ਸਫ਼ਲ ਨਹੀਂ ਹੋ ਸਕੀ। ਵਿਰੋਧ ਸਿਰਫ਼ ਅਖ਼ਬਾਰਾਂ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਤੱਕ ਸੀਮਤ ਹੋ ਕੇ ਰਹਿ ਗਿਆ ਸੀ, ਜਦਕਿ ਸੰਘਰਸ਼ਾਂ ਵਿੱਚੋਂ ਨਿਕਲੀ ਲੀਡਰਸ਼ਿਪ ਤੋਂ ਲੋਕਾਂ ਨੂੰ ਮੈਦਾਨ ਵਿੱਚ ਉਤਰ ਕੇ ਅਗਵਾਈ ਕਰਨ ਦੀ ਉਮੀਦ ਸੀ।

ਹਰਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਪੰਥਕ ਏਕਤਾ ਅਤੇ ਖੇਰੂੰ-ਖੇਰੂੰ ਹੋਈ ਅਕਾਲੀ ਤਾਕਤ ਨੂੰ ਇੱਕ ਮੰਚ 'ਤੇ ਇਕੱਠਾ ਕਰਨ ਦੀ ਅਪੀਲ ਕੀਤੀ ਸੀ, ਪਰ ਇਸ ਮੁੱਦੇ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਏ ਜਵਾਬ ਤੋਂ ਵਿਚਾਰਾਂ ਅਤੇ ਕਾਰਜਸ਼ੈਲੀ ਵਿੱਚ ਵੱਡਾ ਅੰਤਰ ਮਹਿਸੂਸ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਵਿਚਾਰ ਅਤੇ ਕੰਮ ਕਰਨ ਦਾ ਤਰੀਕਾ ਹੀ ਆਪਸ ਵਿੱਚ ਮੇਲ ਨਹੀਂ ਖਾਂਦੇ ਤਾਂ ਕਿਸੇ ਦੇ ਮਨ 'ਤੇ ਬੋਝ ਰੱਖਣ ਦੀ ਬਜਾਏ ਵੱਖ ਹੋਣ ਦਾ ਫੈਸਲਾ ਲੈਣਾ ਹੀ ਠੀਕ ਹੈ।

ਉਨ੍ਹਾਂ ਦੱਸਿਆ ਕਿ ਪ੍ਰੋ. ਚੰਦੂਮਾਜਰਾ ਦੇ ਫੈਸਲੇ ਤੋਂ ਬਾਅਦ ਸਨੌਰ ਹਲਕੇ ਦੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਫੋਨ ਆਏ। ਇਸ ਤੋਂ ਬਾਅਦ ਹੋਈ ਮੀਟਿੰਗ ਵਿੱਚ ਸਾਰਿਆਂ ਨੇ ਇੱਕਮਤ ਹੋ ਕੇ ਉਨ੍ਹਾਂ ਦੇ ਫੈਸਲੇ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਲੋਕਾਂ ਦਾ ਚੰਦੂਮਾਜਰਾ ਪਰਿਵਾਰ ਨਾਲ ਲੰਬੇ ਸਮੇਂ ਤੋਂ ਸਿਆਸੀ ਅਤੇ ਪਰਿਵਾਰਕ ਰਿਸ਼ਤਾ ਰਿਹਾ ਹੈ। ਸਾਲ 1985 ਵਿੱਚ ਘੱਟ ਉਮਰ ਵਿੱਚ ਪ੍ਰੋ. ਚੰਦੂਮਾਜਰਾ ਨੂੰ ਵਿਧਾਨ ਸਭਾ ਵਿੱਚ ਭੇਜਣ ਤੋਂ ਲੈ ਕੇ 2017 ਦੀਆਂ ਚੋਣਾਂ ਤੱਕ ਇਸ ਹਲਕੇ ਦੇ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਹਲਕਾ ਸਨੌਰ ਦੇ ਬਲਾਕ ਸੰਮਤੀ ਮੈਂਬਰ, ਸੂਬਾ ਪੱਧਰ ਦੇ ਅਹੁਦੇਦਾਰ, ਜ਼ਿਲ੍ਹੇ ਦੇ ਆਗੂ, ਸਾਰੇ 10 ਸਰਕਲ ਪ੍ਰਧਾਨ, ਕਰੀਬ 450 ਜ਼ਿਲ੍ਹਾ ਅਤੇ ਸੂਬਾ ਪੱਧਰੀ ਡੈਲੀਗੇਟ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਸਾਰਿਆਂ ਨੇ ਸਮੂਹਿਕ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।

ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਵਿਚ ਜਾਣ ਬਾਰੇ ਅਜੇ ਫੈਸਲਾ ਨਹੀਂ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਸਵਾਲ 'ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਅਜੇ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਅਗਲਾ ਫੈਸਲਾ ਵਰਕਰਾਂ ਦੀ ਰਾਏ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਇਸ ਸਬੰਧੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਮੀਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫੈਸਲਾ ਭਾਵੇਂ ਅੱਜ ਲਿਆ ਜਾਵੇ ਜਾਂ ਕੁਝ ਦਿਨਾਂ ਬਾਅਦ, ਉਸ ਦਾ ਮੁੱਖ ਆਧਾਰ ਪੰਜਾਬ ਦੇ ਹਿੱਤ ਅਤੇ ਪੰਥਕ ਤਾਕਤ ਨੂੰ ਇੱਕ ਮੰਚ 'ਤੇ ਇਕੱਠਾ ਕਰਨਾ ਹੋਵੇਗਾ।

ਬੀਬੀ ਜਗੀਰ ਕੌਰ ਸਮੇਤ ਹੋਰ ਆਗੂਆਂ ਦੀ ਏਕਤਾ ਦੀ ਭਾਵਨਾ ਦਾ ਕੀਤਾ ਸਮਰਥਨ

ਹਰਿੰਦਰਪਾਲ ਸਿੰਘ ਨੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਅਕਾਲੀ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰੇ ਆਗੂਆਂ ਦੀ ਸੋਚ ਅਤੇ ਕੰਮ ਕਰਨ ਦਾ ਤਰੀਕਾ ਵੱਖਰਾ ਹੋ ਸਕਦਾ ਹੈ, ਪਰ ਪੰਥਕ ਤਾਕਤ ਨੂੰ ਇੱਕ ਮੰਚ 'ਤੇ ਲਿਆਉਣ ਦੀ ਭਾਵਨਾ ਸਾਰਿਆਂ ਵਿੱਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਏਕਤਾ ਦੀ ਇਸ ਭਾਵਨਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਮਿਲ ਕੇ ਅਕਾਲੀ ਦਲ ਦੀ ਖੇਰੂੰ-ਖੇਰੂੰ ਹੋਈ ਤਾਕਤ ਨੂੰ ਇਕਜੁੱਟ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਉਨ੍ਹਾਂ ਦਾ ਅਗਲਾ ਸਿਆਸੀ ਕਦਮ ਵਰਕਰਾਂ ਦੀ ਰਾਏ ਤੋਂ ਬਾਅਦ ਹੀ ਤੈਅ ਹੋਵੇਗਾ ਅਤੇ ਉਨ੍ਹਾਂ ਦੀ ਪਹਿਲ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਰਹੇਗੀ।


author

Anmol Tagra

Content Editor

Related News