ਨਹਿਰ ਨੇੜਿਓਂ ਖੇਤ ''ਚੋਂ ਨੌਜਵਾਨ ਦੀ ਲਾਸ਼ ਬਰਾਮਦ, ਬੇਰਹਿਮੀ ਨਾਲ ਕੀਤਾ ਗਿਆ ਕਤਲ

Saturday, Sep 12, 2026 - 11:14 AM (IST)

ਨਹਿਰ ਨੇੜਿਓਂ ਖੇਤ ''ਚੋਂ ਨੌਜਵਾਨ ਦੀ ਲਾਸ਼ ਬਰਾਮਦ, ਬੇਰਹਿਮੀ ਨਾਲ ਕੀਤਾ ਗਿਆ ਕਤਲ

ਲੁਧਿਆਣਾ (ਵੈੱਬ ਡੈਸਕ, ਰਾਜ) : ਇੱਥੇ ਖਾਨਪੁਰ ਇਲਾਕੇ 'ਚ 10 ਸਤੰਬਰ ਦੀ ਦੁਪਹਿਰ ਨੂੰ ਘਰੋਂ ਭੇਦਭਰੇ ਹਾਲਾਤ 'ਚ ਲਾਪਤਾ ਹੋਏ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰੁਲਦੂ ਸਿੰਘ ਵਜੋਂ ਹੋਈ ਹੈ, ਜਿਸ ਦੀ ਖੂਨ ਨਾਲ ਲੱਥਪੱਥ ਲਾਸ਼ 11 ਸਤੰਬਰ ਨੂੰ ਖਾਨਪੁਰ ਨਹਿਰ ਦੀ ਪਟੜੀ ਨਾਲ ਲੱਗਦੇ ਇੱਕ ਸੁੰਨਸਾਨ ਖਾਲੀ ਖੇਤ ਵਿੱਚੋਂ ਬਰਾਮਦ ਕੀਤੀ ਗਈ। ਮ੍ਰਿਤਕ ਦੇ ਭਰਾ ਕਾਕਾ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਰੁਲਦੂ ਸਿੰਘ 10 ਸਤੰਬਰ ਨੂੰ ਦੁਪਹਿਰ 12 ਤੋਂ 1 ਵਜੇ ਦੇ ਕਰੀਬ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ ਪਰ ਦੇਰ ਸ਼ਾਮ ਤੱਕ ਵਾਪਸ ਨਹੀਂ ਪਰਤਿਆ।

ਪਰਿਵਾਰ ਵੱਲੋਂ ਕਾਫ਼ੀ ਭਾਲ ਕਰਨ ਅਤੇ ਪੁੱਛਗਿੱਛ ਕਰਨ ਦੇ ਬਾਵਜੂਦ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਸੀ। ਅਗਲੇ ਦਿਨ ਪਰਿਵਾਰ ਨੂੰ ਨਹਿਰ ਦੀ ਪਟੜੀ ਨੇੜੇ ਖਾਲੀ ਖੇਤ ਵਿੱਚ ਲਾਸ਼ ਪਈ ਹੋਣ ਦੀ ਸੂਚਨਾ ਮਿਲੀ, ਜਿੱਥੇ ਪਹੁੰਚ ਕੇ ਉਨ੍ਹਾਂ ਨੇ ਲਾਸ਼ ਦੀ ਸ਼ਨਾਖਤ ਕੀਤੀ। ਮੁੱਢਲੀ ਜਾਂਚ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਯੋਜਨਾਬੱਧ ਤਰੀਕੇ ਨਾਲ ਰੁਲਦੂ ਸਿੰਘ ਨੂੰ ਘੇਰ ਕੇ ਪਹਿਲਾਂ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਫਿਰ ਉਸ ਦੇ ਸਿਰ 'ਤੇ ਤੇਜ਼ਧਾਰ ਤੇ ਭਾਰੀ ਹਥਿਆਰਾਂ ਨਾਲ ਤਾਬੜਤੋੜ ਵਾਰ ਕਰ ਦਿੱਤੇ।

ਸਿਰ ਦੀਆਂ ਹੱਡੀਆਂ ਟੁੱਟਣ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਫੋਰੈਂਸਿਕ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਕਾਕਾ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਪੁਲਸ ਨੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮ੍ਰਿਤਕ ਦੇ ਮੋਬਾਇਲ ਦੀ ਕਾਲ ਡਿਟੇਲ, ਆਖਰੀ ਲੋਕੇਸ਼ਨ ਅਤੇ ਰਸਤਿਆਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਰਾਣੀ ਰੰਜਿਸ਼ ਅਤੇ ਲੈਣ-ਦੇਣ ਦੇ ਐਂਗਲ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ


author

Babita

Content Editor

Related News