''ਆਪ'' ਦੇ ਰਾਜ ਵਿਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ : ਢਿੱਲੋਂ

Friday, Jul 10, 2026 - 05:34 PM (IST)

''ਆਪ'' ਦੇ ਰਾਜ ਵਿਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ : ਢਿੱਲੋਂ

ਚੰਡੀਗੜ੍ਹ/ਮੋਗਾ : ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੋਗਾ ਦੇ ਪੁਲਸ ਥਾਣੇ 'ਤੇ ਹੋਏ ਤਾਜ਼ਾ ਬੰਬ ਹਮਲੇ ਨੂੰ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਦਾ ਜ਼ਿੰਦਾ ਸਬੂਤ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿਚ ਪੁਲਸ ਅਤੇ ਪੁਲਸ ਥਾਣੇ ਹੀ ਸੁਰੱਖਿਅਤ ਨਹੀਂ ਰਹੇ ਤਾਂ ਆਮ ਜਨਤਾ ਦੀ ਸੁਰੱਖਿਆ ਰੱਬ ਆਸਰੇ ਹੈ। ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਸੂਬੇ ਵਿਚ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਮੋਗਾ ਦਾ ਇਹ ਹਮਲਾ ਕੋਈ ਇਕੱਲੀ ਘਟਨਾ ਨਹੀਂ, ਸਗੋਂ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਬੰਬ ਧਮਾਕਿਆਂ, ਗ੍ਰਨੇਡ ਹਮਲਿਆਂ ਅਤੇ ਗੈਂਗਸਟਰ ਵਾਰਦਾਤਾਂ ਦੀ ਲੜੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਸਥਿਤ ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲਾ, ਸਰਹਾਲੀ ਪੁਲਸ ਥਾਣੇ 'ਤੇ ਆਰਪੀਜੀ ਹਮਲਾ, ਅੰਮ੍ਰਿਤਸਰ ਦੀ ਗੁਮਟਾਲਾ ਪੁਲਸ ਚੌਂਕੀ ਅਤੇ ਖੰਡਵਾਲਾ ਸਥਿਤ ਇਤਿਹਾਸਕ ਠਾਕੁਰ ਦੁਆਰਾ ਸਨਾਤਨ ਧਰਮ ਮੰਦਰ 'ਤੇ ਗ੍ਰਨੇਡ ਹਮਲੇ ਵਰਗੀਆਂ ਘਟਨਾਵਾਂ ਸੂਬੇ ਦੀ ਅਮਨ-ਸ਼ਾਂਤੀ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਰਹੀਆਂ ਹਨ। ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਪੰਜਾਬ ਅੱਜ ਦੇਸ਼ ਦੇ ਸਭ ਤੋਂ ਅਸੁਰੱਖਿਅਤ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ, ਜਿੱਥੇ ਗੈਂਗਸਟਰ ਜੇਲ੍ਹਾਂ ਦੇ ਅੰਦਰੋਂ ਆਪਣੇ ਨੈੱਟਵਰਕ ਚਲਾ ਰਹੇ ਹਨ ਅਤੇ ਅਪਰਾਧੀਆਂ ਵਿਚ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਅਪਰਾਧ ਘਟਣ ਦੀ ਬਜਾਏ ਲਗਾਤਾਰ ਵੱਧ ਰਹੇ ਹਨ। ਫਿਰੌਤੀਆਂ ਦੀਆਂ ਧਮਕੀਆਂ ਆਮ ਹੋ ਚੁੱਕੀਆਂ ਹਨ ਅਤੇ ਪੈਸੇ ਨਾ ਦੇਣ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਅਜਿਹੇ ਹਾਲਾਤਾਂ ਵਿੱਚ ਪੰਜਾਬ ਦਾ ਆਮ ਨਾਗਰਿਕ ਦਿਨ ਵੇਲੇ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ।

ਢਿੱਲੋਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਗੰਭੀਰ ਸੁਰੱਖਿਆ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਜਨਤਕ ਸਮਾਗਮਾਂ ਵਿਚ ਚੁਟਕਲੇ ਸੁਣਾਉਣ ਅਤੇ ਸਿਆਸੀ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀ ਲੀਡਰਸ਼ਿਪ ਪੰਜਾਬ ਦੇ ਸਰੋਤਾਂ ਦਾ ਸ਼ੋਸ਼ਣ ਕਰ ਰਹੀ ਹੈ ਅਤੇ ਸੂਬੇ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਜਾ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਸਰਕਾਰ ਨੂੰ ਕਾਨੂੰਨ-ਵਿਵਸਥਾ ਦੀ ਨਾਕਾਮੀ, ਲੁੱਟ-ਖੋਹ, ਕਤਲਾਂ ਅਤੇ ਬੰਬ ਧਮਾਕਿਆਂ ਦਾ ਪੂਰਾ ਹਿਸਾਬ ਦੇਣ ਲਈ ਮਜਬੂਰ ਕਰਨਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਹੁਣ ਭਾਰਤੀ ਜਨਤਾ ਪਾਰਟੀ ਨਾਲ ਜੁੜੀਆਂ ਹਨ ਅਤੇ ਭਾਜਪਾ ਹੀ ਸੂਬੇ ਵਿੱਚ ਸੁਰੱਖਿਅਤ, ਸ਼ਾਂਤਮਈ ਅਤੇ ਕਾਨੂੰਨ ਦੇ ਰਾਜ ਵਾਲਾ ਮਾਹੌਲ ਸਥਾਪਿਤ ਕਰ ਸਕਦੀ ਹੈ।


author

Gurminder Singh

Content Editor

Related News