ਇਤਿਹਾਸ ’ਚ ਪਹਿਲੀ ਵਾਰ : ਸੈਸ਼ਨ ਸ਼ੁਰੂ ਹੁੰਦੇ ਹੀ ਸਕੂਲਾਂ ’ਚ ਪਹੁੰਚੀਆਂ ਕਿਤਾਬਾਂ
Thursday, Apr 06, 2023 - 04:05 PM (IST)
ਅੰਮ੍ਰਿਤਸਰ (ਦਲਜੀਤ) : ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੁੰਦੇ ਹੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਕਿਤਾਬਾਂ ਬਲਾਕ ਪੱਧਰ ਤੋਂ ਸਕੂਲਾਂ ਵਿਚ ਪਹੁੰਚਾ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਅੰਮ੍ਰਿਤਸਰ ’ਚ 15 ਬਲਾਕ ਪੱਧਰ ਤੱਕ 8,80,247 ਕਿਤਾਬਾਂ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ’ਚੋਂ 7,63,050 ਕਿਤਾਬਾਂ ਸਕੂਲਾਂ ’ਚ ਵੀ ਪਹੁੰਚ ਚੁੱਕੀਆਂ ਹਨ, ਜਦੋਂ ਵਿਦਿਆਰਥੀਆਂ ਨੂੰ 8 ਤਰ੍ਹਾਂ ਦੀਆਂ ਕਿਤਾਬਾਂ ਸਮੇਂ ਸਿਰ ਮਿਲਣਗੀਆਂ ਤਾਂ ਉਹ ਵਧੀਆ ਤਰੀਕੇ ਨਾਲ ਪੜ੍ਹਾਈ ਕਰ ਸਕਣਗੇ। ਸਰਕਾਰ ਦੇ ਇਸ ਕੰਮ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਜਾਣਕਾਰੀ ਅਨੁਸਾਰ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਦਾ ਦਾਅਵਾ ਕੀਤਾ ਸੀ। ਇਸੇ ਉਦੇਸ਼ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਦੇ ਹੱਥਾਂ ਵਿਚ ਕਿਤਾਬਾਂ ਪਹੁੰਚ ਗਈਆਂ ਹਨ। ਇਕ ਦਿਨ ਵਿਚ ਰਿਕਾਰਡ ਦਾਖ਼ਲੇ ਕਰਨ ਵਾਲੇ ਸਰਕਾਰੀ ਸਕੂਲਾਂ ’ਚ ਹੁਣ ਅਪ੍ਰੈਲ ’ਚ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਪਣੇ ਹੱਥਾਂ ਵਿੱਚ ਨਵੇਂ ਅਕਾਦਮਿਕ ਸੈਸ਼ਨ ਦੀਆਂ ਕਿਤਾਬਾਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਵੱਡੇ ਨੇਤਾਵਾਂ ਦਾ ਭਵਿੱਖ ਤੈਅ ਕਰੇਗੀ ‘ਜਲੰਧਰ’ ਸੀਟ! ਹੋਵੇਗਾ ਚਹੁੰਤਰਫਾ ਮੁਕਾਬਲਾ
ਜੀ ਹਾਂ, ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਨੇ 15 ਬਲਾਕਾਂ ਵਿਚ 8,80,247 ਕਿਤਾਬਾਂ ਪ੍ਰਿੰਟਿੰਗ ਪ੍ਰੈੱਸ ਤੋਂ ਮਿਲਣ ਤੋਂ ਤੁਰੰਤ ਬਾਅਦ ਪਹੁੰਚਾ ਦਿੱਤੀਆਂ ਹਨ। ਕਿਤਾਬਾਂ ਪਹੁੰਚਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਜਿੱਥੋਂ ਇਹ ਕਿਤਾਬਾਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੰਡੀਆਂ ਜਾ ਰਹੀਆਂ ਹਨ। ਉਮੀਦ ਹੈ ਕਿ ਕਿਤਾਬਾਂ 7 ਅਪ੍ਰੈਲ ਤੋਂ ਪਹਿਲਾਂ ਸਾਰੇ ਬਲਾਕਾਂ ਵਿਚ ਪਹੁੰਚ ਜਾਣਗੀਆਂ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ’ਤੇ ਇਕ ਦਿਨ ’ਚ 1 ਲੱਖ ਦਾਖਲਿਆਂ ਦਾ ਟੀਚਾ ਹਾਸਲ ਕਰਨ ਵਾਲੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਰਿਕਾਰਡ ਸਮੇਂ ’ਚ ਸਕੂਲਾਂ ’ਚ ਕਿਤਾਬਾਂ ਪਹੁੰਚਾਉਣ ਦਾ ਟੀਚਾ ਮਿਥਿਆ ਹੈ। ਇਸ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀ ਵੀ ਸਖ਼ਤ ਮਿਹਨਤ ਕਰ ਰਹੇ ਹਨ। ਜਿਵੇਂ ਹੀ ਇਹ ਕਿਤਾਬਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰਿੰਟਿੰਗ ਪ੍ਰੈੱਸ ਤੋਂ ਪ੍ਰਾਪਤ ਹੁੰਦੀਆਂ ਹਨ ਤਾਂ ਬੋਰਡ ਦਫ਼ਤਰ ਉਨ੍ਹਾਂ ਨੂੰ ਪ੍ਰਾਪਤ ਕਰ ਲੈਂਦਾ ਹੈ। ਉਹ ਕਿਤਾਬਾਂ ਸਬੰਧਤ ਬਲਾਕਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਹੁਣ ਤੱਕ 15 ਬਲਾਕਾਂ ਨੂੰ ਕਿਤਾਬਾਂ ਵੰਡੀਆਂ ਜਾ ਚੁੱਕੀਆਂ ਹਨ। ਬਾਕੀ ਬਚੇ ਬਲਾਕਾਂ ਨੂੰ ਵੀ ਕਿਤਾਬਾਂ ਜਲਦੀ ਹੀ ਸੌਂਪ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਸਕੂਲ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
ਪੰਜਾਬ ਸਰਕਾਰ ਵੱਲੋਂ ਸ਼ਲਾਘਾਯੋਗ ਕੰਮ ਕਰਦੇ ਹੋਏ ਸਕੂਲਾਂ ਵਿਚ ਕਿਤਾਬਾਂ ਪਹੁੰਚਾਈਆਂ ਗਈਆਂ ਹਨ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਵਿਦਿਆਰਥੀ ਸਮੇਂ ਸਿਰ ਆਪਣੀ ਪੜ੍ਹਾਈ ਸ਼ੁਰੂ ਕਰ ਸਕਣਗੇ ਜੋ ਸਕੂਲ ਰਹਿ ਗਏ ਹਨ, ਉਨ੍ਹਾਂ ਨੂੰ ਵੀ ਜਲਦੀ ਹੀ ਕਿਤਾਬਾਂ ਪਹੁੰਚ ਦਿੱਤੀਆਂ ਜਾਣਗੀਆਂ, ਉਹ ਖੁਦ ਕਿਤਾਬਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਨਦੇਹੀ ਨਾਲ ਇਸ ਕੰਮ ਵਿਚ ਲੱਗੇ ਹੋਏ ਹਨ। ਵਿਦਿਆਰਥੀਆਂ ਦੇ ਹੱਥਾਂ ਵਿੱਚ ਕਿਤਾਬਾਂ ਹਨ ਅਤੇ ਉਹ ਹੋਰ ਵੀ ਲਗਨ ਅਤੇ ਮਿਹਨਤ ਨਾਲ ਪੜ੍ਹ ਰਹੇ ਹਨ ਅਤੇ ਸਰਕਾਰ ਦੇ ਇਸ ਫੈਸਲੇ ਦੀ ਹਰ ਪਾਸਿਓਂ ਸ਼ਲਾਘਾ ਹੋ ਰਹੀ ਹੈ।
–ਮੈਡਮ ਰੇਖਾ ਮਹਾਜਨ, ਉਪ ਜ਼ਿਲਾ ਸਿੱਖਿਆ ਅਫ਼ਸਰ ਕਮ ਨੋਡਲ ਅਫ਼ਸਰ।
ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਸੈਸ਼ਨ ਦੀਆਂ ਕਿਤਾਬਾਂ ਅਨੁਸਾਰ ਪੜ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਕਿਤਾਬਾਂ ਸਮੇਂ ਸਿਰ ਪਹੁੰਚ ਗਈਆਂ ਹਨ ਅਤੇ ਹੁਣ ਵਿਦਿਆਰਥੀ ਸਮੇਂ ਸਿਰ ਆਪਣਾ ਸਿਲੇਬਸ ਪੂਰਾ ਕਰ ਸਕਣਗੇ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਤਾਬਾਂ ਸਮੇਂ ਸਿਰ ਪਹੁੰਚਣ ਕਾਰਨ ਵਿਦਿਆਰਥੀ ਅਤੇ ਮਾਪੇ ਬਹੁਤ ਖੁਸ਼ ਹਨ। ਪੰਜਾਬ ਸਰਕਾਰ ਸਰਕਾਰੀ ਸਕੀਮਾਂ ਨੂੰ ਪੂਰੀ ਸੰਜੀਦਗੀ ਨਾਲ ਚਲਾ ਰਹੀ ਹੈ ਅਤੇ ਇਨ੍ਹਾਂ ਦਾ ਲਾਭ ਹੇਠਲੇ ਪੱਧਰ ਤੱਕ ਵੀ ਪਹੁੰਚ ਰਿਹਾ ਹੈ।
–ਰਾਜੇਸ਼ ਸ਼ਰਮਾ, ਜ਼ਿਲਾ ਸਿੱਖਿਆ ਅਫ਼ਸਰ।
ਇਹ ਵੀ ਪੜ੍ਹੋ : ਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ ਬੱਚਿਆਂ ਦੇ ਦਾਖ਼ਲਿਆਂ ਸਬੰਧੀ ਜਾਗਰੂਕ ਕਰਨ ਦੇ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ