ਕੇਂਦਰ ਦੇ ਕਿਸਾਨਾਂ ਪ੍ਰਤੀ ਵਤੀਰੇ ਕਾਰਣ ਬੋਰਿਸ ਨੇ ਭਾਰਤ ਦੌਰਾ ਕੀਤਾ ਰੱਦ : ਬਾਦਲ

01/05/2021 8:11:03 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨਾਲ ਸਹੀ ਤਰੀਕੇ ਨਾ ਨਜਿੱਠਣ ਕਾਰਨ ਹੀ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦਾ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਬਰਤਾਨਵੀ ਪ੍ਰਧਾਨ ਮੰਤਰੀ ਨੇ ਕੋਰੋਨਾ ਮਹਾਮਾਰੀ ਨੂੰ ਦੌਰਾ ਰੱਦ ਕਰਨ ਦਾ ਕਾਰਨ ਦੱਸਿਆ ਹੈ ਪਰ ਇਹ ਸਪਸ਼ਟ ਹੈ ਕਿ ਉਹ ਵਿਦੇਸ਼ਾਂ ਵਿਚ ਵਸਦੇ ਸੰਸਦ ਮੈਂਬਰਾਂ ਸਮੇਤ ਪੰਜਾਬੀਆਂ ਵੱਲੋਂ ਬਣਾਏ ਜਾ ਰਹੇ ਦਬਾਅ ਦੇ ਅੱਗੇ ਝੁੱਕ ਗਏ ਹਨ ਤੇ ਇਸਨੇ ਸਪਸ਼ਟ ਸੰਕੇਤ ਦਿੱਤਾ ਹੈ ਕਿ ਬਰਤਾਨੀਆ ਲੋਕਤੰਤਰੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕੀਤੇ ਜਾ ਰਹੇ ਸੰਘਰਸ਼ ਨਾਲ ਧੱਕੇਸ਼ਾਹੀ ਦੇ ਬਿਲਕੁਲ ਖਿਲਾਫ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਬਰਤਾਨਵੀ ਪ੍ਰਧਾਨ ਮੰਤਰੀ ਦਾ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਭਾਰਤ ਦੇ ਕਿਸਾਨਾਂ ਦੀ ਆਵਾਜ਼ ਸੁਣੀ ਹੈ ਅਤੇ ਉਹਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਤੋਂ ਜਵਾਬ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਬੌਰਿਸ ਜੌਨਸਨ ਨੇ ਵਿਸ਼ਵ ਭਾਈਚਾਰੇ ਨੂੰ ਇਹ ਸੰਦੇਸ਼ ਦਿੰਤਾ ਹੈ ਕਿ ਕਿਵੇਂ ਭਾਰਤ ਵਿਚ ਕਿਸਾਨਾਂ ਨਾਲ ਬਦਸਲੂਕੀ ਹੋ ਰਹੀ ਹੈ ਅਤੇ ਉਹ ਇਹ ਸਪਸ਼ਟ ਸੰਦੇਸ਼ ਦੇਣਾ ਚਾਹੁੰਦਾ ਹੈ ਕਿ ਹਰ ਕਿਸੇ ਦਾ ਮੌਲਿਕ ਅਧਿਕਾਰ ਹੈ ਕਿ ਉਹ ਸ਼ਾਂਤੀਪੂਰਨ ਤਰੀਕੇ ਨਾਲ ਨਿਆਂ ਹਾਸਲ ਕਰਨ ਵਾਸਤੇ ਰੋਸ ਪ੍ਰਗਟ ਕਰ ਸਕਦਾ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੁੰ ਆਸ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਸ ਨਾਖੁਸ਼ੀ ਬਨਾਮ ਕਿਸਾਨ ਸੰਘਰਸ਼ ਨੂੰ ਉਸ  ਸੰਜੀਦਗੀ ਨਾਲ ਨਜਿੱਠਣ ਜਿਸਦੀ ਤਵੱਕੋ ਕੀਤੀ ਜਾ ਰਹੀ ਸੀ, ਤੋਂ ਇਹ ਪ੍ਰਭਾਵ ਲੈਣਗੇ ਕਿ ਇਹ ਸਪਸ਼ਟ ਹੈ ਕਿ ਬੌਰਿਸ ਜੌਹਨਸਨ ਇਸ ਕਰ ਕੇ ਭਾਰਤ ਦੌਰੇ ’ਤੇ ਨਹੀਂ ਆਏ ਕਿਉਂਕਿ ਕੜਾਕੇ ਦੀ ਸਰਦੀ ਵਿਚ ਕਿਸਾਨਾਂ ਨੇ ਦਿੱਲੀ ਦੇ ਬਾਰਡਰ ਘੇਰੇ ਹੋੲੈ ਹਨ ਅਤੇ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹਨਾਂ ਨੇ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਤੁਰੰਤ ਕਦਮ ਚੁੱਕ ਕੇ ਇਹ ਹਾਲਾਤਾਂ ਕਾਬੂ ਵਿਚ ਲਿਆਉਣੇ ਚਾਹੀਦੇ ਹਨ ਤਾਂ ਜੋ ਹਾਲਾਤ ਬੇਕਾਬੂ ਨਾ ਹੋ ਜਾਣ ਅਤੇ ਕਿਸਾਨਾਂ ਦੇ ਹਾਲਾਤ ਬਦ ਤੋਂ ਬਦਤਰ ਨਾ ਹੋ ਜਾਣ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ।  
 


Bharat Thapa

Content Editor

Related News