ਸਹੁਰਿਆਂ ਵੱਲੋਂ ਕੀਤੀ ਗਈ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
Saturday, Jun 24, 2023 - 06:51 PM (IST)
 
            
            ਹੁਸ਼ਿਆਰਪੁਰ (ਅਮਰੀਕ)- ਸਹੁਰਿਆਂ ਦੇ ਤਸ਼ਦੱਦ ਤੋਂ ਪਰੇਸ਼ਾਨ ਅਤੇ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਹੁਸ਼ਿਆਰਪੁਰਦੇ ਮੁਹੱਲਾ ਸ਼ਾਲੀਮਾਰ ਨਗਰ ਦਾ ਹੈ। ਇਥੇ ਦੇ ਰਹਿਣ ਵਾਲੇ ਅਮਨਪ੍ਰੀਤ ਸਿੰਘ (26) ਦੇ ਵਿਆਹ ਨੂੰ ਕਰੀਬ 4 ਸਾਲ ਹੋ ਚੁੱਕੇ ਹਨ ਅਤੇ ਇਕ 3 ਸਾਲ ਦਾ ਪੁੱਤਰ ਵੀ ਹੈ।

ਮਿਲੀ ਜਾਣਕਾਰੀ ਮੁਤਾਬਕ ਘਰ ਵਿਚ ਅਮਨਪ੍ਰੀਤ ਦੀ ਪਤਨੀ ਨੇ ਆਪਣੇ ਸਹੁਰਾ ਪਰਿਵਾਰ ਨਾਲ ਲੜਾਈ ਕਰਨ ਤੋਂ ਪਰੇਸ਼ਾਨ ਹੋ ਕੇ ਅਮਨਪ੍ਰੀਤ ਆਪਣੀ ਪਤਨੀ ਨਾਲ ਕਿਰਾਏ ਦੇ ਮਕਾਨ ਵਿਚ ਰਹਿਣ ਸ਼ੁਰੂ ਕਰ ਦਿੱਤਾ ਸੀ। ਪਿਛਲੇ ਕੁਝ ਦਿਨਾਂ ਤੋਂ ਅਮਨਪ੍ਰੀਤ ਦੀ ਪਤਨੀ ਲੜਾਈ ਕਰਕੇ ਆਪਣੇ ਪੇਕੇ ਘਰ ਚਲੀ ਗਈ। ਜਿਸ ਤੋਂ ਬਾਅਦ ਅਮਨਪ੍ਰੀਤ ਦੇ ਸਹੁਰਾ ਪਰਿਵਾਰ ਨੇ ਆਪਣੇ ਕੁਝ ਰਿਸ਼ਤੇਦਾਰ ਨਾਲ ਮਿਲ ਕੇ ਅਮਨਪ੍ਰੀਤ ਦੀ ਕੁੱਟਮਾਰ ਕੀਤੀ। ਇਸ ਦੀ ਵੀਡੀਓ ਵੀ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: 76 ਸਾਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਪਾਕਿ ਤੋਂ 90 ਸਾਲਾ ਅਫ਼ਜਲ ਬੀਬੀ ਪੁੱਜੀ ਰੂਪਨਗਰ, ਯਾਦਾਂ ਹੋਈਆਂ ਤਾਜ਼ਾ
ਅਮਨਪ੍ਰੀਤ ਦੀ ਮਾਤਾ ਨੇ ਗੱਲ ਕਰਦੇ ਹੋਈ ਦੱਸਿਆ ਜਦੋਂ ਦਾ ਅਮਨਪ੍ਰੀਤ ਦਾ ਵਿਆਹ ਹੋਇਆ ਸੀ ਉਦੋਂ ਤੋਂ ਹੀ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਤੰਗ ਪਰੇਸ਼ਾਨ ਕਰਦੇ ਰਹਿੰਦੇ ਸਨ, ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ। ਉਸ ਦਾ ਕਹਿਣਾ ਹੈ ਕਿ ਉਸ ਦੇ ਸਹੁਰਾ ਪਰਿਵਾਰ 'ਤੇ ਐੱਫ਼. ਆਈ. ਆਰ. ਦਰਜ ਹੋਣੀ ਜ਼ਰੂਰੀ ਹੈ ਤਾਂ ਹੀ ਉਸ ਦੀ ਦੁਖ਼ੀ ਆਤਮਾ ਨੂੰ ਸ਼ਾਂਤੀ ਮਿਲੇਗੀ। ਉਥੇ ਹੀ ਨੌਜਵਾਨ ਦੇ ਪਰਿਵਾਰ ਵੱਲੋਂ ਕੁੜੀ ਦੇ ਪਰਿਵਾਰ 'ਤੇ ਕਤਲ ਦੇ ਦੋਸ਼ ਲਗਾਏ ਹਨ। ਅਮਨਪ੍ਰੀਤ ਸਿੰਘ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤ ਪਹਿਲਾਂ ਵੀ ਉਨ੍ਹਾਂ ਨੂੰ ਇਹ ਕਹਿ ਚੁੱਕਾ ਸੀ ਕਿ ਉਸ ਦੀ ਜਾਨ ਨੂੰ ਸਹੁਰੇ ਪਰਿਵਾਰ ਤੋਂ ਖ਼ਤਰਾ ਹੈ।

ਇਸ ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਸਿਟੀ ਪਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਿਸੇ ਨੌਜਵਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਮੌਕੇ 'ਤੇ ਪਹੁੰਚ ਘਟਨਾ ਦਾ ਜਾਇਜ਼ਾ ਲਿਆ ਅਤੇ ਨੌਜਵਾਨ ਦੀ ਲਾਸ਼ ਪੋਸਟਮਾਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨਾਂ ਤੋਂ ਬਾਅਦ ਦੋਸ਼ੀਆਂ ਦੇ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਨਾਬਾਲਗ ਨਾਲ ਬਦਫੈਲੀ ਕਰਨ ਦੇ ਮਾਮਲੇ 'ਚ ਹੈਰਾਨੀਜਨਕ ਗੱਲ ਆਈ ਸਾਹਮਣੇ, ਜੈਂਡਰ ਬਦਲਣ ਦੀ ਸੀ ਪਲਾਨਿੰਗ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            