ਅਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਬ੍ਰਹਮ ਮਹਿੰਦਰਾ ਵਲੋਂ ਸਾਂਝੀ ਕਾਰਵਾਈ ਦੇ ਨਿਰਦੇਸ਼

09/28/2019 10:39:43 AM

ਚੰਡੀਗੜ੍ਹ (ਰਮਨਜੀਤ) : ਸੂਬੇ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਕਾਰਨ ਰੋਜ਼ਾਨਾ ਕੀਮਤੀ ਜਾਨਾਂ ਦੇ ਹੋ ਰਹੇ ਨੁਕਸਾਨ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ (ਯੂ. ਐੱਲ. ਬੀਜ਼) ਅਤੇ ਜ਼ਿਲਾ ਪ੍ਰਸ਼ਾਸਕਾਂ ਨੂੰ ਆਵਾਰਾ ਪਸ਼ੂਆਂ ਕਾਰਣ ਜਾਨ ਅਤੇ ਮਾਲ ਨੂੰ ਦਰਪੇਸ਼ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਮਹਿੰਦਰਾ ਨੇ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਮਿਊਂਸੀਪਲ ਕਮੇਟੀਆਂ ਦੇ ਕਮਿਸ਼ਨਰਾਂ ਅਤੇ ਕਾਰਜਕਾਰੀ ਅਫ਼ਸਰਾਂ (ਈ. ਓਜ਼) ਨਾਲ ਐਮਰਜੈਂਸੀ ਮੀਟਿੰਗ ਕਰ ਕੇ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ ਹੈ।
ਇਸੇ ਤਰ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਆਪਣੇ ਜ਼ਿਲੇ 'ਚ ਪੈਂਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੀ 15 ਦਿਨਾਂ ਦੇ ਅੰਦਰ ਖੁਦ ਜਾਂਚ ਕਰ ਕੇ ਪਸ਼ੂਆਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧ 'ਚ ਡਿਪਟੀ ਕਮਿਸ਼ਨਰਾਂ ਨੂੰ 2 ਹਫ਼ਤਿਆਂ ਅੰਦਰ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿਸਤ੍ਰਿਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਿਹਾ ਕਿ ਉਹ ਅਵਾਰਾ ਪਸ਼ੂਆਂ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਕਮੇਟੀਆਂ ਦੇ ਮਿਊਂਸੀਪਲ ਕਮਿਸ਼ਨਰਾਂ ਅਤੇ ਕਾਰਜਕਾਰੀ ਅਫ਼ਸਰਾਂ ਨੂੰ ਠੋਸ ਯਤਨ ਕਰਨ ਲਈ ਪ੍ਰੇਰਿਤ ਕਰਨ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਾਰਣ ਸੂਬੇ ਦੇ ਕਿਸੇ ਵੀ ਹਿੱਸੇ ਵਿਚ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਖੇਤਰ ਦਾ ਸਬੰਧਤ ਅਧਿਕਾਰੀ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਵੇਗਾ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ 3 ਹਫ਼ਤਿਆਂ ਅੰਦਰ ਵਿਸਥਾਰਤ ਰਿਪੋਰਟ ਮੰਗੀ ਹੈ।

Babita

This news is Content Editor Babita