ਫਤਿਹਗੜ੍ਹ ਸਾਹਿਬ ਵਿਖੇ ਮੰਤਰੀ ਬ੍ਰਹਮ ਮਹਿੰਦਰਾ ਨੇ ਲਹਿਰਾਇਆ ਕੌਮੀ ਤਿਰੰਗਾ
Wednesday, Jan 26, 2022 - 03:16 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : 73ਵੇਂ ਗਣਤੰਤਰ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸ਼ਾਨਦਾਰ ਮਾਰਚ ਪਾਸਟ ਦੌਰਾਨ ਮੰਤਰੀ ਵੱਲੋਂ ਪਰੇਡ ਵਿੱਚ ਪੰਜਾਬ ਪੁਲਸ, ਹੋਮ ਗਾਰਡ ਅਤੇ ਐਨ. ਸੀ. ਸੀ. ਕੈਡਿਟਾਂ ਦੀਆਂ ਟੁਕੜੀਆਂ ਤੋਂ ਸਲਾਮੀ ਲਈ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ ਗਏ। ਇਸ ਤੋਂ ਇਲਵਾ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।
ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਬ੍ਰਹਮ ਮਹਿੰਦਰਾ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ 80 ਫ਼ੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ। ਉਨ੍ਹਾਂ ਨੇ ਦੇਸ਼ ਦੇ ਗਣਤੰਤਰ ਦੇ 72 ਸਾਲ ਪੂਰੇ ਹੋਣ ’ਤੇ ਸੂਬਾ ਵਾਸੀਆਂ ਖ਼ਾਸ ਕਰ ਹਥਿਆਰਬੰਦ ਬਲਾਂ ਦੇ ਬਹਾਦਰ ਜਵਾਨਾਂ ਨੂੰ ਵੀ ਵਧਾਈ ਦਿੰਦਿਆਂ ਦਿੱਤੀ, ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।