ਬ੍ਰਹਮ ਮਹਿੰਦਰਾ ਨੇ ਧਮਾਕੇ 'ਚ ਮਾਰੇ ਵਿਅਕਤੀ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

04/30/2018 5:28:14 PM

ਪਟਿਆਲਾ (ਰਾਜੇਸ਼) - ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਹਮ ਮਹਿੰਦਰਾ ਨੇ ਬੀਤੇ ਦਿਨ ਤ੍ਰਿਪੜੀ 'ਚ ਇਕ ਕਬਾੜ ਦੀ ਦੁਕਾਨ 'ਚ ਹੋਏ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨਾਲ ਅੱਜ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਮ੍ਰਿਤਕ ਬਿਕਰਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੁੱਖ ਦੀ ਘੜੀ 'ਚ ਉਹ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਇਲਾਕੇ ਦਾ ਵਿਧਾਇਕ ਹੋਣ ਦੇ ਨਾਤੇ ਉਨ੍ਹਾਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੇ ਹਰ ਦੁੱਖ ਤਕਲੀਫ਼ ਦੇ ਸਮੇਂ ਉਨ੍ਹਾਂ ਦਾ ਸਾਥ ਦੇਣ। 
ਵਿਧਾਇਕ ਬ੍ਰਹਮ ਮਹਿੰਦਰਾ ਨੇ ਇਸ ਮੌਕੇ ਆਪਣੇ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 50 ਹਜ਼ਾਰ ਅਤੇ ਜ਼ਖਮੀ ਵਿਅਕਤੀ ਮਨੋਹਰ ਸਿੰਘ ਨੂੰ 20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ। ਉਨ੍ਹਾਂ ਨੇ ਇੰਦਰਾ ਕਲੋਨੀ ਵਿਖੇ ਵੱਖ-ਵੱਖ ਗਲੀਆਂ 'ਚ ਰਹਿ ਰਹੇ ਦੋਨੋਂ ਪਰਿਵਾਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਇਸ ਹਾਦਸੇ ਪ੍ਰਤੀ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਦੋਨੋਂ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਖਮੀ ਮਨੋਹਰ ਸਿੰਘ ਦਾ ਪੂਰੀ ਤਰ੍ਹਾਂ ਨਾਲ ਇਲਾਜ ਕਰਵਾਉਣ ਬਾਰੇ ਵੀ ਵਿਸ਼ਵਾਸ਼ ਦਿਵਾਇਆ। ਉਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕਬਾੜਖਾਨੇ 'ਚ ਹੋਏ ਇਸ ਧਮਾਕੇ ਦੀ ਪੂਰੀ ਤਰ੍ਹਾਂ ਪੜਤਾਲ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਪਟਿਆਲਾ 'ਚ ਹੋਏ ਇਸ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮ੍ਰਿਤਕ ਦੇ ਪਰਿਵਾਰ ਨੂੰ 1 ਲੱਖ ਰੁਪਏ ਅਤੇ ਜ਼ਖਮੀ ਵਿਅਕਤੀ ਨੂੰ 25 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕਰ ਚੁੱਕੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਸੰਜੀਵ ਬਿੱਟੂ ਸ਼ਰਮਾ, ਇਲਾਕੇ ਦੇ ਐੱਮ.ਸੀ. ਰਿਚੀ ਡਕਾਲਾ, ਹਰਿੰਦਰ ਸ਼ੁਕਲਾ, ਅਨਿੱਲ ਮੌਦਗਿੱਲ, ਸੇਵਕ ਝਿੱਲ, ਸੇਵਾ ਸਿੰਘ, ਅਮਨਦੀਪ ਅਤੇ ਕਾਂਗਰਸ ਦੇ ਆਗੂ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।


Related News