ਕਾਂਗਰਸ ਡੁੱਬਦਾ ਹੋਇਆ ਜਹਾਜ਼, ਭਾਜਪਾ ਪੰਜਾਬ ਦੀ ਹਿਤੈਸ਼ੀ ਨਹੀਂ : ਬ੍ਰਹਮ ਸ਼ੰਕਰ ਜਿੰਪਾ
Monday, May 08, 2023 - 10:50 AM (IST)

ਜਲੰਧਰ (ਧਵਨ)-ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਕਾਂਗਰਸ ਡੁੱਬਦਾ ਹੋਇਆ ਜਹਾਜ਼ ਹੈ ਅਤੇ ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ’ਚ ਕਾਂਗਰਸ ਖ਼ਤਮ ਹੁੰਦੀ ਹੋਈ ਦੇਵੇਗੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ’ਚ ਚੋਣ ਮੀਟਿੰਗਾਂ ’ਚ ਹਿੱਸਾ ਲੈਂਦਿਆਂ ਕਾਂਗਰਸ ’ਤੇ ਖੂਬ ਸਿਆਸੀ ਹਮਲੇ ਬੋਲੇ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਭਾਜਪਾ ਦਾ ਦੋਹਰਾ ਚਿਹਰਾ ਲੋਕਾਂ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੋਧੀ ਫ਼ੈਸਲੇ ਲੈ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗ ਰਹੀ ਹੈ। ਹੁਣ ਅਜਿਹੀ ਦੋਗਲੀ ਗੱਲਾਂ ਪੰਜਾਬ ’ਚ ਚੱਲਣ ਵਾਲੀ ਨਹੀਂ ਹੈ।
ਇਹ ਵੀ ਪੜ੍ਹੋ : ਰੋਡ ਸ਼ੋਅ ਨੇ ਸਾਬਿਤ ਕਰ ਦਿੱਤਾ ਕਿ ਭਾਜਪਾ ਚੋਣ ਜਿੱਤ ਰਹੀ ਹੈ: ਜੀਵਨ ਗੁਪਤਾ
ਉਨ੍ਹਾਂ ਕਿਹਾ ਕਿ ਪੰਜਾਬ ਬਹੁਤ ਪਛੜ ਗਿਆ ਹੈ, ਜਿਸ ਲਈ ਜ਼ਿੰਮੇਵਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਹਨ, ਜਿਨ੍ਹਾਂ ਦੀਆਂ ਸਰਕਾਰਾਂ ਸਮੇਂ-ਸਮੇਂ ’ਤੇ ਸੱਤਾ ’ਚ ਆਈਆਂ ਪਰ ਉਨ੍ਹਾਂ ਪੰਜਾਬ ਦੇ ਹੱਕ ’ਚ ਕੋਈ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਭ੍ਰਿਸ਼ਟਾਚਾਰ ’ਚ ਸ਼ਾਮਲ ਹਨ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਰਗਾ ਈਮਾਨਦਾਰ ਮੁੱਖ ਮੰਤਰੀ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਠੋਸ ਕਦਮ ਚੁੱਕੇ ਹਨ। ਸਰਕਾਰੀ ਦਫ਼ਤਰਾਂ ’ਚੋਂ ਭ੍ਰਿਸ਼ਟਾਚਾਰ ਖ਼ਤਮ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ’ਚ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਜਨਤਾ ਨੂੰ ਕਾਂਗਰਸ ਅਤੇ ਭਾਜਪਾ ਨੂੰ ਸਵਾਲ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਪੰਜਾਬ ਲਈ ਕੀ ਕੀਤਾ ਹੈ। ਇਨ੍ਹਾਂ ਪਾਰਟੀਆਂ ਦੀ ਪੰਜਾਬ ਪ੍ਰਤੀ ਕੋਈ ਵੀ ਉਪਲਬਧੀ ਨਹੀਂ ਹੈ।
ਬ੍ਰਹਮ ਸ਼ੰਕਰ ਜਿੰਪਾ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਭਾਜਪਾ ਦੋਵਾਂ ਨੂੰ ਨਾ ਸਿਰਫ਼ ਪੇਂਡੂ ਖੇਤਰਾਂ ’ਚ ਸਗੋਂ ਸ਼ਹਿਰੀ ਖੇਤਰਾਂ ’ਚ ਵੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਲੋਕਾਂ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ’ਚ ਪੂਰੀ ਤਰ੍ਹਾਂ ਸੁਰੱਖਿਅਤ ਹੈ। ਵਿਰੋਧੀ ਪਾਰਟੀਆਂ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਲੋਕਾਂ ਦੇ ਮਨਾਂ ’ਚ ਡਰ ਦੀ ਭਾਵਨਾ ਪੈਦਾ ਕਰ ਰਹੀਆਂ ਹਨ, ਜਦਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਮੁੱਖ ਮੰਤਰੀ ਵਾਰ-ਵਾਰ ਕਹਿ ਚੁੱਕੇ ਹਨ ਕਿ ਪੰਜਾਬ ’ਚ ਆਪਸੀ ਭਾਈਚਾਰੇ ਨੂੰ ਤੋੜਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਪੂਰਾ ਭਰੋਸਾ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸਿੱਖਾਂ ਨੂੰ ਕੇਂਦਰ ਸਰਕਾਰ ਨਾਲ ਤਕਰਾਰ ਨਹੀਂ, ਵਿਚਾਰ ਕਰਨ ਦੀ ਲੋੜ: ਬੀਬੀ ਜਗੀਰ ਕੌਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ