ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਸੁਲਝਾਉਣ ਲਈ ਦਿੱਲੀ ''ਚ ਮੰਥਨ, ਘੰਟਿਆਂ ਬੱਧੀ ਚੱਲੀ ਅਹਿਮ ਮੀਟਿੰਗ
Thursday, Jan 22, 2026 - 07:27 PM (IST)
ਨੈਸ਼ਨਲ ਡੈਸਕ : ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਦਿੱਲੀ ਹਾਈਕਮਾਨ ਦੇ ਦਰਬਾਰ ਤੱਕ ਪਹੁੰਚ ਗਿਆ ਹੈ। ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਪਾਰਟੀ ਦੇ ਅੰਦਰੂਨੀ ਮਤਭੇਦਾਂ ਨੂੰ ਸੁਲਝਾਉਣ ਲਈ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਇੱਕ ਉੱਚ ਪੱਧਰੀ ਰਣਨੀਤਕ ਮੀਟਿੰਗ ਹੋਈ।
ਇਸ ਅਹਿਮ ਮੀਟਿੰਗ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਪੰਜਾਬ ਕਾਂਗਰਸ ਵੱਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ, ਵਿਜੇ ਇੰਦਰ ਸਿੰਗਲਾ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਵੀ ਮੀਟਿੰਗ ਵਿੱਚ ਹਾਜ਼ਰ ਰਹੇ।
ਸੂਤਰਾਂ ਅਨੁਸਾਰ ਇਸ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਕਾਂਗਰਸ ਵਿੱਚ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਖਿੱਚੋਤਾਣ ਨੂੰ ਖ਼ਤਮ ਕਰਨਾ ਹੈ। ਖਾਸ ਤੌਰ 'ਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਜਾਤੀ ਮੁੱਦੇ 'ਤੇ ਚੱਲ ਰਿਹਾ ਵਿਵਾਦ ਹਾਈਕਮਾਨ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸੀ। ਕਾਂਗਰਸ ਹਾਈਕਮਾਨ ਚਾਹੁੰਦੀ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਰਨ ਤੋਂ ਪਹਿਲਾਂ ਸਾਰੇ ਆਗੂ ਆਪਣੀ ਨਿੱਜੀ ਬਿਆਨਬਾਜ਼ੀ ਬੰਦ ਕਰਕੇ ਇੱਕਜੁੱਟ ਹੋਣ। ਮੀਟਿੰਗ ਦੌਰਾਨ ਸਿਰਫ਼ ਅੰਦਰੂਨੀ ਕਲੇਸ਼ ਹੀ ਨਹੀਂ, ਸਗੋਂ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤ ਰਣਨੀਤੀ ਤਿਆਰ ਕਰਨ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਈਕਮਾਨ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪਾਰਟੀ ਅਨੁਸ਼ਾਸਨ ਨੂੰ ਭੰਗ ਕਰਨ ਵਾਲੇ ਆਗੂਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਚੋਣਾਂ ਦੀ ਤਿਆਰੀ ਇੱਕ ਸਾਂਝੇ ਏਜੰਡੇ ਤਹਿਤ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
